ਵਿੱਤ ਕਮਿਸ਼ਨਰ (ਮਾਲ) ਵੱਲੋਂ ਫੂਲਦ ਵਿਖੇ ਘੱਗਰ ਦਰਿਆ ਦੇ ਰਾਹਤ ਕਾਰਜਾਂ ਦਾ ਜਾਇਜ਼ਾ

Review, Ghaggar River, Relief Works, Phuldad Financial, Commissioner

ਫ਼ਸਲਾਂ ਦੇ ਖ਼ਰਾਬੇ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਫੌਰੀ ਰਿਪੋਰਟ ਸਰਕਾਰ ਨੂੰ ਭੇਜਣ ਦੇ ਹੁਕਮ

ਮੋਹਨ ਸਿੰਘ, ਮੂਣਕ

ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਕਰਨਬੀਰ ਸਿੰਘ ਸਿੱਧੂ ਵੱਲੋਂ ਮੂਣਕ ਨੇੜਲੇ ਪਿੰਡ ਫੂਲਦ ਦਾ ਦੌਰਾ ਕਰਕੇ ਘੱਗਰ ਦਰਿਆ ਵਿੱਚ ਪਏ ਪਾੜ ਨੂੰ ਪੂਰਨ ਦੇ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਫੂਲਦ ਵਿਖੇ ਵੱਖ-ਵੱਖ ਪਿੰਡਾਂ ਦੇ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ, ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦੇ ਨਸ਼ਟ ਹੋਣ ‘ਤੇ ਚਿੰਤਤ ਹੈ, ਜਿਸ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਕਿ ਖੇਤਾਂ ਵਿੱਚੋਂ ਪਾਣੀ ਦਾ ਪੱਧਰ ਘਟਣ ਦੇ ਨਾਲ ਹੀ ਵਿਸ਼ੇਸ਼ ਗਿਰਦਾਵਰੀ ਸਬੰਧੀ ਪ੍ਰਕਿਰਿਆ ਮੁਕੰਮਲ ਕਰਕੇ ਸਰਕਾਰ ਨੂੰ ਫ਼ਸਲਾਂ ਦੇ ਖਰਾਬੇ ਸਬੰਧੀ ਰਿਪੋਰਟ ਤੁਰੰਤ ਭੇਜ ਦਿੱਤੀ ਜਾਵੇ। ਵਿੱਤ ਕਮਿਸ਼ਨਰ ਮਾਲ ਨੇ ਕਿਹਾ ਕਿ ਘੱਗਰ ਦਰਿਆ ਵਿੱਚ ਪਏ ਪਾੜ ਕਾਰਨ ਜਿਹੜੇ ਵੀ ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਪੁੱਜਾ ਹੈ ਉਸ ਸਬੰਧੀ ਪਾਰਦਰਸ਼ੀ ਢੰਗ ਨਾਲ ਪੜਤਾਲ ਕਰਨ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਪੀੜਤ ਕਿਸਾਨ ਮੁਆਵਜ਼ੇ ਤੋਂ ਵਾਂਝਾ ਨਾ ਰਹਿ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਖ਼ਰਾਬੇ ਦਾ ਉਚਿਤ ਮੁਆਵਜ਼ਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ੍ਰੀ ਸਿੱਧੂ ਨੇ ਅਧਿਕਾਰੀਆਂ ਨੂੰ ਖਰਾਬੇ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਸਬੰਧੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ। ਪਿੰਡ ਫੂਲਦ ਵਿਖੇ ਫੌਜ ਦੇ ਜਵਾਨਾਂ, ਐਨਡੀਆਰਐਫ, ਐਸ.ਡੀ.ਆਰ.ਐਫ਼, ਸਿਵਲ ਤੇ ਪੁਲਿਸ ਟੀਮਾਂ, ਸਮਾਜ ਸੇਵਕਾਂ, ਮਨਰੇਗਾ ਵਰਕਰਾਂ ਆਦਿ ਵੱਲੋਂ ਜੰਗੀ ਪੱਧਰ ‘ਤੇ ਪਾੜ ਨੂੰ ਬੰਦ ਕਰਨ ਦੇ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਜਿਸ ਦੌਰਾਨ ਛੇਤੀ ਹੀ ਪਾੜ ਨੂੰ ਬੰਦ ਕਰਨ ਦੀ ਪ੍ਰਕਿਰਿਆ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਜਾਵੇਗਾ।

ਸ਼੍ਰੀ ਸਿੱਧੂ ਨੇ ਆਖਿਆ ਕਿ ਇਨ੍ਹਾਂ ਕਾਰਜਾਂ ਲਈ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨਾਲ ਲਗਾਤਾਰ ਤਾਲਮੇਲ ਰੱਖਦੇ ਹੋਏ ਸਮੇਂ ਸਿਰ ਰਾਹਤ ਕਾਰਜ ਮੁਕੰਮਲ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਦੌਰਾਨ ਉਨ੍ਹਾਂ ਨੇ ਫੌਜ ਦੇ ਅਧਿਕਾਰੀਆਂ, ਵਧੀਕ ਡਿਪਟੀ ਕਮਿਸ਼ਨਰ ਤੇ ਐਸ.ਡੀ.ਐਮ ਮੂਣਕ ਨਾਲ ਸਥਿਤੀ ਬਾਰੇ ਵਿਸਥਾਰ ਵਿੱਚ ਗੱਲਬਾਤ ਵੀ ਕੀਤੀ ਅਤੇ ਰਾਹਤ ਕਾਰਜਾਂ ਵਿੱਚ ਫੌਜ ਤੇ ਸਮੂਹ ਟੀਮਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਗਰੂਰ ਮਿਲਟਰੀ ਸਟੇਸ਼ਨ ਦੀ ਟੀਮ ਵੀਰਵਾਰ ਤੋਂ ਹੀ ਲਗਾਤਾਰ ਰਾਹਤ ਕਾਰਜਾਂ ਵਿੱਚ ਜੁਟੀ ਹੋਈ ਹੈ ਜੋ ਕਿ ਪ੍ਰਸ਼ੰਸਾਯੋਗ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸ.ਡੀ.ਐਮ ਸੂਬਾ ਸਿੰਘ ਸਮੇਤ ਸਿਵਲ ਤੇ ਪੁਲਿਸ ਦੇ ਹੋਰ ਅਧਿਕਾਰੀ ਵੀ ਮੌਜ਼ੂਦ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।