ਪੰਜਾਬ ਭਰ ’ਚ 110 ਤੋਂ ਵੱਧ ਥਾਵਾਂ ’ਤੇ ਇੱਕੋ ਸਮੇਂ ਛਾਪੇਮਾਰੀ

ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ’ਤੇ ਵੱਡੀ ਕਾਰਵਾਈ

  •  ਕਾਰਵਾਈ ਪੰਜਾਬ ਨੂੰ ਅਪਰਾਧ ਮੁਕਤ ਰਾਜ ਬਣਾਉਣ ਲਈ ਚੱਲ ਰਹੀ ਮੁਹਿੰਮ ਦਾ ਹਿੱਸਾ
  • ਪੁਲਿਸ ਪਾਰਟੀਆਂ ਵੱਲੋਂ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਪਰਾਧਿਕ ਤੱਤਾਂ ਨਾਲ ਜੁੜੇ 100 ਤੋਂ ਵੱਧ ਸਥਾਨਾਂ ’ਤੇ ਛਾਪੇਮਾਰੀ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਜੁੜੇ 110 ਤੋਂ ਵੱਧ ਸਥਾਨਾਂ ’ਤੇ ਵਿਆਪਕ ਘੇਰਾਬੰਦੀ ਕਰਕੇ ਸਰਚ ਆਪਰੇਸ਼ਨ ਕੀਤਾ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਭਰ ਦੇ ਸਾਰੇ ਜ਼ਿਲਿਆਂ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ।

ਇਸ ਆਪ੍ਰੇਸ਼ਨ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਇਨਾਂ ਛਾਪਿਆਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇੱਕੋ ਸਮੇਂ ਕੀਤੀ ਜਾ ਸਕੇ। ਉਨਾਂ ਕਿਹਾ ਕਿ ਹਾਲ ਹੀ ਵਿੱਚ ਗਿ੍ਰਫ਼ਤਾਰ ਕੀਤੇ ਗੈਂਗਸਟਰਾਂ ਅਤੇ ਅਪਰਾਧੀਆਂ ਤੋਂ ਪੁੱਛਗਿੱਛ ਉਪਰੰਤ ਕੀਤੇ ਖੁਲਾਸਿਆਂ ਬਾਅਦ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ।

ਜ਼ਿਕਰਯੋਗ ਹੈ ਕਿ ਦੇਸ਼-ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕਰਨ ਲਈ ਪੰਜਾਬ ਪੁਲਿਸ ਦੀਆਂ 110 ਪਾਰਟੀਆਂ, ਜਿਨਾਂ ਵਿੱਚ 1000 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੂੰ ਤਾਇਨਾਤ ਕੀਤਾ ਗਿਆ ਸੀ। ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਘਰਾਂ ਤੇ ਹੋਰ ਥਾਂਵਾਂ ’ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਮੋਬਾਈਲ ਫੋਨਾਂ ਤੇ ਹੋਰ ਇਲੈਕਟਰਾਨਿਕ ਉਪਕਰਨਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨਾਂ ਦੱਸਿਆ ਕਿ ਅਗਰੇਲੀ ਜਾਂਚ ਲਈ ਕੁਝ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨਾਂ ਦੇ ਕਬਜ਼ੇ ਵਿੱਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ ਅਤੇ ਉਨਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ

ਉਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਹੈ ਅਤੇ ਅਸਲੇ ਦੀ ਸੋਰਸਿੰਗ ਬਾਰੇ ਵੀ ਪੁੱਛਗਿੱਛ ਕੀਤੀ ਹੈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ ਅਧਾਰਤ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਹਨ। ਏ.ਡੀ.ਜੀ.ਪੀ. ਨੇ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਸਮਾਜ ਵਿਰੋਧੀ ਅਨਸਰਾਂ ਦੇ ਗਠਜੋੜ ਨੂੰ ਤੋੜਨਾ ਸੀ, ਜੋ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵੀ ਸਹਾਈ ਹੁੰਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here