Shiromani Akali Dal BJP Alliance: ਸੁਖਬੀਰ ਬਾਦਲ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਅੱਜ

ਕਿਸੇ ਵੀ ਸਮੇਂ ਹੋ ਸਕਦੈ ਅਕਾਲੀ ਦਲ-ਭਾਜਪਾ ਗੱਠਜੋੜ ਦਾ ਐਲਾਨ

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਸਬੰਧੀ ਅੱਜ ਸ਼ੁੁੱਕਰਵਾਰ ਨਵੀਂ ਦਿੱਲੀ ਵਿਖੇ ਅਹਿਮ ਫੈਸਲਾ ਹੋ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿੱਚਕਾਰ ਅੱਜ ਨੂੰ ਮੀਟਿੰਗ ਹੋ ਰਹੀ ਹੈ ਅਤੇ ਇਸ ਮੀਟਿੰਗ ਵਿੱਚ ਭਾਗ ਲੈਣ ਲਈ ਸੁਖਬੀਰ ਬਾਦਲ ਦਿੱਲੀ ਲਈ ਰਵਾਨਾ ਵੀ ਹੋ ਗਏ ਹਨ।

ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਦੇ ਨਾਲ ਹੀ ਸੀਟਾਂ ਦੀ ਵੰਡ ਬਾਰੇੇ ਚਰਚਾ ਹੋਏਗੀ ਤੇ ਇਥੇ ਹੀ ਤੈਅ ਕੀਤਾ ਜਾਏਗਾ ਕਿ ਪੰਜਾਬ ਵਿੱਚ ਕਿਹੜੀ ਪਾਰਟੀ ਦਾ ਕੀ ਰੋਲ ਰਹੇਗਾ। ਇਥੇ ਹੀ ਮੁੱਖ ਮੰਤਰੀ ਦੀ ਕੁਰਸੀ ਤੋਂ ਲੈ ਕੇ ਚੋਣ ਚਿਹਰੇ ਬਾਰੇ ਤੱਕ ਚਰਚਾ ਵੀ ਕੀਤੀ ਜਾਏਗੀ। ਭਾਜਪਾ ਅਤੇ ਅਕਾਲੀ ਦਲ ਨਾਲ ਜੁੜੇ ਸੂਤਰਾਂ ਮੁਤਾਬਕ ਗੱਠਜੋੜ ਦੇ ਐਲਾਨ ਵਿੱਚ ਪਹਿਲਾਂ ਹੀ ਕਾਫ਼ੀ ਦੇਰੀ ਹੋ ਚੁੱਕੀ ਹੈ ਅਤੇ ਹੁਣ ਦੋਵੇਂ ਪਾਰਟੀਆਂ ਇਸ ਮਾਮਲੇ ਨੂੰ ਹੋਰ ਲਮਕਾਉਣ ਦੇ ਹੱਕ ਵਿੱਚ ਨਹੀਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਦੋਵੇਂ ਪਾਰਟੀਆਂ ਹੁਣ ਸੀਟਾਂ ਦੀ ਵੰਡ ਸਬੰਧੀ ਗੱਲਬਾਤ ਨੂੰ ਜਲਦ ਅੰਤਿਮ ਰੂਪ ਦੇਣਾ ਚਾਹੁੰਦੀਆਂ ਹਨ।

ਤਾਂ ਜੋ ਨਵੰਬਰ ਦੇ ਤੀਜੇ ਹਫ਼ਤੇ ਤੱਕ ਗੱਠਜੋੜ ਦਾ ਐਲਾਨ ਕੀਤਾ ਜਾ ਸਕੇ। ਇਸ ਤੋਂ ਬਾਅਦ ਉਮੀਦਵਾਰਾਂ ਦੀ ਚੋਣ ਅਤੇ ਟਿਕਟਾਂ ਦੀ ਵੰਡ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਸਕੇਗੀ। ਦੱਸਿਆ ਜਾ ਰਿਹਾ ਹੈ ਕਿ ਸੀਟਾਂ ਦੀ ਵੰਡ ’ਤੇ ਸਹਿਮਤੀ ਬਣਨ ਤੋਂ ਬਾਅਦ ਗੱਠਜੋੜ ਦੇ ਰਸਮੀ ਐਲਾਨ ਦੀ ਤਰੀਕ ਅਤੇ ਇਸ ਦੇ ਢੰਗ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ। ਦੂਜੇ ਪਾਸੇ, ਇਸ ਅਹਿਮ ਸਿਆਸੀ ਮੀਟਿੰਗ ਕਾਰਨ ਸੁਖਬੀਰ ਸਿੰਘ ਬਾਦਲ ਵੱਲੋਂ ਜਗੀਰ ਕੌਰ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਵਾਉਣ ਲਈ ਰੱਖਿਆ ਗਿਆ ਪ੍ਰੋਗਰਾਮ ਵੀ ਮੁਲਤਵੀ ਕਰ ਦਿੱਤਾ ਗਿਆ ਹੈ।

ਜਗੀਰ ਕੌਰ ਦੀ 13 ਨਵੰਬਰ ਨੂੰ ਪਾਰਟੀ ਵਿੱਚ ਵਾਪਸੀ ਹੋਣੀ ਸੀ ਅਤੇ ਇਸ ਸਬੰਧੀ ਪ੍ਰੋਗਰਾਮ ਤੈਅ ਕੀਤਾ ਗਿਆ ਸੀ। ਪਰ ਸੁਖਬੀਰ ਸਿੰਘ ਬਾਦਲ ਦੇ ਦਿੱਲੀ ਰਵਾਨਾ ਹੋਣ ਕਾਰਨ ਫਿਲਹਾਲ ਇਸ ਪ੍ਰੋਗਰਾਮ ਨੂੰ ਟਾਲ ਦਿੱਤਾ ਗਿਆ ਹੈ। ਹੁਣ ਇਸ ਪ੍ਰੋਗਰਾਮ ਲਈ ਨਵੀਂ ਤਰੀਕ ਬਾਰੇ ਮਗਰੋਂ ਫੈਸਲਾ ਲਿਆ ਜਾਵੇਗਾ। ਫਿਲਹਾਲ ਅਕਾਲੀ ਦਲ ਅਤੇ ਭਾਜਪਾ ਦੇ ਪੰਜਾਬ ਨਾਲ ਸਬੰਧਿਤ ਆਗੂਆਂ ਦੀਆਂ ਨਜ਼ਰਾਂ ਦਿੱਲੀ ਵਿੱਚ ਹੋਣ ਵਾਲੀ ਇਸ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ। ਦੋਵਾਂ ਪਾਰਟੀਆਂ ਦੇ ਆਗੂਆਂ ਨੂੰ ਉਮੀਦ ਹੈ ਕਿ ਇਸ ਮੁਲਾਕਾਤ ਤੋਂ ਬਾਅਦ ਗੱਠਜੋੜ ਦੀ ਤਸਵੀਰ ਸਪੱਸ਼ਟ ਹੋ ਜਾਵੇਗੀ ਅਤੇ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਿਆਸੀ ਸਮੀਕਰਨਾਂ ਦਾ ਰਾਹ ਖੁੱਲ੍ਹ ਸਕਦਾ ਹੈ।

ਇਹ ਵੀ ਪੜ੍ਹੋ : Punjab Municipal Elections 2026: ਪਟਿਆਲਾ, ਬਾਘਾਪੁਰਾਣਾ ਤੇ ਧਰਮਕੋਟ ’ਚ 28 ਨਵੰਬਰ ਨੂੰ ਪੈਣਗੀਆਂ ਵੋਟਾਂ

Comments

Post Your Comment

About The Author

Related Posts