ਕੱਚੇ ਮੁਲਾਜ਼ਮਾਂ ਨੇ ਰੋਹ ਭਰਪੂਰ ਇਕੱਤਰਤਾ ਕਰਕੇ ਕੀਤਾ ਰੋਸ਼ ਮਾਰਚ

ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਾਲੀ ਸਬ ਕਮੇਟੀ ਚੇਅਰਮੈਨ ਤੇ ਕੈਬਨਿਟ ਮੰਤਰੀ ਬ੍ਰਾਹਮ ਮਹਿੰਦਰਾ ਨੂੰ ਦਿੱਤਾ ਮੰਗ ਪੱਤਰ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਬੇ ਦੀ ਚੰਨੀ ਸਰਕਾਰ ਜਿੱਥੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖ ਕੇ ਮੁਲਾਜ਼ਮਾਂ ਅਤੇ ਲੋਕਾਂ ਨਾਲ ਵਾਅਦੇ ਕਰਕੇ ਕਈ ਤਰ੍ਹਾਂ ਦੇ ਸਬਜਬਾਗ ਦਿਖਾ ਰਹੀ ਹੈ ਉਥੇ ਦੂਜੇ ਪਾਸੇ ਆਪਣੇ ਪੱਕੇ ਰੁਜਗਾਰ ਦੀ ਮੰਗ ਲਈ ਸੜਕਾਂ ’ਤੇ ਰੁਲ ਰਹੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਦੇਖਾ ਕਰਨ ਦੇ ਵਿਰੋਧ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਅੱਜ ਇੱਥੇ ਬਾਰਾਂਦਰੀ ਪਾਰਕ ਪਟਿਆਲਾ ਵਿਖੇ ਵਿਸ਼ਾਲ ਇਕੱਤਰਤਾ ਕਰਨ ਉਪਰੰਤ ਰੋਸ਼ ਮਾਰਚ ਕੀਤਾ ਗਿਆ ਅਤੇ ਇਸਦੇ ਬਾਅਦ ਪੰਜਾਬ ਸਰਕਾਰ ਦੀ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣੀ ਸਬ ਕਮੇਟੀ ਚੇਅਰਮੈਨ ਅਤੇ ਕੈਬਨਿਟ ਮੰਤਰੀ ਬ੍ਰਾਹਮ ਮਹਿੰਦਰਾ ਨੂੰ ਮੰਗ ਪੱਤਰ ਦਿੱਤਾ ਗਿਆ।

ਇਸ ਸਬੰਧੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਸ਼ੇਰ ਸਿੰਘ ਖੰਨਾ, ਗੁਰਵਿੰਦਰ ਸਿੰਘ ਪੰਨੂ, ਬਲਿਹਾਰ ਸਿੰਘ, ਜਗਸੀਰ ਸਿੰਘ ਭੰਗੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਲੋਂ ਰੋਹ ਭਰਪੂਰ ਪ੍ਰਦਰਸ਼ਨ ਕਰਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਜੋਕਿ ਨਵਾਂ ਮੁਲਾਜ਼ਮ ਵੈਲਫੇਅਰ ਐਕਟ ਬਣਾਉਣ ਵਾਲੀ ਪੰਜਾਬ ਸਰਕਾਰ ਦੀ ਸਬ ਕਮੇਟੀ ਦੇ ਚੇਅਰਮੈਨ ਵੀ ਹਨ, ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਜਿਸ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਮੰਗ ਕੀਤੀ ਗਈ ਹੈ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਆਊਟਸੋਰਸ, ਇਨਲਿਸਟਮੈਂਟ, ਕੰਪਨੀਆਂ, ਸੁਸਾਇਟੀਆਂ, ਠੇਕੇਦਾਰਾਂ, ਟੈਪਰੇਰੀ ਅਤੇ ਕੇਂਦਰੀ ਸਕੀਮਾਂ ਤਹਿਤ ਸੇਵਾਵਾਂ ਦੇ ਰਹੇ ਕੱਚੇ ਮੁਲਾਜ਼ਮਾਂ ਦੀਆਂ ਵੀ ਪੰਜਾਬ ਸਰਕਾਰ ਲਿਸਟਾਂ ਮੰਗਵਾ ਕੇ ਸਮੂਹ ਕੱਚੇ ਕਾਮਿਆਂ ਨੂੰ ਬਗੈਰ ਕਿਸੇ ਭੇਦ ਭਾਵ ਅਤੇ ਵਿਤਕਰੇ ਤੋਂ ਰੈਗੂਲਰ ਕੀਤਾ ਜਾਵੇ।

ਨਹੀਂ ਤਾਂ ਮੋਰਿੰਡਾ ਦੀ ਧਰਤੀ ’ਤੇ ਠੇਕਾ ਮੁਲਾਜ਼ਮਾਂ ਦੇ ਪਿਛਲੇ ਦੋ ਮਹੀਨਿਆ ਤੋਂ ਚੱਲ ਰਹੇ ਪੱਕੇ ਮੋਰਚੇ ਨੂੰ ਹੋਰ ਤਿੱਖਾ ਕਰਦੇ ਹੋਏ ਆਰ ਪਾਰ ਦਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੇ। ਉਨ੍ਹਾਂ ਇਹ ਵੀ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਨ੍ਹਾਂ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਲਈ ਚੰਨੀ ਸਰਕਾਰ ਨੇ ਸਾਰ ਨਹੀਂ ਲਈ ਗਈ ਤਾਂ ਇਹ ਠੇਕਾ ਮੁਲਾਜ਼ਮ ਚੱੁਪ ਕਰਕੇ ਨਹੀਂ ਬੈਠਣਗੇ ਅਤੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਸਰਕਾਰ ਦੇ ਵਿਰੋਧ ਵਿੱਚ ਪ੍ਰਚਾਰ ਕਰਨਗੇ ਅਤੇ ਨੱਕ ਵਿਚ ਦਮ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ