ਪੰਜਾਬ ‘ਚ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਸਾਧੂ ਸਿੰਘ ਧਰਮਸੋਤ ਨੂੰ ਸਲਾਖਾਂ ਪਿੱਛੇ ਸੁੱਟਾਂਗੇ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਧਰਮਸੋਤ ਦੀ ਰਿਹਾਇਸ਼ ਤੱਕ ਕੀਤਾ ਮਾਰਚ ਤੇ ਦਿੱਤਾ ਧਰਨਾ

ਨਾਭਾ, (ਤਰੁਣ ਕੁਮਾਰ ਸ਼ਰਮਾ)। ਇੱਕ ਵਾਰ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣ ਗਈ ਤਾਂ ਉਸ ਵੱਲੋਂ ਐਸਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੀਤੇ ਐਸ ਸੀ ਸਕਾਲਰਸ਼ਿਪ ਘਪਲੇ ਦੀ ਜਾਂਚ ਦੇ ਹੁਕਮ ਦਿੱਤੇ ਜਾਣਗੇ ਅਤੇ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਉਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਾਭਾ ਵਿਖੇ ਧਰਨੇ ਦੌਰਾਨ ਕੀਤਾ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਥੇ ਧਰਮਸੋਤ ਦੇ ਘਰ ਤੱਕ ਮਾਰਚ ਵੀ ਕੱਢਿਆ ਤੇ ਉਸਦੀ ਰਿਹਾਇਸ਼ ਦੇ ਨੇੜੇ ਹੀ ਉਸ ਵੇਲੇ ਧਰਨਾ ਦੇ ਦਿੱਤਾ ਜਦੋਂ ਭਾਰੀ ਪੁਲਿਸ ਫੋਰਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ।

ਸਾਧੂ ਸਿੰਘ ਧਰਮਸੋਤ ਵੱਲੋਂ ਦਲਿਤ ਵਿਦਿਆਰਥੀਆਂ ਨਾਲ ਕੀਤੇ ਅਨਿਆਂ ਖਿਲਾਫ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਬਾਦਲ ਨੇ 64 ਕਰੋੜ ਰੁਪਏ ਦੇ ਐਸ ਸੀ ਸਕਾਲਰਸ਼ਿਪ ਘੁਟਲੇ ਵਿੱਚ ਧਰਮਸੋਤ ਨੂੰ ਬਰਖਾਸਤ ਕੀਤੇ ਜਾਣ, ਗ੍ਰਿਫਤਾਰ ਕੀਤੇ ਜਾਣ ਤੇ ਜੇਲ੍ਹ ਭੇਜਣ ਦੀ ਮੰਗ ਵੀ ਕੀਤੀ।  ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਹ ਪੁੱਛਿਆ ਕਿ ਉਹ ਦੱਸਣ ਕਿ ਭ੍ਰਿਸ਼ਟ ਮੰਤਰੀ ਦਾ ਉਹ ਬਚਾਅ ਕਿਉਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਜਾਨਣਾ ਚਾਹੁੰਦੇ ਹਨ ਕਿ ਤੁਸੀਂ ਉਸ ਮੰਤਰੀ ਨੂੰ ਕਲੀਨ ਚਿੱਟ ਕਿਉਂ ਦਿੱਤੀ ਹੈ ਜਿਸਨੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਤਬਾਹ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਧਰਮਸੋਤ ਘੁਟਾਲੇ ਦਾ ਸਹਿ ਦੋਸ਼ੀ ਹੈ ਜਦਕਿ ਭਲਾਈ ਵਿਭਾਗ ਦੇ ਸਾਬਕਾ ਡਾਇਰੈਕਟਰ ਬਲਵਿੰਦਰ ਸਿੰਘ ਧਾਲੀਵਾਲ ਜੋ ਹੁਣ ਕਾਂਗਰਸੀ ਵਿਧਾਇਕ ਬਣ ਗਏ ਹਨ, ਪਹਿਲਾਂ ਹੀ ਸੇਵਾ ਮੁਕਤ ਲੈ ਕੇ ਫਗਵਾੜਾ ਵਿਚ ਕਈ ਹੋਰ ਦਾਅਵੇਦਾਰਾਂ ਨੂੰ ਦਰ ਕਿਨਾਰ ਕਰ ਕੇ ਟਿਕਟ ਲੈਣ ਵਿਚ ਸਫਲ ਹੋ ਗਏ ਹਨ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਾਂਗਰਸ ਸਰਕਾਰ ਇਹ ਦੱਸੇ ਕਿ ਪਿਛਲੇ ਤਿੰਨ ਸਾਲਾਂ ਵਿਚ ਬਜਟ ਵਿਚ ਕੀਤੀ 2440 ਕਰੋੜ ਰੁਪਏ ਦੀ ਵਿਵਸਥਾ ਦੀ ਰਾਸ਼ੀ ਵਿਚੋਂ ਦਲਿਤ ਵਿਦਿਆਰਥੀਆਂ ਨੂੰ ਇਕ ਪੈਸਾ ਵੀ ਕਿਉਂ ਨਹੀਂ ਦਿੱਤਾ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੰਗ ਕੀਤੀ ਕਿ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਕੇ  ਗ੍ਰਿਫਤਾਰ ਕੀਤਾ ਜਾਵੇ

ਇਸ ਮੌਕੇ ਚਰਨਜੀਤ ਸਿੰਘ ਅਟਵਾਲ, ਗੁਲਜ਼ਾਰ ਸਿੰਘ ਰਣੀਕੇ, ਸੁਰਜੀਤ ਸਿੰਘ ਰੱਖੜਾ, ਕਬੀਰ ਦਾਸ, ਹੀਰਾ ਸਿੰਘ ਗਾਬੜੀਆ, ਐਨ ਕੇ ਸ਼ਰਮਾ, ਪਵਨ ਟੀਨੂੰ, ਹਰਪ੍ਰੀਤ ਕੌਰ ਮੁਖਮੇਲਪੁਰ, ਬਲਦੇਵ ਸਿੰਘ ਮਾਨ, ਪ੍ਰਕਾਸ਼ ਚੰਦ ਗਰਗ, ਪ੍ਰਕਾਸ਼ ਸਿੰਘ ਭੱਟੀ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਬੀਬੀ ਵਨਿੰਦਰ ਕੌਰ ਲੂੰਬਾ, ਦਰਬਾਰਾ ਸਿੰਘ ਗੁਰੂ, ਗਗਨਜੀਤ ਸਿੰਘ ਬਰਨਾਲਾ, ਹਰੀ ਸਿੰਘ, ਦਰਸ਼ਨ ਸਿੰਘ ਸ਼ਿਵਾਲਿਕ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਵਿਜੇ ਦਾਨਵ, ਹਰਪ੍ਰੀਤ ਸਿੰਘ ਤੇ ਹਰਪਾਲ ਜੁਨੇਜਾ ਵੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.