ਸ਼ਹੀਦ-ਏ-ਆਜਮ ਸ. ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੇ ਸਿਮਰਨਜੀਤ ਸਿੰਘ ਮਾਨ ਬਿਮਾਰ ਮਾਨਸਿਕਤਾ ਦੇ ਸ਼ਿਕਾਰ : ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ

kot

ਕੋਟਕਪੂਰਾ, (ਅਜੈ ਮਨਚੰਦਾ)। ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਜ਼ਿਲ੍ਹਾ ਫਰੀਦਕੋਟ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਅਸ਼ੋਕ ਕੌਸ਼ਲ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਪੁਰਾਣਾ ਸ਼ਹਿਰ ਵਿਖੇ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਦਫਤਰ ਵਿੱਚ ਹੋਈ। ਮੀਟਿੰਗ ਦੌਰਾਨ ਇਸ ਗੱਲ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ ਕਿ ਸੁਸਾਇਟੀ ਨੇ ਪਿਛਲੇ ਪੰਜ ਸਾਲ ਦੌਰਾਨ ਜ਼ਿਲ੍ਹਾ ਫ਼ਰੀਦਕੋਟ ਅਤੇ ਨੇੜਲੇ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ 400 ਤੋਂ ਵੱਧ ਸਮਾਗਮ ਕਰਕੇ ਤੇ ਵਿਦਿਆਰਥੀਆਂ ਨੂੰ ਦੇਸ਼ ਭਗਤਾਂ ਦੀ ਸੋਚ ਨਾਲ ਜੋੜਨ ਅਤੇ ਉਨਾਂ ਨੂੰ ਚੰਗੇ ਨਾਗਰਿਕ ਬਣਨ ਦੀ ਪ੍ਰੇਰਨਾ ਦੇਣ ਵਿੱਚ ਅਹਿਮ ਰੋਲ ਨਿਭਾਇਆ ਹੈ, ਜਿਸ ਦਾ ਅਧਿਆਪਕ ਵਰਗ ਅਤੇ ਵਿਦਿਆਰਥੀਆਂ ਨੇ ਚੰਗਾ ਕਬੂਲਿਆ ਹੈ।

ਮੀਟਿੰਗ ਦੌਰਾਨ ਸੁਸਾਇਟੀ ਦੇ ਮੀਤ ਪ੍ਰਧਾਨ ਪ੍ਰੇਮ ਚਾਵਲਾ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ , ਪ੍ਰੋ. ਹਰਬੰਸ ਸਿੰਘ ਪਦਮ, ਰਾਜਿੰਦਰ ਸਿੰਘ ਸਰਾਂ ਸੇਵਾ ਮੁਕਤ ਤਹਿਸੀਲਦਾਰ , ਤਰਸੇਮ ਨਰੂਲਾ, ਮਨਦੀਪ ਸਿੰਘ ਮਿੰਟੂ ਗਿੱਲ, ਗੁਰਚਰਨ ਸਿੰਘ ਮਾਨ, ਇਕਬਾਲ ਸਿੰਘ ਮੰਘੇੜਾ ਅਤੇ ਸੁਖਚੈਨ ਸਿੰਘ ਥਾਂਦੇਵਾਲਾ ਨੇ ਵੀ ਵਿਚਾਰ ਪ੍ਰਗਟ ਕਰਦਿਆਂ ਸੁਸਾਇਟੀ ਦੇ ਕੰਮ ਕਾਜ ਅਤੇ ਤਾਲਮੇਲ ਨੂੰ ਹੋਰ ਬਿਹਤਰ ਬਣਾਉਣ ਲਈ ਸੁਝਾਅ ਦਿੱਤੇ ਤਾਂ ਜੋ ਸੁਸਾਇਟੀ ਦੇ ਉਦੇਸ਼ ‘ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੀ ਸੋਚ ਵਿੱਚ ਸਾਰਥਿਕ ਤਬਦੀਲੀ ਲਿਆਉਣ’ ਨੂੰ ਸਫਲ ਬਣਾਇਆ ਜਾ ਸਕੇ।

ਸੁਸਾਇਟੀ ਦੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਸਭ ਤੋਂ ਵੱਧ ਸਰਗਰਮੀ ਕਰਨ ਲਈ ਵਿੱਤ ਸਕੱਤਰ ਸੋਮ ਨਾਥ ਅਰੋੜਾ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ ਤੇ ਇਹ ਨਿਰਣਾ ਲਿਆ ਗਿਆ ਕਿ ਅਗਸਤ ਮਹੀਨੇ ਜਾਂ ਇਸ ਤੋਂ ਬਾਅਦ ਉਲੀਕੇ ਜਾਣ ਵਾਲੇ ਸਾਰੇ ਪ੍ਰੋਗਰਾਮਾਂ ਦੀ ਸੁਸਾਇਟੀ ਦੇ ਪ੍ਰਧਾਨ , ਜਨਰਲ ਸਕੱਤਰ ਅਤੇ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਤੋਂ ਪੂਰਵ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ। ਸੁਸਾਇਟੀ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ ਨੇ ਦੱਸਿਆ ਕਿ ਵੱਖ ਵੱਖ ਵਿਅਕਤੀਆਂ ਦੇ ਸਹਿਯੋਗ ਨਾਲ 22 ਜੁਲਾਈ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ,ਵਿਖੇ , 23 ਜੁਲਾਈ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੁੱਡੀ ਵਿਖੇ , 28 ਜੁਲਾਈ ਨੂੰ ਸਰਕਾਰੀ ਹਾਈ ਸਕੂਲ ਢਿਲਵਾਂ ਕਲਾਂ ਵਿਖੇ ਵਾਤਾਵਰਨ ਨੂੰ ਸਮਰਪਿਤ ਕਰਕੇ ਸਮਾਗਮ ਅਤੇ 30 ਜੁਲਾਈ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਕਰਕੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਮੀਟਿੰਗ ਨੇ ਸਰਬਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਸੰਗਰੂਰ ਤੋਂ ਨਵੇਂ ਚੁਣੇ ਗਏ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵੱਲੋਂ ਪਿਛਲੇ ਦਿਨੀਂ ਸ਼ਹੀਦ-ਏ-ਆਜ਼ਮ ਸ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਦੇ ਦਿੱਤੇ ਗਏ ਬਿਆਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਬਿਆਨ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਸਮੁੱਚੇ ਸੰਸਾਰ ਵਿੱਚ ਪਿਆਰ ਕਰਨ ਵਾਲੇ ਕਰੋੜਾਂ ਲੋਕਾਂ ਦਾ ਅਪਮਾਨ ਕਰਾਰ ਦਿੱਤਾ ਅਤੇ ਮਤੇ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਗਈ ਕਿ ਸਿਮਰਨਜੀਤ ਸਿੰਘ ਮਾਨ ਦੇ ਖ਼ਿਲਾਫ਼ ਤੁਰੰਤ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ। ਇਸ ਮਤੇ ਵਿੱਚ ਸਿਮਰਨਜੀਤ ਸਿੰਘ ਮਾਨ ਨੂੰ ਬਿਮਾਰ ਮਾਨਸਿਕਤਾ ਦਾ ਸ਼ਿਕਾਰ ਦੱਸਦਿਆਂ ਤੇ ਗ਼ੁਲਾਮ ਸੋਚ ਦੇ ਟੋਡੀ ਨੂੰ ਤੁਰੰਤ ਆਪਣਾ ਇਹ ਬੇਹੱਦਾ ਬਿਆਨ ਵਾਪਸ ਲੈ ਕੇ ਸਮੁੱਚੇ ਸੰਸਾਰ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ