ਵੱਖ-ਵੱਖ ਵਿਭਾਗਾਂ ਦੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਵੀ ਜਲਦ ਹੋਵੇਗਾ ਫੈਸਲਾ
ਅਸ਼ਵਨੀ ਚਾਵਲਾ, ਚੰਡੀਗੜ੍ਹ। ਪੰਜਾਬ ਵਿੱਚ ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਨੂੰ ਦੇਖਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਲਿਆ ਹੈ ਅਤੇ ਜਲਦ ਹੀ ਇਸ ਫੈਸਲੇ ਕੈਬਨਿਟ ਵਿੱਚ ਹਰੀ ਝੰਡੀ ਦੇ ਦਿੱਤੀ ਜਾਵੇਗੀ।
ਪੰਜਾਬ ਸਰਕਾਰ ਵੱਲੋਂ ਉਨ੍ਹਾਂ 4022 ਸਫ਼ਾਈ ਕਰਮਚਾਰੀਆਂ ਪੱਕਾ ਕੀਤਾ ਜਾ ਰਿਹਾ ਹੈ, ਜਿਹੜੇ ਕਿ ਸਿੱਧੇ ਤੌਰ ’ਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧੀਨ ਠੇਕਾ ਅਧਾਰਿਤ ਸਨ, ਜਦੋਂ ਕਿ 11 ਹਜ਼ਾਰ ਦੇ ਕਰੀਬ ਸਫ਼ਾਈ ਕਰਮਚਾਰੀਆਂ ਨੂੰ ਠੇਕਾ ਅਧਾਰਿਤ ਤਰੀਕੇ ਨਾਲ ਨਗਰ ਕੌਂਸਲ ਅਤੇ ਨਿਗਮਾਂ ਵਿੱਚ ਸ਼ਾਮਲ ਕੀਤਾ ਜਾਵੇਗਾ। ਪਹਿਲਾਂ ਇਹ 11 ਹਜ਼ਾਰ ਦੇ ਕਰੀਬ ਸਫ਼ਾਈ ਕਰਮਚਾਰੀ ਵੱਖ-ਵੱਖ ਏਜੰਸੀਆਂ ਰਾਹੀਂ ਅਸਿੱਧੇ ਤੌਰ ’ਤੇ ਕੰਮ ਕਰ ਰਹੇ ਸਨ, ਜਦੋਂ ਕਿ ਹੁਣ ਇਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਸਿੱਧੇ ਸਥਾਨਕ ਸਰਕਾਰਾਂ ਵਿਭਾਗ ਠੇਕੇ ’ਤੇ ਰੱਖੇਗੀ, ਜਿਸ ਨਾਲ ਭਵਿੱਖ ਵਿੱਚ ਇਨ੍ਹਾਂ ਸਫ਼ਾਈ ਕਰਮਚਾਰੀਆਂ ਦੇ ਪੱਕੇ ਹੋਣ ਦਾ ਰਾਹ ਵੀ ਪੱਧਰਾ ਹੋ ਜਾਵੇਗੀ।
ਚੰਡੀਗੜ੍ਹ ਵਿਖੇ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਸਬੰਧੀ ਤਿਆਰ ਹੋਈ ਸਬ ਕਮੇਟੀ ਦੀ ਮੀਟਿੰਗ ਵਿੱਚ ਵੀਰਵਾਰ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਵੀ ਸ਼ਾਮਲ ਹੋਏ ਸਨ, ਜਿਥੇ ਪਹਿਲ ਦੇ ਆਧਾਰ ’ਤੇ ਸਫ਼ਾਈ ਕਰਮਚਾਰੀਆਂ ਦਾ ਮੁੱਦਾ ਹੀ ਵਿਚਾਰਿਆ ਗਿਆ, ਜਦੋਂ ਕਿ ਬਾਕੀ ਕੱਚੇ ਕਰਮਚਾਰੀਆਂ ਬਾਰੇ ਵੀ ਜਲਦ ਫੈਸਲਾ ਕਰਨ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸਬ ਕਮੇਟੀ ਨੂੰ ਆਦੇਸ਼ ਦਿੱਤੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।