ਆਈ.ਜੀ. ਕੁੰਵਰ ਵਿਜੇ ਪ੍ਰਤਾਪ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਲਗਾਏ ਸਨ ਗੰਭੀਰ ਦੋਸ਼
ਚੋਣ ਜ਼ਾਬਤਾ ਲਗੇ ਹੋਣ ਤੱਕ ਨਹੀਂ ਮਿਲੇਗੀ ਚੰਗੀ ਪੋਸਟਿੰਗ, ਚੋਣ ਕਮਿਸ਼ਨ ਨੇ ਕਿਹਾ ਕਿ ਨਾ ਹੋਵੇ ਉਲੰਘਣ
ਚੰਡੀਗੜ, ਅਸ਼ਵਨੀ ਚਾਵਲਾ
ਬਹਿਬਲ ਗੋਲੀ ਕਾਂਡ ਮਾਮਲੇ ਵਿੱਚ ਜਾਂਚ ਕਰ ਰਹੀ ਸਪੈਸ਼ਲ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਇਸ ਜਾਂਚ ਟੀਮ ਤੋਂ ਛੁੱਟੀ ਕਰ ਦਿੱਤੀ ਗਈ ਹੈ। ਹੁਣ ਇਸ ਮਾਮਲੇ ਵਿੱਚ ਉਹ ਨਾ ਤਾਂ ਮਈ ਮਹੀਨੇ ਦੇ ਅੰਤ ਤੱਕ ਜਾਂਚ ਕਰ ਸਕਣਗੇ ਕਿਸੇ ਤਰਾਂ ਦੀ ਅਜਿਹੀ ਪੋਸਟਿੰਗ ਨਹੀਂ ਹੋਵੇਗੀ, ਜਿਥੇ ਕਿ ਸਿੱਧੇ ਤੌਰ ‘ਤੇ ਚੋਣਾਂ ‘ਤੇ ਅਸਰ ਪੈਂਦਾ ਹੋਵੇ। ਚੋਣ ਕਮਿਸ਼ਨ ਨੇ ਇਸ ਸਬੰਧੀ ਸਖ਼ਤ ਆਦੇਸ਼ ਜਾਰੀ ਕਰਦੇ ਹੋਏ ਮੁੱਖ ਸਕੱਤਰ ਪੰਜਾਬ ਨੂੰ ਸੋਮਵਾਰ ਸ਼ਾਮ 5 ਵਜੇ ਤੱਕ ਆਦੇਸ਼ਾਂ ਨੂੰ ਲਾਗੂ ਕਰਨ ਲਈ ਕਿਹਾ ਸੀ। ਜਿਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਨਾਂ ਦੀ ਡਿਊਟੀ ਤੋਂ ਰਿਲੀਵ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਨਰੇਸ਼ ਗੁਜਰਾਲ ਨੇ ਦਿੱਲੀ ਵਿਖੇ ਕੌਮੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਦੇ ਹੋਏ ਕਿਹਾ ਸੀ ਕਿ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਐਸ.ਆਈ.ਟੀ. ਦੇ ਅਹਿਮ ਮੈਂਬਰ ਹਨ ਅਤੇ ਐਸ.ਆਈ.ਟੀ. ਵਲੋਂ ਉਹ ਹੀ ਸਭ ਤੋਂ ਅੱਗੇ ਰਹਿੰਦੇ ਹਨ। ਉਨਾਂ ਦੋਸ਼ ਲਗਾਇਆ ਸੀ ਕਿ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਪੁਲਿਸ ਅਧਿਕਾਰੀ ਦੀ ਥਾਂ ‘ਸਿਆਸੀ’ ਤੌਰ ‘ਤੇ ਕੰਮ ਕਰ ਰਹੇ ਹਨ, ਜਿਸ ਦਾ ਸਿੱਧੇ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਦੀ ਭਾਵਨਾ ਨਾਲ ਕੰਮ ਕੀਤਾ ਜਾ ਰਿਹਾ ਹੈ।
ਚੋਣ ਕਮਿਸ਼ਨ ਨੇ ਇਸ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਤੋਂ ਜੁਆਬ ਤਲਬ ਕੀਤਾ ਸੀ ਅਤੇ ਬੀਤੇ ਸ਼ੁੱਕਰਵਾਰ ਹੀ ਇਸ ਸਬੰਧੀ ਜੁਆਬ ਪੰਜਾਬ ਪੁਲਿਸ ਵਲੋਂ ਚੋਣ ਕਮਿਸ਼ਨ ਨੂੰ ਦਿੱਤਾ ਗਿਆ ਸੀ। ਇਸ ਸਬੰਧੀ ਪੰਜਾਬ ਪੁਲਿਸ ਵਲੋਂ ਜੁਆਬ ਦਾਖਲ ਕਰਨ ਤੋਂ ਬਾਅਦ ਹੀ ਕਾਂਗਰਸ ਪਾਰਟੀ ਨੇ ਵੀ ਕੁੰਵਰ ਵਿਜੇ ਪ੍ਰਤਾਪ ਦੇ ਹੱਕ ਵਿੱਚ ਨਿੱਤਰਦੇ ਹੋਏ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਸੀ। ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।