ਅਨੰਤਨਾਗ ‘ਚ ਸੁਰੱਖਿਆ ਬਲਾਂ ਦਾ ਅੱਤਵਾਦੀਆਂ ਨਾਲ ਮੁਕਾਬਲਾ
ਅਨੰਤਨਾਗ। ਦੱਖਣੀ ਕਸ਼ਮੀਰ ਦੇ ਅਨੰਤਨਾਗ ‘ਚ ਸੋਮਵਾਰ ਨੂੰ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਕੌਮੀ ਰਾਈਫਲਸ, ਕੇਂਦਰੀ ਰਿਜ਼ਰਵ ਪੁਲਿਸ ਬਲ ਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਨੇ ਅਨੰਤਨਾਗ ਦੇ ਸਰੀਗੁਫਵਾੜਾ ‘ਚ ਅੱਜ ਸਵੇਰੇ ਸਾਂਝੀ ਮੁਹਿੰਮ ਸ਼ੁਰੂ ਕੀਤੀ।
ਇਸ ਦੌਰਾਨ ਇਲਾਕੇ ‘ਚੋਂ ਬਾਹਰ ਨਿਕਲਣ ਵਾਲੇ ਸਾਰੇ ਰਸਤਿਆਂ ਨੂੰ ਸੀਲ ਕਰ ਦਿੱਤਾ ਗਿਆ ਤੇ ਘਰ-ਘਰ ਦੀ ਤਲਾਸ਼ੀ ਲਈ ਜਾਣ ਲੱਗੀ। ਸੁਰੱਖਿਆ ਬਲ ਦੇ ਜਵਾਨ ਤੈਅ ਮਕਾਨ ਵੱਲ ਵਧ ਰਹੇ ਸਨ, ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ‘ਚ ਸੁਰੱਖਿਆ ਬਲਾਂ ਨੇ ਵੀ ਗੋਲੀਆਂ ਚਲਾਈਆਂ। ਗੋਲੀਬਾਰੀ ‘ਚ ਇੱਕ ਔਰਤ ਆਰੀਫ਼ਾ ਜ਼ਖਮੀ ਹੋ ਗਈ।
ਉਨ੍ਹਾਂ ਦੱਸਿਆ ਕਿ ਜ਼ਖਮੀ ਔਰਤ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਆਸ-ਪਾਸ ਦੇ ਮਕਾਨਾਂ ‘ਚ ਰਹਿ ਰਹੇ ਲੋਕਾਂ ਨੂੰ ਉੱਥੋਂ ਕੱਢ ਕੇ ਸੁਰੱਖਿਅਤ ਸਥਾਨਾਂ ‘ਤੇ ਲਿਜਾਇਆ ਗਿਆ। ਕਾਨੂੰਨ ਤੇ ਵਿਵਸਥਾ ਬਣਾਈ ਰੱਖਣ ਲਈ ਵਾਧੂ ਸੁਰੱਖਿਆ ਬਲਾਂ ਤੇ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ