ਹੰਗਾਮੇ ਨਾਲ ਖ਼ਤਮ ਹੋਇਆ ਵਿਸ਼ੇਸ਼ ਇਜਲਾਸ, ਸਪੀਕਰ ਨਾਲ ਹੋਈ ਹਰਪਾਲ ਚੀਮਾ ਦੀ ਤਿੱਖੀ ਬਹਿਸ

Vidhan Sabha

ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਸੱਤ ਅਹਿਮ ਬਿੱਲ ਹੋਏ ਪਾਸ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਸਦਨ ਅੰਦਰ ਜੰਮ ਕੇ ਹੰਗਾਮਾ ਹੋਇਆ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਜਿਥੇ ਕਿਸਾਨੀ ਬਿਲ ਦੇ ਨਾਲ ਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਹੰਗਾਮਾ ਕੀਤਾ ਉੱਥੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਦੀ ਵਿਧਾਨ ਸਭਾ ਦੇ ਸਪੀਕਰ ਹਰਪਾਲ ਚੀਮਾ ਨਾਲ ਤਿੱਖੀ ਬਹਿਸ ਹੀ ਹੋ ਗਈ। ਇਸ ਦੌਰਾਨ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਹਰਪਾਲ ਚੀਮਾ ਨੂੰ ਆਪਣੀ ਸ਼ਬਦਾਵਲੀ ਨੂੰ ਕੰਟਰੋਲ ਵਿੱਚ ਰੱਖਣ ਦੀ ਚਿਤਾਵਨੀ ਵੀ ਦੇ ਦਿੱਤੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵਾਕ ਆਊਟ ਕਰਦੇ ਸਦਨ ਤੋਂ ਬਾਹਰ ਚਲੇ ਗਏ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਸਦਨ ਦੇ ਅੰਦਰ ਸਰਕਾਰ ਨਾਲ ਤਕਰਾਰਬਾਜੀ ਜਾਰੀ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਬੀਤੇ ਦਿਨੀਂ ਪਾਸ ਹੋਏ ਬਿੱਲ ‘ਤੇ ਉਂਗਲੇ ਰੱਖਣ ਦੇ ਨਾਲ ਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਇਸ ਹੰਗਾਮੇ ਦੌਰਾਨ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਜਾਰੀ ਕਰ ਦਿੱਤੀ ਗਈ ਕਿ ਇਸ ਮਾਮਲੇ ਵਿੱਚ ਉੱਚ ਪੱਧਰੀ ਜਾਂਚ ਹੋ ਚੁੱਕੀ ਹੈ ਅਤੇ ਸਾਧੂ ਸਿੰਘ ਧਰਮਸੋਤ ਦਾ ਇਸ ਵਿੱਚ ਕੋਈ ਰੋਲ ਨਹੀਂ ਹੈ।

Harpal Singh Cheema

ਇਸੇ ਹੰਗਾਮੇ ਦੌਰਾਨ ਹੀ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਸਰਕਾਰ ਵਲੋਂ ਪੇਸ਼ ਕੀਤੇ ਗਏ 7 ਬਿੱਲਾਂ ਨੂੰ ਪਾਸ ਕਰਵਾ ਦਿੱਤਾ ਗਿਆ। ਵਿਧਾਨ ਸਭਾ ਸੈਸ਼ਨ ਵਿੱਚ ‘ਪੰਜਾਬ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੰਢੀਮਾਰ, ਪਨਾਹੀ ਕਦੀਮ, ਸੌਂਜੀਦਾਰ ਜਾਂ ਤਾਰਦਾਦਕਰ (ਮਾਲਕੀ ਅਧਿਕਾਰੀ ਦੇਣਾ) ਬਿੱਲ, 2020’, ‘ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ, 2020’, ‘ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ 2020’, ‘ਪੰਜਾਬ ਟਿਸ਼ੂ ਕਲਚਰ ਬੇਸਡ ਸੀਡ ਪੋਟੈਟੋ ਬਿੱਲ, 2020’, ‘ਪੰਜਾਬ ਲੈਂਡ ਰੈਵੇਨਿਊ (ਸੋਧ) ਬਿੱਲ, 2020’, ਪੰਜਾਬ (ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਭਲਾਈ ਅਤੇ ਬੰਦੋਬਸਤ) ਅਲਾਟਮੈਂਟ ਆਫ ਸਟੇਟ ਗਵਰਨਮੈਂਟ ਲੈਂਡ ਬਿੱਲ ਅਤੇ ‘ਫੈਕਟਰੀ (ਪੰਜਾਬ ਸੋਧ) ਬਿੱਲ, 2020’ ਪਾਸ ਕੀਤਾ ਗਿਆ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.