ਫੌਜਾ ਸਿੰਘ ਸਰਾਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ, ਕੈਬਨਿਟ ਤੋਂ ਬਾਹਰ ਹੋਣ ਦੀ ਲਟਕੀ ਤਲਵਾਰ

ਨੋਟਿਸ ਦਾ ਜਵਾਬ ਆਉਣ ਤੋਂ ਬਾਅਦ ਪਾਰਟੀ ਕਰੇਗੀ ਫੈਸਲਾ, ਦੋਸ਼ਾਂ ਸਬੰਧੀ ਦੇਣਾ ਹੋਵੇਗਾ ਸਪੱਸ਼ਟੀਕਰਨ

ਚੰਡੀਗੜ੍ਹ, (ਅਸ਼ਵਨੀ ਚਾਵਲਾ) ਭਗਵੰਤ ਮਾਨ ਦੀ ਕੈਬਨਿਟ ਵਿੱਚ ਸ਼ਾਮਲ ਫੌਜਾ ਸਿੰਘ ਸਰਾਰੀ ਦੀ ਕੁਰਸੀ ’ਤੇ ਤਲਵਾਰ ਲਟਕਣੀ ਸ਼ੁਰੂ ਹੋ ਗਈ ਹੈ, ਕਿਉਂਕਿ ਭਗਵੰਤ ਮਾਨ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੋਈ ਵੀ ਛੋਟ ਦੇਣ ਦੇ ਮੂਡ ਵਿੱਚ ਨਜ਼ਰ ਨਹੀਂ ਆ ਰਹੇ ਹਨ। ਇਸ ਕਾਰਨ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਆਮ ਆਦਮੀ ਪਾਰਟੀ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਫੌਜਾ ਸਿੰਘ ਸਰਾਰੀ ’ਤੇ ਕੈਬਨਿਟ ਮੰਤਰੀ ਹੁੰਦੇ ਹੋਏ ਭ੍ਰਿਸ਼ਟਾਚਾਰ ਕਰਨ ਦੇ ਕਥਿਤ ਦੋਸ਼ ਹਨ। ਜੇਕਰ ਫੌਜਾ ਸਿੰਘ ਸਰਾਰੀ ਇਸ ਨੋਟਿਸ ਦੇ ਜੁਆਬ ਵਿੱਚ ਭ੍ਰਿਸ਼ਟਾਚਾਰ ਕਰਨ ਦੀ ਮਨਸ਼ਾ ਦੇ ਦੋਸ਼ਾਂ ਨੂੰ ਨਕਾਰਨ ਵਿੱਚ ਅਸਫ਼ਲ ਹੋ ਜਾਂਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਣਾ ਲਗਭਗ ਤੈਅ ਹੈ। ਹਾਲਾਂਕਿ ਪਾਰਟੀ ਪੱਧਰ ’ਤੇ ਉਨ੍ਹਾਂ ਦੇ ਜੁਆਬ ਦਾ ਇੰਤਜ਼ਾਰ ਕੀਤਾ ਜਾਵੇਗਾ ਕਿ ਵਾਈਰਲ ਹੋਈ ਆਡੀਓ ਦੇ ਮਾਮਲੇ ਵਿੱਚ ਉਹ ਕੀ ਸਪਸ਼ੱਟੀਕਰਨ ਦੇਣਾ ਚਾਹੁੰਦੇ ਹਨ।

ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਓਐੱਸਡੀ ਤਰਸੇਮ ਕਪੂਰ ਦੀ ਇੱਕ ਆਡੀਓ ਵਾਈਰਲ ਹੋਈ ਸੀ, ਜਿਸ ਵਿੱਚ ਇਨ੍ਹਾਂ ਵੱਲੋਂ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਸੀ। ਇਸ ਆਡੀਓ ਦੇ ਵਾਈਰਲ ਹੋਣ ਤੋਂ ਬਾਅਦ ਓਐੱਸਡੀ ਹੋਣ ਦਾ ਦਾਅਵਾ ਕਰਨ ਵਾਲੇ ਤਰਸੇਮ ਲਾਲ ਕਪੂਰ ਨੇ ਖ਼ੁਦ ਮੀਡੀਆ ਅੱਗੇ ਆ ਕੇ ਦੱਸਿਆ ਸੀ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਭ੍ਰਿਸ਼ਟਾਚਾਰ ਪਹਿਲੀ ਵਾਰ ਨਹੀਂ ਕੀਤਾ ਗਿਆ ਹੈ, ਸਗੋਂ ਉਨ੍ਹਾਂ ਕੋਲ ਇਹੋ ਜਿਹੇ ਬਹੁਤ ਹੋਰ ਵੀ ਸਬੂਤ ਹਨ ਪਰ ਉਹ ਆਮ ਆਦਮੀ ਪਾਰਟੀ ਵੱਲੋਂ ਕਾਰਵਾਈ ਕੀਤੇ ਜਾਣ ਦਾ ਇੰਤਜ਼ਾਰ ਕਰਨਗੇ।

ਜਿਸ ਤੋਂ ਬਾਅਦ ਇਹ ਮਾਮਲਾ ਠੰਢੇ ਬਸਤੇ ਵਿੱਚ ਚਲਾ ਗਿਆ ਅਤੇ ਇਸ ਮਾਮਲੇ ਵਿੱਚ ਕੋਈ ਵੀ ਕਾਰਵਾਈ ਨਹੀਂ ਹੋਈ, ਪਰ ਹੁਣ ਜਾਣਕਾਰੀ ਮਿਲ ਰਹੀ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਫੌਜਾ ਸਿੰਘ ਸਰਾਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਜੁਆਬ ਦੇਣ ਲਈ ਵੀ ਕਿਹਾ ਗਿਆ ਹੈ। ਫੌਜਾ ਸਿੰਘ ਸਰਾਰੀ ਤੋਂ ਵਾਈਰਲ ਆਡੀਓ ਅਤੇ ਲੱਗ ਰਹੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਸਪਸ਼ੱਟੀਕਰਨ ਮੰਗਿਆ ਗਿਆ ਹੈ।

ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਹੋਣ ਕਰਕੇ ਭਗਵੰਤ ਮਾਨ ਕਰਨਗੇ ਫੈਸਲਾ

ਫੌਜਾ ਸਿੰਘ ਸਰਾਰੀ ਦਾ ਜੁਆਬ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਇਸ ਸਬੰਧੀ ਫੈਸਲਾ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਕੈਬਨਿਟ ਮੁਖੀ ਦੇ ਨਾਲ ਹੀ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਵੀ ਹਨ। ਇਸ ਲਈ ਉਨ੍ਹਾਂ ਵੱਲੋਂ ਹੀ ਕੋਈ ਆਖਰੀ ਫੈਸਲਾ ਕੀਤਾ ਜਾਣਾ ਹੈ ਕਿ ਫੌਜਾ ਸਿੰਘ ਸਰਾਰੀ ਨੂੰ ਕੈਬਨਿਟ ਮੰਤਰੀ ਦੇ ਅਹੁਦੇ ’ਤੇ ਰੱਖਣਾ ਹੈ ਜਾਂ ਫਿਰ ਉਨ੍ਹਾਂ ਨੂੰ ਕੈਬਨਿਟ ਤੋਂ ਬਾਹਰ ਕੀਤਾ ਜਾਣਾ ਹੈ। ਇਸ ਸਬੰਧੀ ਪਾਰਟੀ ਜਾਂ ਫਿਰ ਮੁੱਖ ਮੰਤਰੀ ਪੱਧਰ ’ਤੇ ਕੋਈ ਵੀ ਬਿਆਨ ਨਹੀਂ ਮਿਲ ਸਕਿਆ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ