ਸ਼ੌਕਤ ਅਹਿਮਦ ਪਰੈ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

Patiala News
ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਦੇ ਹੋਏ ਸ਼ੌਕਤ ਅਹਿਮਦ ਪਰੈ।

ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਮੁੱਖ ਤਰਜੀਹ : ਡਿਪਟੀ ਕਮਿਸ਼ਨਰ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। 2013 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਸਾਕਸ਼ੀ ਸਾਹਨੀ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ, ਜਿਨ੍ਹਾਂ ਦੀ ਬਦਲੀ ਡੀ.ਸੀ. ਲੁਧਿਆਣਾ ਵਜੋਂ ਹੋਈ ਹੈ। ਸ਼ੌਕਤ ਅਹਿਮਦ ਪਰੈ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ, ‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਤੇ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ, ਭ੍ਰਿਸ਼ਟਾਚਾਰ ਰਹਿਤ ਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।’ Patiala News

ਇਸ ਉਪਰੰਤ ਸ਼ੌਕਤ ਅਹਿਮਦ ਪਰੈ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਸਮੇਤ ਰੋਜ਼ਮਰ੍ਹਾ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇਸ ਤੋਂ ਪਹਿਲਾਂ ਨਵੇਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ ’ਤੇ ਪੰਜਾਬ ਪੁਲਿਸ ਦੀ ਟੁਕੜੀ ਨੇ ‘ਗਾਰਡ ਆਫ਼ ਆਨਰ’ ਪੇਸ਼ ਕਰਕੇ ਸਲਾਮੀ ਦਿੱਤੀ।

ਇਹ ਵੀ ਪੜ੍ਹੋ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਪੂਰੇ ਜਾਹੋ-ਜਲਾਲ ਨਾਲ ਆਰੰਭ

ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਮੌਕੇ ਐਸ.ਪੀ. ਸਰਫ਼ਰਾਜ਼ ਆਲਮ, ਏ.ਡੀ.ਸੀ. ਨਵਰੀਤ ਕੌਰ ਸੇਖੋਂ,ਐਸ.ਡੀ.ਐਮਜ ਡਾ. ਇਸਮਤ ਵਿਜੈ ਸਿੰਘ, ਜਸਲੀਨ ਕੌਰ ਤੇ ਤਰਸੇਮ ਚੰਦ, ਆਰ.ਟੀ.ਏ. ਨਮਨ ਮਾਰਕੰਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਕਰ ਕਮਿਸ਼ਨਰ ਕੰਨੂ ਗਰਗ ਸਮੇਤ ਡੀ.ਸੀ. ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ੌਕਤ ਅਹਿਮਦ ਪਰੈ ਦਾ ਨਿੱਘਾ ਸਵਾਗਤ ਕੀਤਾ।

ਇਨ੍ਹਾਂ ਅਹੁਦਿਆਂ ’ਤੇ ਦੇ ਚੁੱਕੇ ਹਨ ਸੇਵਾਵਾਂ (Patiala News)

ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਇਸ ਤੋਂ ਪਹਿਲਾਂ ਡੀ.ਸੀ. ਬਠਿੰਡਾ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਜ਼ਿਕਰਯੋਗ ਹੈ ਕਿ ਸ਼ੌਕਤ ਅਹਿਮਦ ਪਰੈ ਮੁੱਖ ਮੰਤਰੀ ਦੇ ਵਧੀਕ ਪ੍ਰਿੰਸੀਪਲ ਸਕੱਤਰ, ਵਕਫ ਬੋਰਡ ਦੇ ਸੀ.ਈ.ਓ., ਵਧੀਕ ਕਰ ਤੇ ਆਬਾਕਾਰੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਪਟਿਆਲਾ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। Patiala News