
ਕਿਹਾ, ਇਹ ਪੈਕੇਜ ਰਾਹਤ ਕਾਰਜਾਂ ਨੂੰ ਤੇਜ਼ ਅਤੇ ਮੁੜ ਵਸੇਬੇ ਦੀ ਪ੍ਰਕਿਰਿਆ ਨੂੰ ਮਜ਼ਬੂਤ ਕਰੇਗਾ
Punjab Relief Package : (ਜਗਦੀਪ ਸਿੰਘ) ਫਿਰੋਜ਼ਪੁਰ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੇਂਦਰੀ ਕਾਰਜਕਾਰਨੀ ਮੈਂਬਰ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ. ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਲਈ 1600 ਕਰੋੜ ਰੁਪਏ ਦੇ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਨਾ ਸਿਰਫ਼ ਪੰਜਾਬ ਨੂੰ ਰਾਹਤ ਫੰਡ ਮੁਹੱਈਆ ਕਰਵਾਏ ਹਨ, ਸਗੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਨਿੱਜੀ ਤੌਰ ’ਤੇ ਸੂਬੇ ਦਾ ਦੌਰਾ ਵੀ ਕੀਤਾ ਹੈ।
ਇਹ ਵੀ ਪੜ੍ਹੋ: Punjab Flood News: ਐਮਪੀ ਸੀਚੇਵਾਲ ਔਖੇ ਸਮੇਂ ’ਚ ਲੋਕਾਂ ਵਿਚਕਾਰ ਰਹਿ ਕੇ ਕਰ ਰਹੇ ਹਨ ਮੱਦਦ
ਉਨ੍ਹਾਂ ਨੇ ਸਥਿਤੀ ਨੂੰ ਨੇੜਿਓਂ ਦੇਖਿਆ ਅਤੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਦਰਦ ਨੂੰ ਸਮਝਿਆ ਅਤੇ ਤੁਰੰਤ ਰਾਹਤ ਫੰਡਾਂ ਦਾ ਐਲਾਨ ਕੀਤਾ। ਉਹਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਗਏ ਰਾਹਤ ਪੈਕੇਜ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਵੀ ਸ਼ਾਮਲ ਹੈ ਅਤੇ ਇਹ ਫੈਸਲਾ ਮੁਸ਼ਕਿਲ ਸਮੇਂ ਵਿੱਚ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ ਅਤੇ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਇਹ ਪੈਕੇਜ ਰਾਹਤ ਕਾਰਜਾਂ ਨੂੰ ਤੇਜ਼ ਕਰੇਗਾ ਅਤੇ ਮੁੜ ਵਸੇਬੇ ਦੀ ਪ੍ਰਕਿਰਿਆ ਨੂੰ ਮਜ਼ਬੂਤ ਕਰੇਗਾ।