ਸਕੂਲ ਸਿੱਖਿਆ ਮੰਤਰੀ ਵੱਲੋਂ ਅਧਿਆਪਕ ਦਿਵਸ ਮੌਕੇ 80 ਅਧਿਆਪਕਾਂ ਦਾ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨ

Teachers' Day Sachkahoon

ਸਰਕਾਰੀ ਅਧਿਆਪਕਾਂ ਦੀ ਬਦੌਲਤ ਸਿੱਖਿਆ ਦੇ ਖੇਤਰ ’ਚ ਪੰਜਾਬ ਦੇਸ਼ ਭਰ ’ਚੋਂ ਮੋਹਰੀ ਰਿਹਾ : ਵਿਜੈ ਇੰਦਰ ਸਿੰਗਲਾ

36 ਅੱਪਰ ਪ੍ਰਾਇਮਰੀ, 22 ਪ੍ਰਾਇਮਰੀ ਅਧਿਆਪਕਾਂ ਨੂੰ ਰਾਜ ਪੁਰਸਕਾਰ ਤੇ 11 ਸਿੱਖਿਆ ਅਧਿਕਾਰੀ ਵਧੀਆ ਪ੍ਰਬੰਧਕ ਪੁਰਸਕਾਰ ਨਾਲ ਸਨਮਾਨਿਤ

6 ਅੱਪਰ ਪ੍ਰਾਇਮਰੀ ਤੇ 5 ਪ੍ਰਾਇਮਰੀ ਅਧਿਆਪਕਾਂ ਨੂੰ ਮਿਲੇ ਯੁਵਾ ਅਧਿਆਪਕ ਪੁਰਸਕਾਰ

(ਖੁਸ਼ਵੀਰ ਸਿੰਘ ਤੂਰ), ਪਟਿਆਲਾ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਏ ਵਰਚੂਅਲ ਕਮ ਆਫਲਾਈਨ ਰਾਜ ਪੱਧਰੀ ਅਧਿਆਪਕ ਪੁਰਸਕਾਰ ਵੰਡ ਸਮਾਰੋਹ ਮੌਕੇ ਪੰਜਾਬ ਦੇ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅਧਿਆਪਕ ਦਿਵਸ ਮੌਕੇ ਰਾਜ ਦੇ 80 ਅਧਿਆਪਕਾਂ ਨੂੰ ਮਾਣ ਮੱਤੀਆਂ ਸੇਵਾਵਾਂ ਬਦਲੇ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪਿਛਲੇ 4 ਸਾਲਾਂ ’ਚ ਰਾਜ ਅੰਦਰ ਸਿੱਖਿਆ ਪ੍ਰਣਾਲੀ ਦੀ ਸਮੁੱਚੀ ਨੁਹਾਰ ਬਦਲ ਦਿੱਤੀ ਹੈ ਅਤੇ ਸਿੱਟੇ ਵਜੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਮਿਹਨਤ ਦੀ ਬਦੌਲਤ ਪੰਜਾਬ ਦੇਸ਼ ਭਰ ’ਚ ਸਿੱਖਿਆ ਦੇ ਖੇਤਰ ’ਚ ਮੋਹਰੀ ਹੋਕੇ ਉਭਰਿਆ ਹੈ।

ਉਨ੍ਹਾਂ ਪਟਿਆਲਾ ਵਿਖੇ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਆਡੀਟੋਰੀਅਮ ਵਿਖੇ ਪਟਿਆਲਾ ਸਮੇਤ ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਫ਼ਤਿਹਗੜ ਸਾਹਿਬ ਦੇ 23 ਅਧਿਆਪਕਾਂ ਨੂੰ ਸਰਟੀਫਿਕੇਟ ਦੇ ਕੇ ਨਿੱਜੀ ਤੌਰ ’ਤੇ ਸਨਮਾਨਤ ਕੀਤਾ ਜਦੋਂਕਿ ਬਾਕੀ ਅਧਿਆਪਕਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰਾਜ ਦੇ ਬਾਕੀ ਜ਼ਿਲ੍ਹਾ ਮੁੱਖ ਦਫ਼ਤਰਾਂ ਵਿਖੇ ਸਨਮਾਨਿਤ ਕੀਤਾ ਗਿਆ।

ਇਨ੍ਹਾਂ ਵਿੱਚ 36 ਅੱਪਰ ਪ੍ਰਾਇਮਰੀ ਅਧਿਆਪਕਾਂ ਤੇ 22 ਪ੍ਰਾਇਮਰੀ ਅਧਿਆਪਕਾਂ ਨੂੰ ਰਾਜ ਪੁਰਸਕਾਰ, 6 ਅੱਪਰ ਪ੍ਰਾਇਮਰੀ ਤੇ 5 ਪ੍ਰਾਇਮਰੀ ਅਧਿਆਪਕਾਂ ਨੂੰ ਯੁਵਾ ਅਧਿਆਪਕ ਪੁਰਸਕਾਰ ਅਤੇ 11 ਸਿੱਖਿਆ ਅਧਿਕਾਰੀਆਂ ਨੂੰ ਪ੍ਰਬੰਧਕੀ ਰਾਜ ਪੁਰਸਕਾਰ ਦਿੱਤੇ ਗਏ ਰਾਜ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਵਿਜੈ ਇੰਦਰ ਸਿੰਗਲਾ ਨੇ ਦੇਸ਼ ਦੇ ਮਰਹੂਮ ਰਾਸ਼ਟਰਪਤੀ, ਵਿਦਵਾਨ, ਦਾਰਸ਼ਨਿਕ ਅਤੇ ਭਾਰਤ ਰਤਨ ਡਾ. ਸਰਵਪੱਲੀ ਰਾਧਾਿਸ਼ਨਨ, ਜਿਨ੍ਹਾਂ ਦਾ ਜਨਮ ਅੱਜ ਦੇ ਦਿਨ 1888 ਨੂੰ ਹੋਇਆ ਸੀ, ਨੂੰ ਆਪਣੀ ਸ਼ਰਧਾ ਤੇ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਰਾਸ਼ਟਰਪਤੀ ਹੋਣ ਦੇ ਬਾਵਜੂਦ ਇੱਕ ਅਧਿਆਪਕ ਅਖਵਾਉਣਾ ਵੱਧ ਪਸੰਦ ਕੀਤਾ ਸੀ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਫੈਸਲਿਆਂ ਤੇ ਅਧਿਆਪਕਾਂ ਦੀ ਮਿਹਨਤ ਦੀ ਬਦੌਲਤ ਅੱਜ ਰਾਜ ਅੰਦਰ 7 ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ’ਚ ਦਾਖਲ ਹੋਏ ਹਨ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਦੇ ਸਹੀ ਰਾਹ ਦਸੇਰਾ ਬਣੇ ਹਨ।

ਇਸ ਮੌਕੇ ਤੋਂ ਪਹਿਲਾਂ ਸਕੂਲ ਸਿੱਖਿਆ ਦੇ ਸਕੱਤਰ ਕਿ੍ਰਸ਼ਨ ਕੁਮਾਰ ਨੇ ਸ੍ਰੀ ਸਿੰਗਲਾ ਦਾ ਸਵਾਗਤ ਕਰਦਿਆਂ ਰਾਜ ਪੱਧਰੀ ਪੁਰਸਕਾਰਾਂ ਦੀ ਚੋਣ ਪ੍ਰਣਾਲੀ ਨੂੰ ਦੇਸ਼ ਦੀ ਸਭ ਤੋਂ ਬਿਹਤਰ ਪ੍ਰਣਾਲੀ ਦੱਸਦਿਆਂ ਕਿਹਾ ਕਿ ਰਾਜ ਸਰਕਾਰ ਨੇ ਪਿਛਲੀ ਵਾਰ ਅਧਿਆਪਕਾਂ ਨੂੰ ਦਿੱਤੇ ਜਾਂਦੇ ਸਟੇਟ ਐਵਾਰਡਾਂ ’ਚ ਵਾਧਾ ਕਰਦਿਆਂ ਯੁਵਾ ਅਧਿਆਪਕਾਂ, ਸਕੂਲ ਮੁਖੀਆਂ ਤੇ ਅਧਿਕਾਰੀਆਂ ਲਈ ਪੁਰਸਕਾਰ ਆਰੰਭ ਕੀਤੇ ਤਾਂ ਕਿ ਨੌਜਵਾਨ ਅਧਿਆਪਕਾਂ ਦੇ ਉਤਸ਼ਾਹ ਦਾ ਵੀ ਲਾਭ ਲਿਆ ਜਾਵੇ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਰਮੇਸ਼ ਕੁਮਾਰ ਗੰਤਾ ਨੇ ਅਧਿਆਪਕਾਂ ਨੂੰ ਵਧਾਈ ਦਿੱਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ, ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਰਜਿਸਟਰਾਰ ਜਸਪ੍ਰੀਤ ਸਿੰਘ, ਡੀ.ਪੀ.ਆਈ. (ਸੈ.ਸਿੱ.) ਸੁਖਜੀਤਪਾਲ ਸਿੰਘ, ਏ.ਡੀ.ਸੀ. (ਜ) ਪੂਜਾ ਸਿਆਲ, ਐਸ.ਡੀ.ਐਮ. ਚਰਨਜੀਤ ਸਿੰਘ, ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਮੋਹਾਲੀ ਜਰਨੈਲ ਸਿੰਘ ਕਾਲੇਕੇ, ਬਲਜਿੰਦਰ ਸਿੰਘ ਜਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਮੋਹਾਲੀ ਆਦਿ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ