151 ਕਰੋੜ ਰੁਪਏ ਨਾਲ ਹੋਵੇਗੀ ਸੰਗਰੂਰ ਦੀ ਕਾਇਆ ਕਲਪ: ਨਵਜੋਤ ਸਿੱਧੂ

Sangrur will be revised with Rs 151 crore: Navjot Sidhu

7 ਕਰੋੜ ਦੀ ਲਾਗਤ ਨਾਲ ਬਨਾਸਰ ਬਾਗ ਦਾ ਹੋਵੇਗਾ ਕਾਇਆ ਕਲਪ

ਸੰਗਰੂਰ(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ ) | ਸੰਗਰੂਰ ‘ਚ ਸੌ ਫੀਸਦੀ ਜਲ ਸਪਲਾਈ ਅਤੇ ਸੀਵਰੇਜ਼ ਵਿਵਸਥਾ ਨੂ ੰਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਤੋਂ ਪ੍ਰਵਾਨ ਕੀਤੇ 90 ਕਰੋੜ ਦੇ ਫੰਡ ‘ਚ 18 ਕਰੋੜ ਰੁਪਏ ਦੀ ਰਾਸ਼ੀ ਦਾ ਹੋਰ ਵਾਧਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਅੱਜ ਸ਼੍ਰੀ ਸਿੰਗਲਾ ਦੀ ਰਿਹਾਇਸ਼ ਵਿਖੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਸ਼੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਕਾਇਆ ਕਲਪ ਲਈ 151 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ ਜਿਸ ਵਿੱਚੋਂ ਜਲ ਸਪਲਾਈ, ਸੀਵਰੇਜ਼ ਅਤੇ ਸੀਵਰੇਜ਼ ਤੋਂ ਪ੍ਰਭਾਵਿਤ ਹੋਣ ਵਾਲੀਆਂ ਸੜਕਾਂ ਲਈ ਸੰਗਰੂਰ ‘ਚ 108 ਕਰੋੜ ਅਤੇ ਭਵਾਨੀਗੜ੍ਹ ‘ਚ 32 ਕਰੋੜ ਰੁਪਏ ਦੀ ਲਾਗਤ ਆਵੇਗੀ।
ਸਿੱਧੂ ਨੇ ਦੱਸਿਆ ਕਿ ਭਵਾਨੀਗੜ੍ਹ ‘ਚ ਨਵੇਂ ਬੱਸ ਸਟੈਂਡ ਦੀ ਉਸਾਰੀ ਦੇ ਕਾਰਜਾਂ ‘ਚ ਆਈ ਖੜੋਤ ਨੂੰ ਦੂਰ ਕਰਨ ਲਈ ਅੱਜ ਦੋ ਕਰੋੜ ਰੁਪਏ ਦੀ ਰਾਸ਼ੀ ਨਗਰ ਕੌਂਸਲ ਨੂੰ ਜਾਰੀ ਕਰ ਦਿੱਤੀ ਗਈ ਹੈ ਅਤੇ ਛੇਤੀ ਹੀ ਇਹ ਬੱਸ ਸਟੈਂਡ ਮੁਕੰਮਲ ਹੋ ਜਾਵੇਗਾ। ਕੈਬਨਿਟ ਮੰਤਰੀ ਸ. ਸਿੱਧੂ ਨੇ ਦੱਸਿਆ ਕਿ ਇਤਿਹਾਸਕ ਸ਼ਹਿਰ ਸੰਗਰੂਰ ‘ਚ ਸਥਿਤ ਬਨਾਸਰ ਬਾਗ ਦੀ ਦਿੱਖ ਨੂੰ ਸੰਵਾਰਨ ਲਈ ਸਰਕਾਰ ਵੱਲੋਂ 7 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ ਜਿਸ ਦਾ ਯੋਜਨਾਬੱਧ ਢੰਗ ਨਾਲ ਕਾਇਆ ਕਲਪ ਕਰਨ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੱਡਾ ਘੱਲੂਘਾਰਾ ਕੁੱਪ ਰੋਹੀੜਾ ਦੇ ਬਕਾਇਆ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ 1.70 ਕਰੋੜ ਦੀ ਰਾਸ਼ੀ ਪ੍ਰਵਾਨ ਕਰਕੇ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਅਤੇ ਮੂਨਕ ਦੇ ਕਿਲੇ ਦੀ ਪੁਰਾਤਨ ਦਿੱਖ ਨੂੰ ਕਾਇਮ ਰੱਖਣ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ। ਸ਼੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਵਿਜੈ ਇੰਦਰ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਦੱਸਿਆ ਕਿ ਪਿਛਲੀ ਸਰਕਾਰ ਸਮੇਂ ਸੰਗਰੂਰ ਸ਼ਹਿਰ ‘ਚ ਇਸ ਪ੍ਰੋਜੈਕਟ ਲਈ 90 ਕਰੋੜ ਰੁਪਏ ਦਾ ਟੈਂਡਰ ਲੱਗਿਆ ਸੀ ਜਦਕਿ ਜਾਰੀ ਸਿਰਫ਼ ਕਰੀਬ 6 ਕਰੋੜ ਹੀ ਹੋਇਆ ਸੀ ਅਤੇ ਇਸੇ ਤਰ੍ਹਾਂ ਭਵਾਨੀਗੜ੍ਹ ‘ਚ ਕਰੀਬ 12 ਕਰੋੜ ਦਾ ਟੈਂਡਰ ਲਗਾਏ ਜਾਣ ਤੋਂ ਬਾਅਦ ਲਗਭਗ 4 ਕਰੋੜ ਹੀ ਜਾਰੀ ਹੋਏ ਸਨ ਜਦਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਨਾ ਕੇਵਲ ਇਹ ਰਾਸ਼ੀ ਜਾਰੀ ਕਰਵਾਈ ਸਗੋਂ ਅਜਿਹੇ ਇਲਾਕਿਆਂ ਨੂੰ ਵੀ ਇਨ੍ਹਾਂ ਸਕੀਮਾਂ ਦੇ ਦਾਇਰੇ ਅਧੀਨ ਲਿਆਉਣ ਲਈ ਸਾਰਥਕ ਕਦਮ ਪੁੱਟੇ ਹਨ ਜੋ ਜਲ ਸਪਲਾਈ ਅਤੇ ਸੀਵਰੇਜ਼ ਜਿਹੀਆਂ ਮਹੱਤਵਪੂਰਨ ਸਹੂਲਤਾਂ ਤੋਂ ਵਾਂਝੇ ਰਹਿ ਗਏ ਸਨ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਹੋਣ ਵਾਲੇ ਸਮੁੱਚੇ ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਕੋਈ ਵੀ ਵਿਭਾਗੀ ਅਧਿਕਾਰੀ ਜਾਂ ਠੇਕੇਦਾਰ ਪੱਧਰ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਰਜਿੰਦਰ ਸਿੰਘ ਰਾਜਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਅਜੋਏ ਸ਼ਰਮਾ ਸੀ.ਈ.ਓ ਪੰਜਾਬ ਜਲ ਸਪਲਾਈ ਤੇ ਸੀਵਰੇਜ਼ ਬੋਰਡ, ਕਰਨੇਸ਼ ਸ਼ਰਮਾ ਡਾਇਰੈਕਟਰ ਲੋਕਲ ਬਾਡੀਜ਼, ਮਲਵਿੰਦਰ ਸਿੰਘ ਜੱਗੀ ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ.ਪੀ ਡਾ. ਸੰਦੀਪ ਗਰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਕਾਰੀ ਤੇ ਆਗੂ ਵੀ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ