Shaheed Kartar Singh Sarabha: ਲੁਧਿਆਣਾ (ਜਸਵੀਰ ਸਿੰਘ ਗਹਿਲ)। ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਅੱਜ ਉਨ੍ਹਾਂ ਦੇ ਸ਼ਹੀਦੀ ਦਿਨ ’ਤੇ ਪਿੰਡ ਸਰਾਭਾ ਵਿਖੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸ਼ਹੀਦੀ ਦਿਹਾੜੇ ’ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
Read Also : Punjab News: ਪੰਜਾਬ ਨੂੰ ਜ਼ੁਰਮ ਰਹਿਤ ਸੂਬਾ ਬਣਾਉਣ ਲਈ ਪ੍ਰਸ਼ਾਸਨ ਦਾ ਖਾਸ ਉਪਰਾਲਾ
ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਰਤ ਦੇ ਸਭ ਤੋਂ ਨੌਜਵਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ 19 ਸਾਲ ਦੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ ਜੋ ਅੱਜ ਵੀ ਯੁਵਾ ਪੀੜ੍ਹੀਆਂ ਲਈ ਆਪਣੇ ਦੇਸ਼ ਲਈ ਨਿਰਸਵਾਰਥ ਹੋ ਕੇ ਕੰਮ ਕਰਨ ਦੀ ਪ੍ਰੇਰਨਾ ਦੇ ਸ੍ਰੋਤ ਹਨ। Shaheed Kartar Singh Sarabha
ਉਨ੍ਹਾਂ ਕਿਹਾ ਕਿ ਸ਼ਹੀਦ ਸਰਾਭਾ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਉਣ ਦੇ ਨਾਲ ਹੀ ਗਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਪਹਿਲਾਂ ਵਿਦੇਸ਼ ਅਤੇ ਫਿਰ ਦੇਸ਼ ਦੇ ਅੰਦਰ ਆਜ਼ਾਦੀ ਪ੍ਰਾਪਤ ਕਰਨ ਲਈ ਅਣਥੱਕ ਮਿਹਨਤ ਕੀਤੀ।ਇਸ ਤੋਂ ਪਹਿਲਾਂ ਪਿੰਡ ਦੀ ਸਰਪੰਚ ਕਮਲਜੀਤ ਕੌਰ ਵੱਲੋਂ ਕੈਬਨਿਟ ਮੰਤਰੀ ਸੌਂਦ ਅੱਗੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਦੀ ਮੁਰੰਮਤ, ਪਿੰਡ ਟੂਰਿਜ਼ਮ ਮੈਪ ’ਤੇ ਲਿਆਉਣ, ਪਿੰਡ ਦੇ ਸਕੂਲ ’ਚ ਅਧਿਆਪਕਾਂ ਦੀ ਘਾਟ ਤੋਂ ਇਲਾਵਾ ਪਿੰਡ ਨੂੰ ਸਮਾਰਟ ਪਿੰਡ ਵਜੋਂ ਵਿਕਸਤ ਕਰਨ ਆਦਿ ਮੰਗਾਂ ਰੱਖੀਆਂ।
ਜਿਸ ਨੂੰ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅਗਲੇ ਇੱਕ ਸਾਲ ਦੌਰਾਨ ਪੂਰਾ ਕਰਨ ਦਾ ਵਾਅਦਾ ਕੀਤਾ। ਇਸ ਤੋਂ ਇਲਾਵਾ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਲਈ ਆਪਣੇ ਅਖਤਿਆਰੀ ਕੋਟੇ ’ਚੋਂ 10 ਲੱਖ ਰੁਪਏ, ਪਿੰਡ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਲਈ 5 ਲੱਖ ਰੁਪਏ, ਮਹਾਨ ਆਜ਼ਾਦੀ ਘੁਲਾਟੀਏ ਦੇ ਜੱਦੀ ਘਰ ਦੀ ਮੁਰੰਮਤ ਅਤੇ ਪਿੰਡ ਦੇ ਵਿਕਾਸ ਲਈ ਵਾਧੂ ਫੰਡ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਿੰਡ ਦਾ ਨਾਂਅ ਸੂਬੇ ਦੇ ਸੈਰ ਸਪਾਟਾ ਨਕਸ਼ੇ ’ਤੇ ਲਿਆਉਣ ਦਾ ਐਲਾਨ ਵੀ ਕੀਤਾ।