ਗੋਲੀ ਕਾਂਡ : ਬੀਕੇਯੂ ਏਕਤਾ ਉਗਰਾਹਾਂ ਨੇ ਵੀ ਮੰਗੀ ਦੋਸ਼ੀਆਂ ਦੀ ਗ੍ਰਿਫਤਾਰੀ

Shootout, BKU Unity, Collectors, Demand Arrest, Accused

ਧਰਨਾ ਸੱਤਵੇਂ ਦਿਨ ‘ਚ ਦਾਖਲ, ਲਾਸ਼ਾਂ ਦਾ ਨਾ ਹੋਇਆ ਪੋਸਟਮਾਰਟਮ

ਭਜਨ ਸਿੰਘ ਸਮਾਘ, ਸ੍ਰੀ ਮੁਕਤਸਰ ਸਾਹਿਬ/ਮਲੋਟ

ਜਵਾਹਰੇਵਾਲਾ ਗੋਲੀ ਕਾਂਡ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਪਿਛਲੇ ਸੱਤ ਦਿਨਾਂ ਤੋਂ ਅਣਮਿੱਥੇ ਸਮੇਂ ਦਾ ਧਰਨਾ ਦੇ ਕੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਕੀਤੀ ਜਾ ਰਹੀ ਮੰਗ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵੀ ਧਰਨੇ ‘ਚ ਸ਼ਾਮਲ ਹੁੰਦਿਆਂ ਦੋਸ਼ੀਆਂ ਦੀ ਗ੍ਰਿਫਤਾਰੀ ਮੰਗੀ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਗੁਰਭਗਤ ਸਿੰਘ ਭਲਾਈਆਣਾ ਤੇ ਹਰਫੂਲ ਸਿੰਘ ਭਾਗਸਰ ਨੇ ਕਿਹਾ ਕਿ ਜਵਾਹਰੇਵਾਲਾ ਕਾਂਡ ਸਰਮਾਏਦਾਰਾਂ ਵੱਲੋਂ ਗਰੀਬਾਂ ਉੱਪਰ ਕੀਤੀ ਧੱਕੇਸ਼ਾਹੀ ਹੈ ਜਿਸਦਾ ਯੂਨੀਅਨ ਹਮੇਸ਼ਾ ਹੀ ਵਿਰੋਧ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤੇ ਮਜ਼ਦੂਰ ਸਮਾਜ ਦੀ ਬਿਹਤਰੀ ਲਈ ਰਲ ਕੇ ਸੰਘਰਸ਼ ਕਰਦੇ ਰਹੇ ਹਨ ਤੇ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਜਾਣ-ਬੁੱਝ ਕੇ ਇਸ ਮਾਮਲੇ ‘ਚ ਢਿੱਲ ਕਰ ਰਹੀ ਹੈ ਜਿਸਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਵਿਦਿਆਰਥੀ ਆਗੂ ਗੁਰਾਂਦਿੱਤਾ ਸਿੰਘ ਝਬੇਲਵਾਲੀ, ਐਕਸ਼ਨ ਕਮੇਟੀ ਕਨਵੀਨਰ ਮੰਗਾ ਸਿੰਘ ਆਜ਼ਾਦ, ਕੌਂਸਲ ਪਰਮਿੰਦਰ ਸਿੰਘ ਪਾਸ਼ਾ, ਪੀ. ਐਸ. ਯੂ. ਦੇ ਆਗੂ ਬੱਲਾ ਸਿੰਘ ਤੇ ਅਮਰਜੀਤ ਪਾਲ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਜਗਜੀਤ ਜੱਸੇਆਣਾ ਤੇ ਜਸਵਿੰਦਰ ਬਿੱਲਾ ਸਣੇ ਹੋਰ ਜਥੇਬੰਦੀਆਂ ਦੇ ਆਗੂ ਵੀ ਮੌਜ਼ੂਦ ਸਨ। ਮੁਜ਼ਾਹਰਾਕਾਰੀਆਂ ਨੇ ਸੱਤ ਦਿਨਾਂ ਤੋਂ ਮੁਕਤਸਰ ਦੇ ਸਿਵਲ ਹਸਪਤਾਲ ‘ਚ ਪਈਆਂ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਾਉਣ ਤੋਂ ਨਾਂਹ ਕਰਦਿਆਂ ਕਿਹਾ ਕਿ ਜਦੋਂ ਤੱਕ ਸਾਰੇ ਦੋਸ਼ੀ ਗ੍ਰਿਫਤਾਰ ਨਹੀਂ ਹੋ ਜਾਂਦੇ ਉਹ ਮ੍ਰਿਤਕਾਂ ਦਾ ਪੋਸਟਮਾਰਟਮ ਨਹੀਂ ਕਰਾਉਣਗੇ। ਇਸਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਉਹ ਜਲਦੀ ਹੀ ਆਪਣਾ ਸੰਘਰਸ਼ ਹੋਰ ਪ੍ਰਚੰਡ ਕਰਨਗੇ ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।