ਗਣਤੰਤਰ ਦਿਵਸ : ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

Republic-Day
ਪਟਿਆਲਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਫੁੱਲ ਡਰੈਸ ਰਿਹਰਸਲ ਦਾ ਜਾਇਜਾ ਲੈਦੇ ਹੋਏ ਨਾਲ ਐਸ. ਐਸ. ਪੀ. ਵਰੁਣ ਸ਼ਰਮਾ।

ਪੰਜਾਬ ਦੇ ਰਾਜਪਾਲ 26 ਜਨਵਰੀ ਨੂੰ ਪੋਲੋ ਗਰਾਊਂਡ ’ਚ ਲਹਿਰਾਉਣਗੇ ਤਿਰੰਗਾ

75ਵੇਂ ਗਣਤੰਤਰ ਦਿਵਸ ਦੇ ਸਮਾਗਮ ਲਈ ਤਿਆਰੀਆਂ ਮੁਕੰਮਲ : ਸਾਕਸ਼ੀ ਸਾਹਨੀ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। 26 ਜਨਵਰੀ ਨੂੰ ਦੇਸ਼ ਦੇ 75ਵੇਂ ਗਣਤੰਤਰ ਦਿਵਸ (Republic Day) ਮੌਕੇ ਪਟਿਆਲਾ ਦੇ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਐਸ.ਐਸ.ਪੀ. ਵਰੁਣ ਸ਼ਰਮਾ ਸਮੇਤ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਮਾਣਯੋਗ ਸ੍ਰੀ ਬਨਵਾਰੀ ਲਾਲ ਪੁਰੋਹਿਤ ਇਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਂਅ ਆਪਣਾ ਸੰਦੇਸ਼ ਦੇਣਗੇ। ਉਪਰੰਤ ਪੰਜਾਬ ਦੇ ਰਾਜਪਾਲ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਰੇਡ ਵਿੱਚ 17 ਟੁਕੜੀਆਂ ਹਿੱਸਾ ਲੈਣਗੀਆਂ ਜਿਨ੍ਹਾਂ ਵਿਚੋਂ ਇਕ ਟੁਕੜੀ ਆਈ.ਟੀ.ਬੀ.ਪੀ., ਪੰਜ
ਟੁਕੜੀਆਂ ਪੁਲਿਸ ਰਿਕਰੂਟਸ ਟਰੇਨਿੰਗ ਸੈਂਟਰ ਪੀ.ਏ.ਪੀ. ਜਲੰਧਰ ਦੀਆਂ, ਦੋ ਟੁਕੜੀਆਂ ਆਰ.ਟੀ.ਸੀ. ਪੀ.ਏ.ਪੀ. ਮਹਿਲਾ ਵਿੰਗ ਤੇ ਇਕ ਇਕ ਟੁਕੜੀ ਹੋਮ ਗਾਰਡਜ਼ (ਮਹਿਲਾ ਤੇ ਪੁਰਸ਼) ਦੀ ਹੈ। ਇਸ ਤੋਂ ਇਲਾਵਾ ਰਾਜਸਥਾਨ ਪੁਲਿਸ ਟੁਕੜੀ ਸਮੇਤ ਐਨ.ਸੀ.ਸੀ. ਏਅਰ ਵਿੰਗ, ਐਨ.ਸੀ.ਸੀ. ਆਰਮੀ ਵਿੰਗ, ਐਨ.ਸੀ.ਸੀ. ਗਰਲਜ਼ ਬਟਾਲੀਅਨ, ਰੈਡ ਕਰਾਸ ਸੇਂਟ ਜੌਨ੍ਹ ਐਂਬੂਲੈਂਸ, ਸਕਾਊਟਸ ਤੇ ਗਰਲਜ਼ ਗਾਈਡ, ਪਟਿਆਲਾ ਸਕੂਲ ਆਫ਼ ਬਲਾਈਡ ਦੇ ਬੱਚਿਆਂ ਦੀ ਟੁਕੜੀ ਤੋਂ ਇਲਾਵਾ ਪੰਜਾਬ ਆਰਮਡ ਪੁਲਿਸ ਜਲੰਧਰ ਦਾ ਪਾਈਪ ਬੈਂਡ, ਬਰਾਸ ਬੈਂਡ ਤੇ ਆਈ.ਆਰ.ਬੀ. ਬੈਂਡ ਸ਼ਾਮਲ ਹੋਣਗੇ। ਪਰੇਡ ਦੀ ਅਗਵਾਈ ਪਰੇਡ ਕਮਾਂਡਰ ਏ.ਸੀ.ਪੀ. ਵੈਭਵ ਚੌਧਰੀ ਅਤੇ ਸੈਕਿੰਡ ਪਰੇਡ ਕਮਾਂਡਰ ਸਤਵੀਰ ਸਿੰਘ ਕਰਨਗੇ। Republic Day

Republic-Day
ਪਟਿਆਲਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਫੁੱਲ ਡਰੈਸ ਰਿਹਰਸਲ ਦਾ ਜਾਇਜਾ ਲੈਦੇ ਹੋਏ ਨਾਲ ਐਸ. ਐਸ. ਪੀ. ਵਰੁਣ ਸ਼ਰਮਾ।

ਵੱਖ ਵੱਖ ਖੇਡਾਂ ਦੀ ਪੇਸ਼ਕਾਰੀ ਵੀ ਕਰਵਾਈਆਂ ਜਾਣਗੀਆਂ (Republic Day)

ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ, ਸਰਕਾਰੀ ਮਾਡਲ ਸਕੂਲ ਫੀਲਖਾਨਾ, ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ, ਸਰਕਾਰੀ ਮਲਟੀਪਰਪਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦੇ ਵਿਦਿਆਰਥੀਆਂ ਵੱਲੋਂ ਪੇਸ਼ਕਾਰੀ ਕੀਤੀ ਜਾਵੇਗੀ। ਇਸ ਮੌਕੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਵੱਖ ਵੱਖ ਖੇਡਾਂ ਦੀ ਪੇਸ਼ਕਾਰੀ ਵੀ ਕਰਵਾਈ ਜਾਵੇਗੀ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨਗੇ

ਇਸ ਸਮੇਤ ਮੋਟਰਸਾਈਕਲ ਦੇ ਕਰਤੱਵ ਹੋਣਗੇ। ਸਰਕਾਰੀ ਮਹਿੰਦਰਾ ਕਾਲਜ, ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਸਕੂਲ ਆਫ਼ ਐਮੀਨੈਂਸ ਫੀਲਖਾਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦੇ ਵਿਦਿਆਰਥੀ ਭੰਗੜਾ ਪੇਸ਼ ਕਰਨਗੇ ਅਤੇ ਸਰਕਾਰੀ ਕਾਲਜ ਲੜਕੀਆਂ, ਮਹਿੰਦਰਾ ਕਾਲਜ, ਸਰਕਾਰੀ ਬਿਕਰਮ ਕਾਲਜ, ਸਿਵਲ ਲਾਈਨਜ਼, ਅਨਾਰਦਾਨਾ ਚੌਂਕ ਤੇ ਸਰਕਾਰੀ ਸਕੂਲ ਸਨੌਰੀ ਗੇਟ ਪਟਿਆਲਾ ਦੀਆਂ ਵਿਦਿਆਰਥਣਾਂ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਕਰਨਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨਗੇ ਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕਰਨਗੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਸਮਾਰੋਹ ਦੇ ਅਖੀਰ ਵਿੱਚ ਰਾਸ਼ਟਰੀ ਗਾਨ ਹੋਵੇਗਾ।

ਇਹ ਵੀ ਪੜ੍ਹੋ: Chandigarh Mayor Election ਸਬੰਧੀ ਹਾਈਕੋਰਟ ਤੋਂ ਆਈ ਵੱਡੀ ਅਪਡੇਟ

ਇਸੇ ਦੌਰਾਨ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਐਸ.ਪੀਜ਼ ਅਤੇ ਡੀ.ਐਸ.ਪੀਜ਼ ਸੁਰੱਖਿਆ ਪੱਖੋਂ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੁਚਾਰੂ ਢੰਗ ਨਾਲ ਟ੍ਰੈਫਿਕ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕੋਈ ਦਿਕੱਤ ਦਾ ਸਾਹਮਣਾ ਨਾ ਕਰਨਾ ਪਵੇ।