ਬਿਜਲੀ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਹੋਈ

Speed, Agitation, Aam Aadmi Party, Meeting

ਸੰਗਰੂਰ | ਪੰਜਾਬ ‘ਚ ਆਮ ਆਦਮੀ ਪਾਰਟੀ ਵੱਲੋਂ ਵਿੱਢੇ ਗਏ ਬਿਜਲੀ ਅੰਦੋਲਨ ਨੂੰ ਸੂਬੇ ਦੇ ਘਰ-ਘਰ ਤੱਕ ਪਹੁੰਚਾਉਣ ਦੇ ਮੰਤਵ ਨਾਲ ਅੱਜ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਸੰਗਰੂਰ ਵਿਖੇ ਹੋਈ। ਇਸ ਮੀਟਿੰਗ ਵਿੱਚ ਬਿਜਲੀ ਅੰਦੋਲਨ ਨੂੰ ਹੋਰ ਤੇਜ਼ ਕਰ ਕੇ ਪੰਜਾਬ ਦੇ ਆਮ ਲੋਕਾਂ ਤੱਕ ਇਸ ਨੂੰ ਪਹੁੰਚਾਉਣ ਬਾਰੇ ਵਿਚਾਰ-ਵਟਾਂਦਰੇ ਕੀਤੇ ਗਏ। ਇਸ ਮੌਕੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦਾ ਹਰ ਵਰਗ ਬਿਜਲੀ ਦੀਆਂ ਵਧੀਆਂ ਹੋਈਆਂ ਕੀਮਤਾਂ ਤੋਂ ਪ੍ਰੇਸ਼ਾਨ ਹੈ ਪ੍ਰੰਤੂ ਸਰਕਾਰ ਇਸ ਸਬੰਧੀ ਕੋਈ ਨੀਤੀ ਤਿਆਰ ਕਰ ਕੇ ਸੂਬੇ ਦੇ ਲੋਕਾਂ ਨੂੰ ਇਸ ਪ੍ਰੇਸ਼ਾਨੀ ਤੋਂ ਨਿਜਾਤ ਨਹੀਂ ਦਿਵਾ ਰਹੀ।

ਮਾਨ ਨੇ ਕਿਹਾ ਕਿ ਸੂਬੇ ਵਿੱਚ ਆਮ ਲੋਕ ਛੋਟੇ ਦੁਕਾਨਦਾਰ ਵਪਾਰੀ ਅਤੇ ਉਦਯੋਗਪਤੀ ਬਿਜਲੀ ਦੇ ਵਧੇ ਹੋਏ ਰੇਟਾਂ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਸੂਬੇ ‘ਚੋਂ ਅਨੇਕਾਂ ਸਨਅਤਕਾਰ ਆਪਣਾ ਕਾਰੋਬਾਰ ਦੂਸਰੇ ਰਾਜਾਂ ‘ਚ ਲਿਜਾਣ ਲਈ ਮਜ਼ਬੂਰ ਹੋਏ ਹਨ। ਮਾਨ ਨੇ ਕਿਹਾ ਕਿ ਪਿਛਲੇ ਦਿਨਾਂ ਵਿੱਚ ਸੂਬੇ ਵਿੱਚ ਵੱਖ-ਵੱਖ ਥਾਵਾਂ ਤੇ ਕੀਤੀਆਂ ਗਈਆਂ ਬਿਜਲੀ ਸੁਣਵਾਈਆਂ ਦੇ ਦੌਰਾਨ ਅਨੇਕਾਂ ਲੋਕ ਆਪਣੇ ਵਧੇ ਹੋਏ ਹਜ਼ਾਰਾਂ ਦੇ ਬਿੱਲ ਲੈ ਕੇ ਪਹੁੰਚ ਰਹੇ ਹਨ।

ਮਾਨ ਨੇ ਕਿਹਾ ਕਿ ਉਨਾਂ ਦੀ ਪੰਜਾਬ ਸਰਕਾਰ ਪਾਸੋਂ ਮੰਗ ਹੈ ਕਿ ਬਿਜਲੀ ਦੇ ਵਧੇ ਹੋਏ ਰੇਟਾਂ ਨੂੰ ਘੱਟ ਕੀਤਾ ਜਾਵੇ ਅਤੇ ਵਾਧੂ ਭੇਜੇ ਗਏ ਬਿੱਲਾਂ ਦੀ ਪੜਤਾਲ ਕਰਵਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ  ਸਰਕਾਰ ਮੌਜੂਦਾ ਬਜਟ ਸੈਸ਼ਨ ਵਿੱਚ ਬਿਜਲੀ ਦੀਆਂ ਦਰਾਂ ਨੂੰ ਘੱਟ ਕਰਨ ਲਈ ਸਬਸਿਡੀ ਦਾ ਐਲਾਨ ਕਰੇ ਤਾਂ ਜੋ ਪੰਜਾਬ ਦੇ ਆਮ ਲੋਕਾਂ ਨੂੰ ਇਸ ਮੁਸ਼ਕਿਲ ਤੋਂ ਨਿਜਾਤ ਦਵਾਈ ਜਾ ਸਕੇ।

ਸੂਬਾ ਪੱਧਰ ਦੀ ਇਸ ਮੀਟਿੰਗ ਵਿਚ ਬਲਾਕ ਪੱਧਰ ਤੱਕ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ ਜਿਨ੍ਹਾਂ ਵਿਚ ਵਪਾਰ ਵਿੰਗ ਦੀ ਪ੍ਰਧਾਨ ਨੀਨਾ ਮਿੱਤਲ, ਮਹਿਲਾ ਵਿੰਗ ਦੀ ਪ੍ਰਧਾਨ ਰਾਜ ਲਾਲੀ ਗਿੱਲ, ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ, ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਡਾ:ਰਵਜੋਤ ਸਿੰਘ, ਕੋਰ ਕਮੇਟੀ ਮੈਂਬਰ ਦਲਬੀਰ ਸਿੰਘ ਢਿੱਲੋਂ ਅਤੇ ਗੁਰਦਿੱਤ ਸਿੰਘ ਸੇਖੋਂ, ਸੰਗਠਨਾਤਮਕ ਨਿਰਮਾਣ ਢਾਂਚੇ ਮੁਖੀ ਗਗਨਦੀਪ ਸਿੰਘ ਚੱਢਾ, ਸੰਗਠਨ ਇੰਚਾਰਜ ਨਵਦੀਪ ਸਿੰਘ ਸੰਘਾ, ਭੁਪਿੰਦਰ ਸਿੰਘ ਬਿੱਟੂ, ਨਵਜੋਤ ਸਿੰਘ ਜਰਗ ਅਤੇ ਸੁਖਰਾਜ ਸਿੰਘ ਗੌਰਾ ਫ਼ਿਰੋਜ਼ਸ਼ਾਹ, ਮੀਟਿੰਗ ਦੇ ਪ੍ਰਬੰਧਕ ਜ਼ਿਲਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ ਅਤੇ ਜ਼ਿਲਾ ਯੂਥ ਪ੍ਰਧਾਨ ਨਰਿੰਦਰ ਕੌਰ ਭਰਾਜ ਸਮੇਤ ਵੱਖ-ਵੱਖ ਜ਼ਿਲਿਆਂ ਦੇ ਪ੍ਰਧਾਨ ਅਤੇ ਹਲਕਾ ਪ੍ਰਧਾਨ ਮੌਜੂਦ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।