ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਵਿਸ਼ੇਸ਼ ਪਹਿਲਕਦਮੀ

Special, Initiative, Development, Punjabi, Language, Navjot Singh Sidhu

ਸੈਰ ਸਪਾਟਾ ਵਿਭਾਗ ਦਾ ਸਾਰਾ ਦਫਤਰੀ ਕੰਮ ਪੰਜਾਬੀ ਭਾਸ਼ਾ ਵਿੱਚ ਕਰਨ ਦੇ ਆਦੇਸ਼ | Navjot Singh Sidhu

  • ਦੋਵੇਂ ਵਿਭਾਗਾਂ ਨਾਲ ਸਬੰਧਤ ਹਰ ਸਾਈਨ ਬੋਰਡ ‘ਤੇ ਪੰਜਾਬੀ ਭਾਸ਼ਾ ਲਿਖਣੀ ਲਾਜ਼ਮੀ ਬਣਾਉਣ ਲਈ ਕਿਹਾ

ਚੰਡੀਗੜ, (ਸੱਚ ਕਹੂੰ ਬਿਊਰੋ)। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਵਿਸ਼ੇਸ਼ ਪਹਿਲਕਦਮੀ ਕਰਦਿਆਂ ਆਪਣੇ ਦੋਵੇਂ ਵਿਭਾਗਾਂ ਸਥਾਨਕ ਸਰਕਾਰਾਂ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਦਾ ਸਾਰਾ ਦਫਤਰੀ ਕੰਮ-ਕਾਰ ਪੰਜਾਬੀ ਭਾਸ਼ਾ ਵਿੱਚ ਕਰਨਾ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਹਨ। ਸਿੱਧੂ ਨੇ ਬੀਤੇ ਦਿਨੀਂ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਹਿਤੈਸ਼ੀ ਵੱਲੋਂ ਸੱਦੀ ਗਈ ‘ਪੰਚਾਇਤ’ ਦੌਰਾਨ ਇਸ ਸਬੰਧੀ ਐਲਾਨ ਕੀਤਾ ਸੀ ਅਤੇ ਅੱਜ ਉਨਾਂ ਦੋਵੇਂ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਪੱਤਰ ਲਿਖ ਕੇ ਸਾਰਾ ਕੰਮ-ਕਾਰ ਪੰਜਾਬੀ ਭਾਸ਼ਾ ਵਿੱਚ ਲਾਜ਼ਮੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। (Navjot Singh Sidhu)

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿੱਧੂ ਨੇ ਦੋਵਾਂ ਵਿਭਾਗਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬੀ ਭਾਸ਼ਾ ਨੂੰ ਉਤਸ਼ਾਹਤ ਤੇ ਪ੍ਰਫੁੱਲਤ ਕਰਨਾ ਉਨਾਂ ਦਾ ਮੁੱਢਲਾ ਫਰਜ਼ ਹੈ ਅਤੇ ਭਵਿੱਖ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਵਿਭਾਗ ਦਾ ਸਾਰਾ ਦਫਤਰੀ ਕੰਮ-ਕਾਰ ਪੰਜਾਬੀ ਮਾਂ ਬੋਲੀ ਵਿੱਚ ਕੀਤਾ ਜਾਵੇ। ਇਸੇ ਤਰਾਂ ਉਨਾਂ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਦੋਵਾਂ ਵਿਭਾਗ ਨਾਲ ਸਬੰਧਤ ਹਰ ਸਾਈਨ ਬੋਰਡ ਉਪਰ ਪੰਜਾਬੀ ਭਾਸ਼ਾ ਵਿੱਚ ਲਿਖਣਾ ਯਕੀਨੀ ਬਣਾਇਆ ਜਾਵੇ। (Navjot Singh Sidhu)

ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਬੰਧਤ ਅਧਿਕਾਰੀ/ਕਰਮਚਾਰੀ ਖਿਲਾਫ ਹੋਵੇਗੀ ਵਿਭਾਗੀ ਕਾਰਵਾਈ

ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਨੂੰ ਲਿਖੇ ਪੱਤਰ ਵਿੱਚ ਸ. ਸਿੱਧੂ ਨੇ ਕਿਹਾ ਕਿ ਜੇਕਰ ਉਕਤ ਆਦੇਸ਼ਾਂ ਦੀ ਪਾਲਣਾ ਨਹੀਂ ਹੁੰਦੀ ਤਾਂ ਸਬੰਧਤ ਅਧਿਕਾਰੀ/ਕਰਮਚਾਰੀ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇ। ਕੈਬਨਿਟ ਮੰਤਰੀ ਸਿੱਧੂ ਨੇ ਪੰਜਾਬੀ ਮਾਂ ਬੋਲੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੰਜਾਬੀ ਸਾਡੀ ਪਹਿਚਾਣ ਤੇ ਗੈਰਤ ਹੈ ਅਤੇ ਜੇਕਰ ਇਸ ਨੂੰ ਗੁਆ ਬੈਠਾਂਗੇ ਤਾਂ ਸਾਡੀ ਹੋਂਦ ਹੀ ਨਹੀਂ ਰਹੇਗੀ, ਇਸ ਲਈ ਮਾਂ ਬੋਲੀ ਦਾ ਰੁਤਬਾ ਬਹਾਲ ਕਰਨਾ ਅਤੇ ਇਸ ਨੂੰ ਬਣਦਾ ਮਾਣ ਸਤਿਕਾਰ ਦੇਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। (Navjot Singh Sidhu)