ਸਾਡੇ ਨਾਲ ਸ਼ਾਮਲ

Follow us

18.3 C
Chandigarh
Tuesday, January 20, 2026
More
    Home Breaking News ਸੁਨਾਮ ’ਚ ਸ਼ਹੀਦ...

    ਸੁਨਾਮ ’ਚ ਸ਼ਹੀਦ ਊਧਮ ਸਿੰਘ ਦੀ 83ਵੀਂ ਬਰਸੀ ਮੌਕੇ ਰਾਜ ਪੱਧਰੀ ਸਮਾਗਮ

    cm maan

    ਸ਼ਹੀਦਾਂ ’ਤੇ ਸ਼ੰਕੇ ਖੜ੍ਹੇ ਕਰਨਾ ਮੰਦਭਾਗਾ : ਮੁੱਖ ਮੰਤਰੀ

    • ਰਾਜ ਪੱਧਰੀ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ
    • ਸੁਨਾਮ ਲਈ 22.60 ਕਰੋੜ ਰੁਪਏ ਦੇ ਕਈ ਵਿਕਾਸ ਪ੍ਰਾਜੈਕਟ ਐਲਾਨੇ

    (ਗੁਰਪ੍ਰੀਤ ਸਿੰਘ/ਖੁਸ਼ਪ੍ਰੀਤ ਜੋਸ਼ਨ/ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ 83ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਮੇਤ ਕੈਬਨਿਟ ਮੰਤਰੀ ਵਿਸ਼ੇਸ਼ ਤੌਰ ’ਤੇ ਪੁੱਜੇ ਤੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਮੁੱਖ ਮੰਤਰੀ ਵਲੋਂ ਸੁਨਾਮ ਸ਼ਹਿਰ ਲਈ 22 ਕਰੋੜ ਤੋਂ ਜ਼ਿਆਦਾ ਦੇ ਪ੍ਰੋਜੈਕਟ ਦਾ ਐਲਾਨ ਕੀਤਾ।

    ਸੁਨਾਮ ਦੇ ਮਹਾਰਾਜਾ ਪੈਲਸ ਵਿਖੇ ਹੋਈ ਵੱਡੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਅੰਗਰੇਜਾਂ ਦੇ ਪੱਖ ਵਿੱਚ ਖੜ੍ਹਨ ਵਾਲੇ ਹੁਣ ਸ਼ਹੀਦਾਂ ਉੱਤੇ ਸ਼ੰਕੇ ਖੜ੍ਹੇ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਧਰਤੀ ਲਈ ਮਹਾਨ ਸ਼ਹੀਦਾਂ ਦੇ ਯੋਗਦਾਨ ਉੱਤੇ ਕਿਸੇ ਨੂੰ ਵੀ ਉਂਗਲ ਚੁੱਕਣ ਦਾ ਕੋਈ ਹੱਕ ਨਹੀਂ ਹੈ।
    ਉਨ੍ਹਾਂ ਕਿਹਾ ਕਿ ਬਰਤਾਨਵੀ ਹਕੂਮਤ ਤੋਂ ਸਨਮਾਨ ਪ੍ਰਾਪਤ ਕਰਨ ਵਾਲੇ ਇਨ੍ਹਾਂ ਲੋਕਾਂ ਨੇ ਹਰੇਕ ਆਜ਼ਾਦੀ ਘੁਲਾਟੀਏ ਤੇ ਸ਼ਹੀਦ ਦੀ ਅੰਤਰ ਆਤਮਾ ਨੂੰ ਠੇਸ ਪਹੁੰਚਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਗੱਦਾਰਾਂ ਦੇ ਵਾਰਸ ਹੁਣ ਸ਼ਹੀਦਾਂ ਉਤੇ ਉਂਗਲ ਚੁੱਕ ਰਹੇ ਹਨ, ਜੋ ਮੰਦਭਾਗਾ ਹੈ।

    ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਰਗੇ ਮਹਾਨ ਸ਼ਹੀਦ ਕਿਸੇ ਪਛਾਣ ਦੇ ਮੁਥਾਜ ਨਹੀਂ ਕਿਉਂਕਿ ਲੱਖਾ ਲੋਕਾਂ ਨੂੰ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਲਈ ਪ੍ਰੇਰਨ ਵਾਸਤੇ ਉਨ੍ਹਾਂ ਦਾ ਨਾਂਅ ਹੀ ਕਾਫ਼ੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਨਾਂਅ ਅਤੇ ਸੁਤੰਤਰਤਾ ਸੰਗਰਾਮ ਵਿੱਚ ਯੋਗਦਾਨ ਬਾਰੇ ਕੋਈ ਵੀ ਵਿਵਾਦ ਖੜਾ ਕਰਨਾ ਇਤਰਾਜ਼ਯੋਗ ਹੈ।

    ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਵਿੰਨ੍ਹਿਆਂ ਨਿਸ਼ਾਨਾ

    ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਨਿਸ਼ਾਨਾ ਵਿੰਨ੍ਹਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਯਾਦ ਕਰਵਾਇਆ ਕਿ ਪਟਿਆਲਾ ਦੇ ਸ਼ਾਹੀ ਪਰਿਵਾਰ ਦਾ ਇਤਿਹਾਸ ਪੰਜਾਬ ਵਿਰੋਧੀ ਰੂਪ ਅਖਤਿਆਰ ਕਰਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਰਾਜਿਆਂ ਦੇ ਹੱਥ ਉਨ੍ਹਾਂ ਅਣਗਿਣਤ ਦੇਸ਼ ਭਗਤਾਂ ਦੇ ਖੂਨ ਨਾਲ ਲਿੱਬੜੇ ਹੋਏ ਹਨ, ਜਿਨ੍ਹਾਂ ਆਜ਼ਾਦੀ ਦੇ ਅੰਦੋਲਨ ਦੌਰਾਨ ਸ਼ਹੀਦੀਆਂ ਦਿੱਤੀਆਂ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਅਤੇ ਦੇਸ਼ ਦੀ ਆਜ਼ਾਦੀ ਲੜਨ ਵਾਲੇ ਹੋਰ ਸ਼ਹੀਦਾਂ ਦੇ ਸੰਘਰਸ਼ ਦੌਰਾਨ ਬਰਤਾਨਵੀ ਹਕੂਮਤ ਨਾਲ ਹੱਥ ਮਿਲਾਉਣ ਵਾਲੇ ਇਨ੍ਹਾਂ ਲੋਕਾਂ ਤੋਂ ਪੰਜਾਬ ਦੇ ਭਲੇ ਦੀ ਕੀ ਆਸ ਰੱਖੀ ਜਾ ਸਕਦੀ ਹੈ।

    ਸ਼ਹੀਦ ਊਧਮ ਸਿੰਘ ਨੂੰ ਸਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਦੇ ਇਸ ਸੱਚੇ ਪੁੱਤਰ ਨੇ ਜੱਲ੍ਹਿਆਂਵਾਲਾ ਬਾਗ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓਡਵਾਇਰ ਨੂੰ ਮਾਰ ਕੇ ਬਹਾਦਰੀ ਦਾ ਸਬੂਤ ਦਿੱਤਾ। ਉਨ੍ਹਾਂ ਕਿਹਾ ਕਿ ਕੌਮੀ ਆਜਾਦੀ ਸੰਗਰਾਮ ਲਈ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਜੂਲੇ ਨੂੰ ਉਖਾੜ ਸੁੱਟਣ ਵਿੱਚ ਮਦਦ ਕੀਤੀ। ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਸੁਖਦੇਵ, ਰਾਜਗੁਰੂ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਹੋਰ ਮਹਾਨ ਸ਼ਹੀਦਾਂ ਵੱਲੋਂ ਭਾਰਤੀ ਆਜ਼ਾਦੀ ਦੀ ਲਹਿਰ ਦੌਰਾਨ ਦਿੱਤੀਆਂ ਲਾਸਾਨੀ ਕੁਰਬਾਨੀਆਂ ਨੂੰ ਵੀ ਯਾਦ ਕੀਤਾ।

    • ਸੁਨਾਮ ਲਈ 22.60 ਕਰੋੜ ਰੁਪਏ ਦੇ ਕਈ ਵਿਕਾਸ ਪ੍ਰਾਜੈਕਟ ਐਲਾਨੇ

    ਕੈਬਨਿਟ ਮੰਤਰੀ ਅਮਨ ਅਰੋੜਾ ਵੱਲ ਉਠਾਈਆਂ ਮੰਗਾਂ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਸੁਨਾਮ ਲਈ 22.59 ਕਰੋੜ ਰੁਪਏ ਦੇ ਅਹਿਮ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚ ਆਈ.ਟੀ.ਆਈ. ਵਿਖੇ ਸਟੇਡੀਅਮ (1.66 ਕਰੋੜ ਰੁਪਏ), ਨਵਾਂ ਸਬ ਤਹਿਸੀਲ ਕੰਪਲੈਕਸ (4.46 ਕਰੋੜ ਰੁਪਏ) ਅਤੇ ਚੀਮਾ ਲਈ ਬੱਸ ਅਡਾ (5.07 ਕਰੋੜ ਰੁਪਏ, ਲੌਂਗੋਵਾਲ ਲਈ ਨਵਾਂ ਬੱਸ ਅੱਡਾ (2.54 ਕਰੋੜ ਰੁਪਏ) ਤੇ ਸਟੇਡੀਅਮ (3.58 ਕਰੋੜ ਰੁਪਏ) ਅਤੇ ਸੁਨਾਮ ਲਈ 5.28 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਸਿਸਟਮ ਸ਼ਾਮਲ ਹੈ।

    ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਰੇ ਸ਼ਹੀਦਾਂ ਨਾਲ ਸਬੰਧਤ ਸਮਾਨ ਨੂੰ ਉਨ੍ਹਾਂ ਦੀ ਮਾਤ ਭੂਮੀ ’ਤੇ ਵਾਪਸ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਉਠਾਉਣਗੇ।

    Sangrur CM Photo 3

    ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ

    ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸ਼ਹੀਦਾਂ ਦੇ ਨਕਸ਼ੇ-ਕਦਮ ਉੱਤੇ ਚੱਲਦਿਆਂ ਸੂਬਾ ਸਰਕਾਰ ਨੇ ਲੋਕਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਕਈ ਮਿਸਾਲੀ ਕਦਮ ਚੁੱਕੇ ਹਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਦਿੱਤੇ ਮਹਾਨ ਬਲੀਦਾਨ ਨੂੰ ਚੇਤੇ ਕੀਤਾ। ਅਮਨ ਅਰੋੜਾ ਨੇ ਕਿਹਾ ਕਿ ਉਹ ਚੰਗੇ ਭਾਗਾਂ ਵਾਲੇ ਹਨ, ਜੋ ਉਨ੍ਹਾਂ ਨੂੰ ਲੋਕਾਂ ਦੇ ਨੁਮਾਇੰਦੇ ਵਜੋਂ ਇਸ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ।

    ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਸਮਾਰਕ ਉੱਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੀ ਯਾਦ ਵਿੱਚ 1.66 ਕਰੋੜ ਰੁਪਏ ਦੀ ਲਾਗਤ ਨਾਲ ਸਥਾਨਕ ਆਈ.ਟੀ.ਆਈ. ਵਿੱਚ ਬਣ ਰਹੇ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਵਿਧਾਇਕ ਜਸਵੰਤ ਸਿੰਘ, ਵਰਿੰਦਰ ਗੋਇਲ, ਨਰਿੰਦਰ ਕੌਰ ਤੇ ਕੁਲਵੰਤ ਪੰਡੋਰੀ, ਆਪ ਆਗੂ ਗੁਰਮੇਲ ਘਰਾਚੋਂ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ ਵੀ ਹਾਜ਼ਰ ਸਨ।

    ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ

    LEAVE A REPLY

    Please enter your comment!
    Please enter your name here