ਕਈਆਂ ਨੇ ਦਿੱਤੀ ਹਮਾਇਤ, ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਰਹੇਗਾ ਜਾਰੀ: ਆਗੂ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਆਪਣੇ ਨੋਟੀਫਿਕੇਸ਼ਨ ਦੀ ਮੰਗ ਨੂੰ ਲੈ ਕੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਪੰਜ ਕਾਰਕੁੰਨ ਦੂਜੇ ਦਿਨ ਵੀ ਟੈਂਕੀ ਉੱਪਰ ਹੀ ਡਟੇ ਰਹੇ। ਇੱਧਰ ਉਨ੍ਹਾਂ ਦੇ ਦੂਜੇ ਸਾਥੀਆਂ ਵੱਲੋਂ ਟੈਂਕੀ ਦੇ ਹੇਠਾਂ ਆਪਣਾ ਧਰਨਾ ਜਾਰੀ ਰੱਖਿਆ ਹੋਇਆ ਹੈ। ਇੱਧਰ ਕਈ ਯੂਨੀਅਨਾਂ ਵੱਲੋਂ ਇਨ੍ਹਾਂ ਬੇਰੁਜ਼ਗਾਰਾਂ ਨੂੰ ਆਪਣੀ ਹਮਾਇਤ ਦਿੱਤੀ ਜਾ ਰਹੀ ਅਤੇ ਪੁਲਿਸ ਵੱਲੋਂ ਇੱਥੇ ਲਗਾਤਾਰ ਪਹਿਰਾ ਦਿੱਤਾ ਜਾ ਰਿਹਾ ਹੈ। ਟੈਂਕੀ ਉੱਪਰ ਚੜ੍ਹੇ ਨੌਜਵਾਨਾਂ ‘ਚ ਜਤਿੰਦਰ ਸਿੰਘ ਜਲਾਲਾਬਾਦ, ਸੁਰਿੰਦਰ ਅਬੋਹਰ, ਸੰਦੀਪ ਸੰਗਰੂਰ, ਕਰਨਵੀਰ ਬਰਨਾਲਾ ਅਤੇ ਜਗਸੀਰ ਸਿੰਘ ਸੰਗਰੂਰ ਸ਼ਾਮਲ ਹਨ। ਇਨ੍ਹਾਂ ਦੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਅਤੇ ਸਲਫਾਸ ਦੀਆਂ ਗੋਲੀਆਂ ਫੜੀਆਂ ਹੋਈਆਂ ਹਨ।
ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਸਮੇਤ ਹੋਰ ਆਗੂਆਂ ਨੇ ਦੱਸਿਆ ਕਿ ਅੱਜ ਦੂਜੇ ਦਿਨ ਕੋਈ ਵੀ ਪ੍ਰਸ਼ਾਸਨ ਅਧਿਕਾਰੀ ਇੱਥੇ ਨਹੀਂ ਪੁੱਜਾ। ਉਨ੍ਹਾਂ ਦੱਸਿਆ ਕਿ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਜੰਗ ਸਿੰਘ ਭਟੇੜੀ, ਆਪਣਾ ਪੰਜਾਬ ਪਾਰਟੀ ਦੇ ਬੁਲਾਰੇ ਜੋਗਾ ਸਿੰਘ ਚਪੜ ਸਮੇਤ ਹੋਰ ਆਗੂਆਂ ਵੱਲੋਂ ਉਨ੍ਹਾਂ ਦੇ ਧਰਨੇ ਵਿੱਚ ਆਕੇ ਉਨ੍ਹਾਂ ਨੂੰ ਹਮਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਸਰਕਾਰ ਵੱਲੋਂ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੇ ਨੌਕਰੀ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਨਾਂ ਸਮਾਂ ਉਹ ਇੱਥੇ ਹੀ ਸੰਘਰਸ਼ ਕਰਦੇ ਰਹਿਣਗੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਰਾਤ ਬਰਾਤੇ ਉਨ੍ਹਾਂ ਨਾਲ ਕੋਈ ਵੀ ਧੱਕਾ ਕੀਤਾ ਤਾਂ ਉਹ ਕੋਈ ਵੀ ਕਦਮ ਚੁੱਕ ਸਕਦੇ ਹਨ। ਇਸ ਮੌਕੇ ਦੀਪ ਅਮਨ ਮਾਨਸਾ, ਅਮਨਦੀਪ ਸਿੰਘ ਬਠਿੰਡਾ, ਕੁਲਵਿੰਦਰ ਸਿੰਘ ਬਠਿੰਡਾ, ਗੁਰਜੰਟ ਸਿੰਘ ਪਟਿਆਲਾ, ਕੁਲਦੀਪ ਵਰਮਾ, ਰਜਨੀ ਪਟਿਆਲਾ, ਸੋਨੀਆ, ਰਮਨਦੀਪ , ਰਾਜਵੀਰ ਸਮੇਤ ਵੱਡੀ ਗਿਣਤੀ ਵਿੱਚ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਸ਼ਾਮਲ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।