ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਨੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ
Punjab Government News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਫਾਈ ਕਰਮਚਾਰੀਆਂ ਦੀ ਬਿਹਤਰੀ ਲਈ ਵਚਨਬੱਧ ਹੈ। ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਯਕੀਨੀ ਬਣਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਤੇ ਨਗਰ ਕੌਂਸਲ ਸਰਹਿੰਦ, ਅਮਲੋਹ, ਮੰਡੀ ਗੋਬਿੰਦਗੜ੍ਹ, ਬੱਸੀ ਪਠਾਣਾ ਤੇ ਨਗਰ ਪੰਚਾਇਤ ਖਮਾਣੋਂ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਇਸ ਮੌਕੇ ਸਫਾਈ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਅਤੇ ਜ਼ਰੂਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਚੇਅਰਮੈਨ ਚੰਦਨ ਗਰੇਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਮੀਟਿੰਗ ਦਾ ਉਦੇਸ਼ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣਨਾ, ਉਨ੍ਹਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਦੀ ਭਲਾਈ ਨਾਲ ਜੁੜੀਆਂ ਯੋਜਨਾਵਾਂ ਦੀ ਸਮੀਖਿਆ ਕਰਨਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਗਰੇਵਾਲ ਨੇ ਕਿਹਾ ਕਿ ਬਹੁਤ ਸਾਰੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰ ਦਿੱਤਾ ਗਿਆ। Punjab Government News
ਇਹ ਵੀ ਪੜ੍ਹੋ: National Literary Fair: ਵਿਸ਼ਵ ਪੰਜਾਬੀ ਭਵਨ ਦਾ ਉਦਘਾਟਨੀ ਸਮਾਰੋਹ ਕੌਮੀ ਸਾਹਿਤਿਕ ਮੇਲਿਆਂ ਦਾ ਹੋ ਨਿਬੜਿਆ
ਇਸ ਦੇ ਨਾਲ ਹੀ, ਕੁਝ ਮੰਗਾਂ ਹਨ ਜੋ ਸੂਬਾ ਪੱਧਰ ’ਤੇ ਹਨ, ਜਿਨ੍ਹਾਂ ਨੂੰ ਸੂਬਾ ਸਰਕਾਰ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਦਾ ਵੀ ਜਲਦੀ ਹੱਲ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਨੂੰ ਉਨ੍ਹਾਂ ਦੀ ਤਨਖਾਹ ਸਮੇਂ ਸਿਰ ਦਿੱਤੀ ਜਾਵੇ, ਸੁਰੱਖਿਆ ਉਪਕਰਣ ਅਤੇ ਲੋੜੀਂਦੀ ਸਿਖਲਾਈ ਪ੍ਰਦਾਨ ਕੀਤੀ ਜਾਵੇ। ਮੀਟਿੰਗ ਦੇ ਅੰਤ ਵਿੱਚ, ਉਨ੍ਹਾਂ ਨੇ ਮੌਜੂਦ ਸਫ਼ਾਈ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ, ਡੀਐੱਸਪੀ ਇੰਦਰਪ੍ਰੀਤ ਸਿੰਘ, ਐਸਐਮਓ ਡਾ. ਕੇ. ਡੀ. ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।














