AAP Protest Chandigarh: ਚੰਡੀਗੜ੍ਹ ’ਚ ਸੀਈਸੀ ਗਿਆਨੇਸ਼ ਕੁਮਾਰ ਖ਼ਿਲਾਫ਼ ‘ਆਪ’ ਦਾ ਪ੍ਰਦਰਸ਼ਨ, ਮਨੀਸ਼ ਸਿਸੋਦੀਆ ਸਮੇਤ ਕਈ ਆਗੂ ਹਿਰਾਸਤ ’ਚ
‘ਵੋਟ ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ਚੋਣ ਕਮਿਸ਼ਨ ਖ਼ਿਲਾਫ਼ ਨਾਅਰੇਬਾਜ਼ੀ ਹਰਪਾਲ ਸਿੰਘ ਚੀਮਾ ਨੇ ਦਿੱਲੀ ’ਚ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈਣ ਦਾ ਕੀਤਾ ਵਿਰੋਧ
AAP Protest Chandigarh: ਚੰਡੀਗੜ੍ਹ,(ਸੱਚ ਕਹੂੰ ਨਿਊਜ਼/ਹਿੰ.ਸ.)| ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵੱਲੋਂ ਸ਼ਨੀਵਾਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਕਥਿਤ ‘ਵੋਟ ਚੋਰੀ’ ਦੇ ਮੁੱਦੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੇੜੇ ਹੋਏ ਇਸ ਪ੍ਰਦਰਸ਼ਨ ਦੀ ਅਗਵਾਈ ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤੀ।
ਪ੍ਰਦਰਸ਼ਨ ਦੌਰਾਨ ‘ਆਪ’ ਵਰਕਰਾਂ ਨੇ ‘ਵੋਟ ਚੋਰ ਗੱਦੀ ਛੱਡੋ’ ਅਤੇ ‘ਲੋਕਤੰਤਰ ਬਚਾਓ’ ਵਰਗੇ ਨਾਅਰਿਆਂ ਵਾਲੀਆਂ ਤਖ਼ਤੀਆਂ ਚੁੱਕ ਕੇ ਚੋਣ ਕਮਿਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੇ ਮੱਦੇਨਜ਼ਰ ਮੌਕੇ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ ਅਤੇ ਬੈਰੀਕੇਡਿੰਗ ਵੀ ਕੀਤੀ ਗਈ ਸੀ। ਬਾਅਦ ਵਿੱਚ ਚੰਡੀਗੜ੍ਹ ਪੁਲਿਸ ਨੇ ਮਨੀਸ਼ ਸਿਸੋਦੀਆ, ਬਲਤੇਜ ਪੰਨੂ ਅਤੇ ਸੋਨੀਆ ਮਾਨ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਇਹ ਵੀ ਪੜ੍ਹੋ: Canada News: ਕੈਨੇਡਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਵਿੱਚ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਪ੍ਰਸਤਾਵਿਤ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਜਾ ਰਹੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਸਿਸੋਦੀਆ ਨੇ ਦਾਅਵਾ ਕੀਤਾ ਕਿ ਅਜਿਹੇ ਹਾਲਾਤ ਤਾਂ ਐਮਰਜੈਂਸੀ ਦੌਰਾਨ ਵੀ ਦੇਖਣ ਨੂੰ ਨਹੀਂ ਮਿਲੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੇ ਜੰਤਰ-ਮੰਤਰ ਵਿਖੇ ‘ਕਾਕਰੋਚ ਜਨਤਾ ਪਾਰਟੀ’ ਵੱਲੋਂ ਦਿੱਤੇ ਗਏ ਪ੍ਰਦਰਸ਼ਨ ਦੇ ਸੱਦੇ ਦਾ ਸਮਰਥਨ ਕਰਦੀ ਹੈ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ।
ਮਨੀਸ਼ ਸਿਸੋਦੀਆ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ ਦਾਅਵਾ ਕੀਤਾ ਕਿ ਇਸ ਪ੍ਰਕਿਰਿਆ ਦੌਰਾਨ ਵੱਡੀ ਗਿਣਤੀ ਵਿੱਚ ਵੋਟਰਾਂ ਦੇ ਨਾਮ ਸੂਚੀਆਂ ਵਿੱਚੋਂ ਹਟਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ‘ਆਪ’ ਆਗੂਆਂ ਨੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਮੁੱਖ ਚੋਣ ਕਮਿਸ਼ਨਰ ਤੋਂ ਜਵਾਬਦੇਹੀ ਦੀ ਮੰਗ ਕੀਤੀ। ਵੋਟਰ ਸੂਚੀਆਂ ਵਿੱਚ ਕਥਿਤ ਬੇਨਿਯਮੀਆਂ ਸਬੰਧੀ ਇਹ ਦੋਸ਼ ਪਾਰਟੀ ਆਗੂਆਂ ਵੱਲੋਂ ਲਗਾਏ ਗਏ ਹਨ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਜਾ ਰਹੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸ਼ਾਂਤਮਈ ਪ੍ਰਦਰਸ਼ਨ ਕਰਨ ਲਈ ਜਾ ਰਹੇ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਦੇ ਲੋਕਤੰਤਰੀ ਅਧਿਕਾਰਾਂ ਨੂੰ ਸੀਮਤ ਕੀਤਾ ਜਾ ਰਿਹਾ ਹੈ। ਚੀਮਾ ਨੇ ਕੇਂਦਰ ਸਰਕਾਰ ’ਤੇ ‘ਅਣਐਲਾਨੀ ਐਮਰਜੈਂਸੀ’ ਵਰਗੇ ਹਾਲਾਤ ਪੈਦਾ ਕਰਨ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸ਼ਾਂਤਮਈ ਢੰਗ ਨਾਲ ਵਿਰੋਧ ਦਰਜ ਕਰਵਾਉਣ ਦੇ ਅਧਿਕਾਰ ਦੀ ਰੱਖਿਆ ਹੋਣੀ ਚਾਹੀਦੀ ਹੈ।
‘ਆਪ’ ਦਾ ਇਹ ਪ੍ਰਦਰਸ਼ਨ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ ਪ੍ਰਕਿਰਿਆ ਅਤੇ ਵੋਟਰ ਰਜਿਸਟ੍ਰੇਸ਼ਨ ਨਾਲ ਸਬੰਧਤ ਫਾਰਮ-6 ਵਿੱਚ ਕਥਿਤ ਤਬਦੀਲੀਆਂ ਨੂੰ ਲੈ ਕੇ ਉੱਠ ਰਹੇ ਸਵਾਲਾਂ ਦਰਮਿਆਨ ਹੋਇਆ। ਪਾਰਟੀ ਆਗੂਆਂ ਨੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਲਿਆਉਣ, ਵੋਟਰਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਚੋਣ ਕਮਿਸ਼ਨ ਨੂੰ ਇਨ੍ਹਾਂ ਮਾਮਲਿਆਂ ’ਤੇ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ।