14th january 2025: 40 ਮੁਕਤਿਆਂ ਦੀ ਯਾਦ ਨੂੰ ਸਮੱਰਪਿਤ ਮਾਘੀ ਮੇਲਾ

maghi mela artical

ਮੇਲਾ ਮਾਘੀ ’ਤੇ ਵਿਸ਼ੇਸ਼ | 14th january 2025

14th january 2025: ਮਹਾਂਪੁਰਸ਼ਾਂ ਦੀ ਜੀਵਨ ਜਾਚ ਸਦੀਆਂ ਲਈ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਆਦਰਸ਼ ਤੇ ਸੇਧਾਂ ਦਾ ਰੂਪ ਧਾਰਨ ਕਰ ਲੈਂਦੀ ਹੈ। ਸਾਲ ਭਰ ਵਿਚ ਗੁਰੁੂਆਂ, ਪੀਰਾਂ, ਸੂਰਬੀਰਾਂ ਤੇ ਦੇਸ਼ ਭਗਤਾਂ ਦੀ ਯਾਦ ਵਿਚ ਮਨਾਏ ਜਾਂਦੇ ਮੇਲੇ ਅਤੇ ਤਿਉਹਾਰ ਸਾਨੂੰ ਸਮਾਜਿਕ ਬੁਰਾਈਆਂ ਦਾ ਤਿਆਗ ਕਰਕੇ ਨੇਕੀ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਦਾ ਮਾਘੀ ਮੇਲਾ ਉਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਦਾ ਹੈ, ਜੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਰਹਿਨੁਮਾਈ ਹੇਠ ਮੁਗਲਾਂ ਦੇ ਜ਼ਬਰ ਤੇ ਜ਼ੁਲਮ ਖਿਲਾਫ ਸਮਾਜ ਤੇ ਦੇਸ਼ ਲਈ ਲੜਦੇ ਹੋਏ ਇਸ ਜਗ੍ਹਾ ’ਤੇ ਸ਼ਹੀਦੀਆਂ ਪ੍ਰਾਪਤ ਗਏ ਸਨ।

ਸ੍ਰੀ ਮੁਕਤਸਰ ਸਾਹਿਬ ਵਾਲੀ ਅੱਜ ਦੀ ਮੌਜੂਦਾ ਜਗ੍ਹਾ ਉਸ ਸਮੇਂ ਖਿਦਰਾਣੇ ਦੀ ਢਾਬ ਕਰਕੇ ਮਸ਼ਹੂਰ ਸੀ। ਜਦੋਂ ਇਸ ਜਗ੍ਹਾ ’ਤੇ 40 ਸਿੱਖ ਯੋਧੇ ਮੁਗਲਾਂ ਦੇ ਜ਼ੁਲਮਾਂ ਖਿਲਾਫ ਲੜਦੇ ਹੋਏ ਜੰਗ ਵਿਚ ਸ਼ਹੀਦ ਹੋ ਗਏ ਤਾਂ, ਉਸ ਸਮੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਖਿਦਰਾਣੇ ਦੀ ਢਾਬ ਕਹੀ ਜਾਣ ਵਾਲੀ ਇਸ ਜਗ੍ਹਾ ਦਾ ਨਾਂਅ 40 ਮੁਕਤਿਆਂ ਦੀ ਯਾਦ ਵਿਚ ਮੁਕਤੀਸਰ ਰੱਖਿਆ, ਜਿਸ ਨੂੰ ਬਾਅਦ ਵਿਚ ਮੁਕਤਸਰ ਆਖਿਆ ਜਾਣ ਲੱਗਾ ਤੇ ਹੁਣ ਸਰਕਾਰ ਵੱਲੋਂ ਇਸ ਦਾ ਨਾਂਅ ਸ੍ਰੀ ਮੁਕਤਸਰ ਸਾਹਿਬ ਰੱਖ ਦਿੱਤਾ ਗਿਐ। ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ ਬਾਰੇ ਜੋ ਇਤਿਹਾਸ ’ਚ ਲਿਖਿਆ ਮਿਲਦਾ, ਅਨੁਸਾਰ ਗੁਰੂ ਸਾਹਿਬ ਉਨ੍ਹੀਂ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਦੇ ਕਿਲੇ ਤੋਂ ਦੁਸ਼ਮਣਾਂ ਵਿਰੁੱਧ ਲੜਾਈ ਲੜ ਰਹੇ ਸਨ। 14th january 2025

ਇਹ ਖਬਰ ਵੀ ਪੜ੍ਹੋ : Farmers Meeting: ਕਿਸਾਨਾਂ ਦੀ ਸਾਂਝੀ ਹੋਈ ਸਾਂਝੀ ਮੀਟਿੰਗ, ਜਾਣੋ ਕੀ-ਕੀ ਹੋਇਆ

ਗੁਰੂ ਸਾਹਿਬ ਨੂੰ ਜੰਗ ਵਿਚ ਹਰਾਉਣ ਦੇ ਇਰਾਦੇ ਨਾਲ ਲਾਹੌਰ, ਸਰਹੰਦ ਤੇ ਪਹਾੜੀ ਰਾਜਿਆਂ ਦੇ ਟਿੱਡੀ ਦਲਾਂ ਨੇ ਸ੍ਰੀ ਅਨੰਦਪੁਰ ਸਾਹਿਬ ਨੂੰ ਘੇਰਾ ਪਾ ਲਿਆ। ਕਿਲੇ੍ਹ ਵਿਚ ਮੌਜੂਦ ਸੂਰਬੀਰ ਯੋਧਿਆਂ ਨੇ ਕਈ ਮਹੀਨੇ ਡਟ ਕੇ ਦੁਸ਼ਮਣ ਦੀਆਂ ਭਾਰੀ ਗਿਣਤੀ ਫੌਜਾਂ ਦਾ ਟਾਕਰਾ ਕੀਤਾ। ਸਿੱਖਾ ਫੌਜਾਂ ਦੇ ਛਾਪਾਮਾਰ ਹਮਲਿਆਂ ਨਾਲ ਦੁਸ਼ਮਣ ਦੀ ਫੌਜ ਦੇ ਹੌਂਸਲੇ ਪਸਤ ਹੋ ਚੁੱਕੇ ਸਨ। ਆਖਰ ਵਿਚ ਪਹਾੜੀ ਰਾਜਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੂੰ ਹਰਾਉਣ ਲਈ ਉਸ ਸਮੇਂ ਦੇ ਮੁਗਲ ਬਾਦਸ਼ਾਹ ਔਰੰਗਜੇਬ ਤੋਂ ਸਹਾਇਤਾ ਮੰਗੀ। ਔਰੰਗਜੇਬ ਨੇ ਪਹਾੜੀ ਰਾਜਿਆਂ ਦੀ ਮੱਦਦ ਲਈ ਲਾਹੌਰ ਤੇ ਸਰਹੰਦ ਦੇ ਸੂਬੇਦਾਰਾਂ ਨੂੰ ਫੁਰਮਾਨ ਜਾਰੀ ਕਰ ਦਿੱਤਾ। ਇੱਧਰ ਕਿਲੇ੍ਹ ਵਿੱਚੋਂ ਵੀ ਹੌਲੀ-ਹੌਲੀ ਰਾਸ਼ਨ-ਪਾਣੀ ਮੁੱਕਦਾ ਜਾ ਰਿਹਾ ਸੀ, ਪਰੰਤੂ ਕਿਲ੍ਹੇ ਵਿਚੋਂ ਸਿੱਖ ਸ਼ੇਰਾਂ ਵਾਂਗ ਲੜ ਰਹੇ ਸਨ।

ਪਰ ਕੁਝ ਸਿੱਖ ਉਸ ਵੇਲੇ ਭਰਮ ਦਾ ਸ਼ਿਕਾਰ ਹੋ ਕੇ ਡੋਲ ਗਏ, ਤੇ ਗੁਰੂ ਜੀ ਨੂੰ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਦੀਆਂ ਸਲਾਹਾਂ ਦੇਣ ਲੱਗੇ। ਗੁਰੂ ਜੀ ਨੇ ਕੁਝ ਸਮਾਂ ਹੋਰ ਉਡੀਕ ਕਰਨ ਲਈ ਕਿਹਾ, ਪਰੰਤੂ ਉਨ੍ਹਾਂ ਦਾ ਆਤਮਬਲ ਐਨਾ ਕਮਜ਼ੋਰ ਹੋ ਗਿਆ ਕਿ ਉਨ੍ਹਾਂ ਗੁਰੂ ਜੀ ਨੂੰ ਬੇਦਾਵਾ ਲਿਖ ਦਿੱਤਾ, ਕਿ ਅਸੀਂ ਤੁਹਾਡੇ ਸਿੱਖ ਨਹੀਂ ਤੇ ਤੁਸੀਂ ਸਾਡੇ ਗੁਰੂ ਨਹੀਂ, ਤੇ ਘਰਾਂ ਨੂੰ ਚਲੇ ਗਏ। ਗੁਰੂ ਜੀ ਨੂੰ ਬੇਦਾਵਾ ਲਿਖ ਕੇ ਦੇਣ ਵਾਲੇ ਇਹ ਸਿੱਖ ਜਦ ਆਪਣੇ ਘਰਾਂ ਵਿਚ ਪਹੁੰਚੇ ਤਾਂ ਮਾਈ ਭਾਗੋ ਤੇ ਹੋਰ ਬੀਬੀਆਂ ਨੇ ਉਨ੍ਹਾਂ ਨੂੰ ਲੱਖ-ਲੱਖ ਲਾਹਨਤਾਂ ਪਾਈਆਂ ਤੇ ਕਿਹਾ ਕਿ ਤੁਸੀਂ ਚੂੜੀਆਂ ਪਾ ਕੇ ਘਰ ਬੈਠੋ, ਅਸੀਂ ਜਾਂਦੀਆਂ ਹਾਂ ਜੰਗ ਦੇ ਮੈਦਾਨ ਵਿਚ ਗੁਰੂ ਜੀ ਦਾ ਸਾਥ ਦੇਣ।

ਤਾਂ ਮਾਈ ਭਾਗੋ ਅਤੇ ਹੋਰ ਬੀਬੀਆਂ ਤੋਂ ਖਰੀਆਂ ਤੇ ਸੱਚੀਆਂ ਗੱਲਾਂ ਸੁਣਨ ਤੋਂ ਇਲਾਵਾ ਜਦੋਂ ਇਨ੍ਹਾਂ ਬੇਦਾਵਾ ਲਿਖਣ ਵਾਲਿਆਂ ਨੂੰ ਗੁਰੂ ਜੀ ਦੇ ਪਰਿਵਾਰ ਦੇ ਖੇਰੂੰ-ਖੇਰੂੰ ਹੋਣ, ਸਾਹਿਬਜ਼ਾਦਿਆਂ ਦੀ ਸ਼ਹੀਦੀ ਅਤੇ ਗੁਰੂ ਸਾਹਿਬ ਦਾ ਪਿੱਛਾ ਕਰ ਰਹੀਆਂ ਮੁਗ਼ਲ ਫੌਜਾਂ ਬਾਰੇ ਪਤਾ ਲੱਗਾ ਤਾਂ ਇਨ੍ਹਾਂ ਸਿੱਖਾਂ ਦੀ ਜ਼ਮੀਰ ਨੇ ਹਲੂਣਾ ਖਾਧਾ, ਅਤੇ ਔਖੀ ਘੜੀ ਵਿਚ ਗੁਰੂ ਦਾ ਸਾਥ ਛੱਡਣ ਦਾ ਅਹਿਸਾਸ ਵੀ ਉਨ੍ਹਾਂ ਨੂੰ ਸਤਾਉਣ ਲੱਗਾ। ਇਹ ਸਿੱਖ ਮੁੜ ਤੋਂ ਗੁਰੂ ਜੀ ਦੀ ਅਗਵਾਈ ਵਿਚ ਮੁਗ਼ਲ ਫੌਜਾਂ ਨਾਲ ਲੜਨ-ਮਰਨ ਲਈ ਚੱਲ ਪਏ।

ਇਸ ਮੌਕੇ ਮਾਈ ਭਾਗੋ ਵੀ ਮਰਦਾਵੇਂ ਭੇਸ ਵਿਚ ਉਨ੍ਹਾਂ ਦੇ ਨਾਲ ਸੀ। ਰਸਤੇ ਵਿਚ ਇਨ੍ਹਾਂ ਨੂੰ ਗੁਰੂ ਜੀ ਦੇ ਸ੍ਰੀ ਆਨੰਦਪੁਰ ਸਾਹਿਬ ਛੱਡਣ, ਛੋਟੇ ਤੇ ਵੱਡੇ ਸ਼ਾਹਿਬਜ਼ਾਦਿਆਂ ਦੀ ਸ਼ਹਾਦਤ, ਆਦਿ ਦੇ ਸਮਾਚਾਰ ਜਦੋਂ ਮਾਲੂਮ ਹੋਏ ਤਾਂ ਇਨ੍ਹਾਂ ਦਾ ਖੂਨ ਹੋਰ ਵੀ ਖੌਲਣ ਲੱਗ ਪਿਆ। ਉਹ ਸਾਰੇ ਪੁੱਛਦੇ-ਪੁਛਾਂਦੇ ਜਿੱਧਰ ਨੂੰ ਗੁਰੂ ਜੀ ਗਏ ਸਨ, ਉੱਧਰ ਨੂੰ ਚੱਲ ਪਏ। ਉੱਧਰ ਗੁਰੂ ਜੀ ਚਮਕੌਰ ਸਾਹਿਬ, ਮਾਛੀਵਾੜਾ, ਕਨੇਚ, ਆਲਮਗੀਰ, ਹੇਰ, ਲੰਮੇ, ਰਾਏਕੋਟ, ਦੀਨਾ ਆਦਿ ਹੁੰਦੇ ਹੋਏ ਕੋਟਕਪੂਰਾ ਪਹੁੰਚੇ ਤਾਂ ਪਤਾ ਲੱਗਾ ਕਿ ਸੂਬਾ ਸਰਹੰਦ ਵਜ਼ੀਦ ਖਾਨ ਭਾਰੀ ਲਾਮ-ਲਸ਼ਕਰ ਨਾਲ ਉਨ੍ਹਾਂ ਦਾ ਪਿੱਛਾ ਕਰਦਾ ਆ ਰਿਹਾ ਹੈ। 14th january 2025

ਗੁਰੂ ਜੀ ਨੇ ਯੁੱਧ ਨੀਤੀ ਅਨੁਸਾਰ ਖਿਦਰਾਣੇ ਦੀ ਢਾਬ (ਹੁਣ ਸ੍ਰੀ ਮੁਕਤਸਰ ਸਾਹਿਬ) ਨਜ਼ਦੀਕ ਉਸ ਨਾਲ ਟਾਕਰਾ ਕਰਨਾ ਵਧੇਰੇ ਯੋਗ ਸਮਝਿਆ। ਇੱਧਰ ਮਾਝੇ ਦੇ ਸਿੱਖਾਂ ਦਾ ਜੱਥਾ ਜਦੋਂ ਗੁਰੂ ਸਾਹਿਬ ਦੀ ਭਾਲ ਕਰਦਾ ਹੋਇਆ ਖਿਦਰਾਣੇ ਦੀ ਢਾਬ ’ਤੇ ਪਹੁੰਚਿਆ ਤਾਂ ਇਨ੍ਹਾਂ ਨੂੰ ਵੀ ਵਜ਼ੀਦ ਖਾਨ ਦੀ ਫੌਜ ਦੇ ਇੱਥੇ ਪਹੁੰਚਣ ਦੀ ਖਬਰ ਮਿਲੀ, ਤਾਂ ਇਨ੍ਹਾਂ ਮੁਗ਼ਲ ਫੌਜ ਦੇ ਖਿਲਾਫ ਲੜਨ ਲਈ ਮੋਰਚੇ ਸੰਭਾਲ ਲਏ। ਇਸ ਸਮੇਂ ਗੁਰੂ ਜੀ ਵੱਲੋਂ ਅਪਣਾਈ ਯੁੱਧ ਨੀਤੀ ਪੂਰੀ ਤਰ੍ਹਾਂ ਸਫ਼ਲ ਰਹੀ, ਕਿਉਂਕਿ ਗੁਰੂ ਜੀ ਦਾ ਪਿੱਛਾ ਕਰਦੀ ਹੋਈ ਸਾਰੀ ਮੁਗ਼ਲ ਫੌਜ ਵੀ ਉਸੇ ਪਾਸੇ ਝੁਕ ਗਈ। ਦੂਸਰੇ ਪਾਸੇ ਮਾਤਾ ਭਾਗ ਕੌਰ ਅਤੇ ਭਾਈ ਮਹਾਂ ਸਿੰਘ ਦੀ ਅਗਵਾਈ ਵਿਚ ਸਿੱਖਾਂ ਨੇ ਇੱਕਦਮ ਅਚਾਨਕ ਮੁਗ਼ਲ ਫੌਜਾਂ ’ਤੇ ਹਮਲਾ ਬੋਲ ਦਿੱਤਾ। ਇਸ ਹਮਲੇ ਵਿਚ ਮੁਗਲ ਫੌਜ ਦੇ ਸੈਂਕੜੇ ਸੈਨਿਕ ਮਾਰੇ ਗਏ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਵੀ ਟਿੱਬੀ ਤੋਂ ਤੀਰਾਂ ਦੀ ਝੜੀ ਲਾ ਦਿੱਤੀ। ਬਹੁਤ ਸਾਰੇ ਦੁਸ਼ਮਣ ਫੌਜ ਦੇ ਜਰਨੈਲ ਗੁਰੂ ਜੀ ਦੇ ਤੀਰਾਂ ਦੀ ਭੇਂਟ ਚੜ੍ਹਦੇ ਗਏ। ਸਿੱਖ ਅਜਿਹੀ ਬਹਾਦਰੀ ਤੇ ਜੋਸ਼ ਨਾਲ ਲੜੇ ਕਿ ਦੁਸ਼ਮਣ ਦੀ ਫੌਜ ਨੂੰ ਭਾਜੜ ਪੈ ਗਈ। ਦੁਸ਼ਮਣ ਹਾਰ ਖਾ ਕੇ ਭੱਜ ਉੱਠੇ ਤੇ ਖਾਲਸੇ ਨੇ ਜੰਗ ਦਾ ਮੈਦਾਨ ਫਤਿਹ ਕਰ ਲਿਆ। ਪਰ ਇਸ ਜੰਗ ਵਿਚ ਗੁਰੂ ਜੀ ਨੂੰ ਬੇਦਾਵਾ ਲਿਖ ਕੇ ਦੇਣ ਵਾਲੇ 40 ਸਿੱਖ, ਜਿੰਨ੍ਹਾਂ ਨੂੰ ਬਾਅਦ ਵਿਚ ਆਪਣੀ ਕੀਤੀ ਬੱਜਰ ਗਲਤੀ ਦਾ ਅਹਿਸਾਸ ਹੋਇਆ, ਨੇ ਵੀ ਗੁਰੂ ਸਾਹਿਬ ਦੀ ਅਗਵਾਈ ਵਿਚ ਜੰਗ ਦੇ ਮੈਦਾਨ ਵਿਚ ਜੋ ਮੁਗਲ ਫੌਜ ਦਾ ਡਟ ਕੇ ਮੁਕਾਬਲਾ ਕੀਤਾ, ਬਹੁਤ ਸਾਰੇ ਸਿੱਖਾਂ ਸਮੇਤ ਇਹ 40 ਸਿੱਖ ਵੀ ਲੜਾਈ ਦੇ ਮੈਦਾਨ ਵਿਚ ਜੂਝਦੇ ਹੋਏ ਸ਼ਹੀਦ ਹੋ ਗਏ। ਮੁਗ਼ਲਾਂ ਦੇ ਜੰਗ ਦਾ ਮੈਦਾਨ ਛੱਡਕੇ ਭੱਜ ਜਾਣ ਤੋਂ ਬਾਅਦ ਗੁਰੂ ਜੀ ਨੇ ਰਣਭੂਮੀ ਵਿਚ ਦੇਖਿਆ।

ਕਿ ਢਾਬ ਕੰਢੇ ਜਖ਼ਮੀ ਹਾਲਤ ਵਿਚ ਬੈਠੀ ਮਾਤਾ ਭਾਗੋ ਆਪਣੇ ਜਖ਼ਮਾਂ ਨੂੰ ਧੋ ਰਹੀ ਸੀ। ਮਾਤਾ ਭਾਗੋ ਨੇ ਗੁਰੂ ਸਾਹਿਬ ਦੇ ਦਰਸ਼ਨ ਕਰਕੇ ਉਨ੍ਹਾਂ ਦੇ ਚਰਨਾਂ ਵਿਚ ਆਪਣਾ ਸੀਸ ਨਿਵਾਇਆ। ਉਸ ਨੇ ਦਸ਼ਵੇਂ ਪਾਤਸ਼ਾਹ ਨੂੰ ਸੂਰਬੀਰ ਸਿੱਖਾਂ ਦੀ ਬਹਾਦਰੀ ਅਤੇ ਸ਼ਹਾਦਤਾਂ ਦੀ ਗਾਥਾ ਸੁਣਾਈ। ਗੁਰੂ ਸਾਹਿਬ ਨੇ ਜੰਗ ਵਿਚ ਜੂਝੇ ਸੂਰਮਿਆਂ ਨੂੰ ਅਤਿਅੰਤ ਸਨੇਹ ਨਾਲ ਪੰਜ ਹਜਾਰੀ, ਸੱਤ ਹਜਾਰੀ ਅਤੇ ਦਸ ਹਜ਼ਾਰੀ ਦਾ ਵਰ ਦਿੰਦੇ ਹੋਏ ਹਰੇਕ ਨੂੰ ਆਪਣੇ ਕਰ-ਕਮਲਾਂ ਨਾਲ ਪਲੋਸਿਆ। ਜੰਗ ਦੇ ਮੈਦਾਨ ਵਿਚ ਪਈਆਂ ਸਿੱਖਾਂ ਦੀਆਂ ਦੇਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਬੜੇ ਹੀ ਪਿਆਰ ਨਾਲ ਨਿਹਾਰਿਆ ਤੇ ਹਰ ਇੱਕ ਨੂੰ ਛਾਤੀ ਨਾਲ ਲਾ ਕੇ ਅਤਿਅੰਤ ਸਨੇਹ ਨਾਲ ਅਨੇਕਾਂ ਬਖ਼ਸ਼ਿਸ਼ਾਂ ਕੀਤੀਆਂ। ਐਨੇ ਨੂੰ ਭਾਈ ਮਹਾਂ ਸਿੰਘ ਸਹਿਕਦਾ ਹੋਇਆ ਗੁਰੂ ਜੀ ਦੇ ਨਜ਼ਰੀਂ ਪਿਆ। 14th january 2025

ਗੁਰੂ ਸਾਹਿਬ ਨੇ ਉਸ ਦੇ ਸਿਰ ਨੂੰ ਆਪਣੀ ਗੋਦ ਵਿਚ ਲੈ ਕੇ ਉਸ ਦੇ ਮੂੰਹ ਨੂੰ ਸਾਫ ਕੀਤਾ ਤਾਂ ਉਸ ਦੀਆਂ ਅੱਖਾਂ ਖੁੱਲ੍ਹ ਗਈਆਂ। ਗੁਰੂ ਜੀ ਨੇ ਗੋਦੀ ਵਿਚ ਲਏ ਭਾਈ ਮਹਾਂ ਸਿੰਘ ਦਾ ਅੰਤਿਮ ਸਮਾਂ ਨੇੜੇ ਆਉਂਦਾ ਦੇਖ ਕੇ ਉਸ ਦੇ ਜੀਵਨ ਦੀ ਕਿਸੇ ਇੱਛਾ ਬਾਰੇ ਪੁੱਛਿਆ ਤਾਂ ਭਰੀਆਂ ਅੱਖਾਂ ਨਾਲ ਮਹਾਂ ਸਿੰਘ ਨੇ ਕਿਹਾ ਕਿ ‘ਉੱਤਮ ਭਾਗ ਹਨ’ ਕਿ ਅੰਤਿਮ ਸਮੇਂ ਆਪ ਜੀ ਦੇ ਦੀਦਾਰ ਹੋ ਗਏ, ਸਭ ਇੱਛਾਵਾਂ ਪੂਰੀਆਂ ਹੋ ਗਈਆਂ। ਪਰੰਤੂ ਜੇ ਆਪ ਤੁੱਠੇ ਹੋ ਤਾਂ ਸਮੇਂ ਦੇ ਗੇੜ ਤੇ ਬਿਖੜੇ ਹਾਲਤਾਂ ਕਾਰਨ ਉਸ ਸਮੇਤ ਜੋ 40 ਸਿੱਖ ਆਪ ਜੀ ਨੂੰ ਬੇਦਾਵਾ ਲਿਖ ਕੇ ਦੇ ਆਏ ਸਨ, ਉਸ ਨੂੰ ਨਾ ਚਿਤਾਰਦੇ ਹੋਏ ਉਹ ਬੇਦਾਵੇ ਵਾਲਾ ਕਾਗਜ ਪਾੜ ਕੇ ਟੁੱਟੀ ਗੰਢੋ।

ਭਾਈ ਸਾਹਿਬ ਦੇ ਮੁੂੰਹੋਂ ਇਹ ਸ਼ਬਦ ਸੁਣ ਕੇ ਗੁਰੂ ਸਾਹਿਬ ਬੜੇ ਹੀ ਪ੍ਰਸੰਨ ਹੋਏ ਉਨ੍ਹਾਂ ਭਾਈ ਮਹਾਂ ਸਿੰਘ ਦੀ ਅੰਤਿਮ ਇੱਛਾ ਨੂੰ ਪੁੂਰਾ ਕਰਦਿਆਂ ਆਪਣੇ ਕਮਰਕੱਸੇ ਵਿਚੋਂ ਬੇਦਾਵੇ ਵਾਲਾ ਕਾਗਜ ਕੱਢਿਆ ਤੇ ਟੁਕੜੇ-ਟੁਕੜੇ ਕਰ ਦਿੱਤਾ। ਇਸ ਤਰ੍ਹਾਂ ਗੁਰੂ ਜੀ ਨੇ ਭਾਈ ਮਹਾਂ ਸਿੰਘ ਦੀ ਅੰਤਲੀ ਭਾਵਨਾ ਪੂਰੀ ਕੀਤੀ, ਤੇ ਇਸ ਜਗ੍ਹਾ ਦਾ ਨਾਂਅ ਖਿਦਰਾਣੇ ਦੀ ਢਾਬ ਤੋਂ ਬਦਲ ਕੇ ਮੁਕਤਸਰ ਰੱਖਿਆ, ਜਿਸ ਨੂੰ ਹੁਣ ਸ੍ਰੀ ਮੁਕਤਸਰ ਸਾਹਿਬ ਆਖਿਆ ਜਾਂਦਾ ਹੈ। ਇਸ ਤੋਂ ਬਾਅਦ ਜਦੋਂ ਭਾਈ ਮਹਾਂ ਸਿੰਘ ਸਰੀਰ ਤਿਆਗ ਗਏ ਤਾਂ ਗੁਰੂ ਸਾਹਿਬ ਨੇ ਰਣਭੂਮੀ ਵਿਚ ਸ਼ਹੀਦ ਹੋਏ ਸਾਰੇ ਸਿੱਖਾਂ ਦੇ ਮ੍ਰਿਤਕ ਸਰੀਰਾਂ ਨੂੰ ਇਕੱਠਾ ਕਰਨ ਤੋਂ ਬਾਅਦ ਉਸੇ ਥਾਂ ਲੱਕੜਾਂ ਇਕੱਠੀਆਂ ਕਰਕੇ ਇੱਕ ਵੱਡੀ ਸਾਰੀ ਚਿਖਾ ਬਣਾ ਕੇ ਆਪਣੇ ਹੱਥੀਂ ਅੰਤਿਮ ਸਸਕਾਰ ਕੀਤਾ।

ਜਿਸ ਜਗ੍ਹਾ ’ਤੇ ਗੁਰੂ ਸਾਹਿਬ ਨੇ ਮਹਾਂ ਸਿੰਘ ਦੀ ਅੰਤਿਮ ਇੱਛਾ ਅਨੁਸਾਰ ਬੇਦਾਵੇ ਵਾਲਾ ਕਾਗਜ਼ ਪਾੜ ਕੇ ਟੁੱਟੀ ਗੰਢੀ, ਉੱਥੇ ਅੱਜ-ਕੱਲ੍ਹ ਟੁੱਟੀ ਗੰਢੀ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ। ਇਸੇ ਤਰ੍ਹਾਂ ਜਿੱਥੇ 40 ਮੁਕਤੇ ਸ਼ਹੀਦ ਹੋਏ ਉਸ ਜਗ੍ਹਾ ਦਾ ਨਾਂਅ ਉਸ ਸਮੇਂ ਤੋਂ ਮੁਕਤਸਰ ਅਤੇ ਜਿਸ ਜਗ੍ਹਾ ਸ਼ਹੀਦਾਂ ਦਾ ਸਸਕਾਰ ਕੀਤਾ ਗਿਆ ਉਸ ਜਗ੍ਹਾ ’ਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਸਾਰੀਆਂ ਜੰਗਾਂ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਦੇਸ਼, ਕੌਮ, ਹੱਕ, ਸੱਚ ਅਤੇ ਧਰਮ ਦੀ ਰੱਖਿਆ ਖਾਤਰ ਲੜੀਆਂ ਤੇ ਹਰ ਵਾਰ ਚੜ੍ਹਦੀ ਕਲਾ ਵਿਚ ਉਸ ਅਕਾਲਪੁਰਖ ਦੇ ਭਾਣੇ ਵਿਚ ਰਹਿੰਦਿਆਂ ਗਰੀਬਾਂ, ਨਿਆਸਰਿਆਂ, ਮਜ਼ਲੂੂਮਾਂ ਨੂੰ ਲਤਾੜਨ ਵਾਲੇ ਜ਼ਾਬਰਾਂ ਦਾ ਬਹਾਦਰੀ ਨਾਲ ਡਟ ਕੇ ਸਾਹਮਣਾ ਕੀਤਾ। 14th january 2025

ਉਨ੍ਹਾਂ ਦੇ ਜੀਵਨ ਦਾ ਹਰ ਝਲਕਾਰਾ ਮਨੁੱਖ ਨੂੰ ਹਨੇ੍ਹਰੀਆਂ ਖੱਡਾਂ ਵਿਚੋਂ ਕੱਢ ਕੇ ਸੱਚ ਦੇ ਪ੍ਰਕਾਸ਼ ਨਾਲ ਮਿਲਾਉਂਦਾ ਹੈ। ਇਹੀ ਪ੍ਰਕਾਸ਼ ਇਨਸਾਨ ਨੂੰ ਅੱਗੇ ਇਨਸਾਨੀਅਤ ਦੇ ਰਸਤੇ ’ਤੇ ਚੱਲਣ ਲਈ ਰਾਹ-ਦਸੇਰਾ ਬਣਦਾ। ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ ਅੱਜ ਵੀ ਸਾਨੂੰ 40 ਮੁਕਤਿਆਂ ਦੀ ਦੇਸ਼ ਤੇ ਕੌਮ ਪ੍ਰਤੀ ਆਪਾ ਵਾਰਨ ਦੀ ਭਾਵਨਾ ਨੂੰ ਦ੍ਰਿੜ ਕਰਵਾੳਂਦਾ ਹੈ। ਜ਼ਿਕਰ ਕਰਨਾ ਬਣਦਾ ਹੈ ਕਿ ਮਾਘੀ ਦਾ ਜੋੜ ਮੇਲਾ ਦੇਸੀ ਮਹੀਨੇ ਦੀ ਸੰਗਰਾਂਦ ਅਤੇ ਲੋਹੜੀ ਦੇ ਤਿਉਹਾਰ ਤੋਂ ਅਗਲੇ ਦਿਨ ਸੀ੍ਰ ਮੁਕਤਸਰ ਸਾਹਿਬ ਵਿਖੇ ਹਰ ਸਾਲ ਮਨਾਇਆ ਜਾਂਦਾ। ਇਸ ਦਿਨ ਦੇਸ਼ ਤੇ ਵਿਦੇਸ਼ਾਂ ਤੋਂ ਸ਼ਰਧਾਲੂ ਆ ਕੇ 40 ਮੁਕਤਿਆਂ ਦੀ ਲਹੂ ਭਿੱਜੀ ਧਰਤੀ ਨੂੰ ਸਜਦਾ ਕਰਦੇ ਹਨ। ਪੁਰਾਣੇ ਸਮਿਆਂ ਵਿਚ ਇਹ ਮੇਲਾ ਮਹੀਨਾ-ਮਹੀਨਾ ਚੱਲਦਾ ਰਹਿੰਦਾ ਸੀ। ਪਰੰਤੂ ਅੱਜ ਦੇ ਆਧੁਨਿਕ ਯੁੱਗ ਵਿਚ ਇਹ ਮੇਲਾ ਹਫਤਾ ਕੁ ਹੀ ਚੱਲਦਾ ਹੈ।

ਪ੍ਰਤੀਨਿਧ ਜ਼ਿਲ੍ਹਾ ਸੀ੍ਰ ਮੁਕਤਸਰ ਸਾਹਿਬ
ਮੋ. 98726-00923
ਮੇਵਾ ਸਿੰਘ

LEAVE A REPLY

Please enter your comment!
Please enter your name here