ਸ਼ਹੀਦ ਮਨਪ੍ਰੀਤ ਸਿੰਘ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

Shaheed Manpreet Singh , Government, Honors, Funeral

ਕ੍ਰਿਸ਼ਨ /ਹਰਪਾਲ ਸਿੰਘ/ਲੌਂਗੋਵਾਲ। ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋਏ 18 ਸਿੱਖ ਰੈਜ਼ੀਮੈਂਟ ਦੇ ਸਿਪਾਹੀ ਸ਼੍ਰੀ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪਿੰਡ ਲੌਂਗੋਵਾਲ ਵਿਖੇ ਪੂਰੇ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਕੀਤਾ ਗਿਆ। ਭਾਰਤੀ ਫੌਜ ਦੀ 18 ਸਿੱਖ ਰੈਜ਼ੀਮੈਂਟ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਜਿਵੇਂ ਹੀ ਸ਼ਹੀਦ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਤਿਰੰਗੇ ਵਿੱਚ ਲਪੇਟ ਕੇ ਪਿੰਡ ਲੌਂਗੋਵਾਲ ਵਿਖੇ ਲਿਆਂਦੀ ਗਈ ਤਾਂ ਸਾਰਾ ਮਾਹੌਲ ਸੋਗਮਈ ਹੋ ਗਿਆ। ਛੋਟੀ ਉਮਰੇ ਹੀ ਫੌਜ ਵਿੱਚ ਭਰਤੀ ਹੋਣ ਵਾਲੇ ਸਿਪਾਹੀ ਮਨਪ੍ਰੀਤ ਸਿੰਘ ਨੂੰ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿੱਚ ਸਮਾਜਿਕ, ਪ੍ਰਸ਼ਾਸਨਿਕ ਸ਼ਖਸ਼ੀਅਤਾਂ ਤੋਂ ਇਲਾਵਾ ਨੇੜਲੇ ਪਿੰਡਾਂ ਦੇ ਵੱਡੀ ਗਿਣਤੀ ਲੋਕ ਪੁੱਜੇ ਅਤੇ ਦੇਸ਼ ਲਈ ਆਪਣੀ ਜਾਨ ਵਾਰਨ ਵਾਲੇ ਯੋਧੇ ਨੂੰ ਨਿੱਘੀ ਵਿਦਾਇਗੀ ਦਿੱਤੀ।

ਅੱਠ ਜਨਵਰੀ 1998 ਨੂੰ ਪਿਤਾ ਸ. ਜਗਤਾਰ ਸਿੰਘ ਅਤੇ ਮਾਤਾ ਸ੍ਰੀਮਤੀ ਗੁਰਜੀਤ ਕੌਰ ਦੇ ਘਰ ਜਨਮੇ ਸ. ਮਨਪ੍ਰੀਤ ਸਿੰਘ ਮਾਰਚ 2018 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ। ਇਸ ਮੌਕੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਅਤੇ ਐਸ.ਡੀ.ਐਮ ਬਬਨਦੀਪ ਸਿੰਘ ਵਾਲੀਆ, ਐਸ.ਐਸ.ਪੀ ਡਾ. ਸੰਦੀਪ ਗਰਗ ਵੱਲੋਂ ਐਸ.ਪੀ. ਹੈਡਕੁਆਟਰ ਸ਼ਰਨਜੀਤ ਸਿੰਘ ਨੇ ਰੀਥ ਰੱਖ ਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ।

ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਰਜਵੰਤ ਸਿੰਘ ਅਤੇ ਡੀ.ਐਸ.ਪੀ ਰਾਜੇਸ਼ ਸਨੇਹੀ ਸਮੇਤ ਹੋਰ ਅਧਿਕਾਰੀਆਂ ਨੇ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।