Chandigarh MC Election 2026: ਚੰਡੀਗੜ੍ਹ ਨਗਰ ਨਿਗਮ ਚੋਣਾਂ 23 ਦਸੰਬਰ ਨੂੰ

35 ਵਾਰਡਾਂ ’ਚ ਵਧੀ ਸਿਆਸੀ ਸਰਗਰਮੀ, ਗਿਣਤੀ 26 ਨੂੰ

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਚੰਡੀਗੜ੍ਹ ਨਗਰ ਨਿਗਮ ਦੀਆਂ ਆਮ ਚੋਣਾਂ ਦਾ ਨਗਾਰਾ ਵੱਜ ਗਿਆ ਹੈ। ਰਾਜ ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ  ਹੈ। ਨਿਗਮ ਦੇ ਸਾਰੇ 35 ਵਾਰਡਾਂ ਲਈ 23 ਦਸੰਬਰ ਨੂੰ ਵੋਟਾਂ ਪੈਣਗੀਆਂ, ਜਦਕਿ 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣਾਂ ਦੇ ਐਲਾਨ ਦੇ ਨਾਲ ਹੀ ਚੰਡੀਗੜ੍ਹ ਵਿੱਚ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।

ਚੋਣ ਕਮਿਸ਼ਨ ਅਨੁਸਾਰ ਸਮੁੱਚੀ ਚੋਣ ਪ੍ਰਕਿਰਿਆ 31 ਦਸੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ। ਰਾਜ ਚੋਣ ਕਮਿਸ਼ਨਰ ਵਿਜੇ ਕੁਮਾਰ ਦੇਵ ਨੇ ਚੰਡੀਗੜ੍ਹ ਦੇ ਯੂਟੀ ਗੈਸਟ ਹਾਊਸ ਵਿਖੇ ਪੱਤਰਕਾਰ ਮਿਲਣੀ ਦੌਰਾਨ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 26 ਨਵੰਬਰ ਤੋਂ ਸ਼ੁਰੂ ਹੋਵੇਗੀ ਅਤੇ 3 ਦਸੰਬਰ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਮਿਤੀ ਹੋਵੇਗੀ। 4 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ।

ਜਦਕਿ ਉਮੀਦਵਾਰ 7 ਦਸੰਬਰ ਤੱਕ ਆਪਣੇ ਨਾਂਅ ਵਾਪਸ ਲੈ ਸਕਣਗੇ।ਚੋਣ ਕਮਿਸ਼ਨ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਸ਼ਹਿਰ ਦੇ 35 ਵਾਰਡਾਂ ਵਿੱਚ ਕੁੱਲ 4,60,209 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਵੋਟਾਂ ਪਵਾਉਣ ਲਈ 576 ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਵੋਟਾਂ ਪਾਉਣ ਦਾ ਸਮਾਂ ਸਵੇਰੇ 7.30 ਵਜੇ ਤੋਂ ਸ਼ਾਮ 5 ਵਜੇ ਤੱਕ ਤੈਅ ਕੀਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਅਤੇ ਪੁਲਿਸ ਨਾਲ ਮਿਲ ਕੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਵਧਣਗੀਆਂ

ਚੋਣਾਂ ਦੀਆਂ ਤਰੀਕਾਂ ਦੇ ਐਲਾਨ ਨਾਲ ਹੀ ਚੰਡੀਗੜ੍ਹ ਦੀ ਸਿਆਸਤ ਵਿੱਚ ਸਰਗਰਮੀਆਂ ਤੇਜ਼ ਹੋਣਗੀਆਂ। ਇਸ ਸਮੇਂ ਚੰਡੀਗੜ੍ਹ ਵਿਖੇ ਭਾਜਪਾ ਦਾ ਕਬਜ਼ਾ ਹੈ ਅਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਵਲੋਂ ਪਿਛਲੀਆਂ ਚੋਣਾਂ ਦੇ ਦੌਰਾਨ ਚੰਗਾ ਪ੍ਰਦਰਸ਼ਨ ਕੀਤਾ ਗਿਆ ਸੀ। ਹੁਣ ਚੋਣ ਦਾ ਐਲਾਨ ਹੋਣ ਤੋਂ ਬਾਅਦ ਤਿੰਨਾਂ ਪਾਰਟੀਆਂ ਵਿਚਕਾਰ ਫਸਵੀਂ ਟੱਕਰ ਰਹੇਗੀ।

ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੀ ਚੋਣ ਅਤੇ ਚੋਣ ਰਣਨੀਤੀ ਨੂੰ ਅੰਤਿਮ ਰੂਪ ਦੇਣ ਦੀਆਂ ਤਿਆਰੀਆਂ ਕੀਤੀਆਂ ਜਾਣਗੀਆਂ। ਵਾਰਡ ਪੱਧਰ ’ਤੇ ਉਮੀਦਵਾਰਾਂ ਦੀ ਸਰਗਰਮੀ ਵੀ ਵਧੇਗੀ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਦੀਆਂ ਪਿਛਲੀਆਂ ਚੋਣਾਂ ਦਸੰਬਰ 2021 ਵਿੱਚ ਹੋਈਆਂ ਸਨ। ਉਸ ਸਮੇਂ ਆਮ ਆਦਮੀ ਪਾਰਟੀ ਨੇ 14 ਸੀਟਾਂ ਜਿੱਤ ਕੇ ਸਭ ਤੋਂ ਵੱਧ ਸੀਟਾਂ ਹਾਸਲ ਕੀਤੀਆਂ ਸਨ। ਹੁਣ ਪੰਜ ਸਾਲ ਬਾਅਦ ਹੋਣ ਜਾ ਰਹੀਆਂ ਇਨਾਂ ਚੋਣਾਂ ਵਿੱਚ ਸ਼ਹਿਰ ਦੇ ਵੋਟਰ ਨਗਰ ਨਿਗਮ ਦੀ ਨਵੀਂ ਸਦਨ ਦੀ ਚੋਣ ਕਰਨਗੇ।

7 ਵਾਰਡ ਅਨੁਸੂਚਿਤ ਜਾਤੀਆਂ ਲਈ ਰਾਖਵੇਂ

ਨਗਰ ਨਿਗਮ ਦੇ 35 ਵਾਰਡਾਂ ਦੀ ਰਾਖਵਾਂਕਰਨ ਪ੍ਰਕਿਰਿਆ ਪਹਿਲਾਂ ਹੀ ਪੂਰੀ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿੱਚੋਂ 7 ਵਾਰਡ ਅਨੁਸੂਚਿਤ ਜਾਤੀਆਂ ਦੇ ਉਮੀਦਵਾਰਾਂ ਲਈ ਰਾਖਵੇਂ ਰੱਖੇ ਗਏ ਹਨ। ਇਨ੍ਹਾਂ ਵਿੱਚੋਂ 3 ਵਾਰਡ ਅਨੁਸੂਚਿਤ ਜਾਤੀ ਦੀਆਂ ਮਹਿਲਾ ਉਮੀਦਵਾਰਾਂ ਲਈ ਰਾਖਵੇਂ ਹਨ। ਇਸ ਤੋਂ ਇਲਾਵਾ 12 ਵਾਰਡ ਮਹਿਲਾ ਉਮੀਦਵਾਰਾਂ ਲਈ ਰਾਖਵੇਂ ਕੀਤੇ ਗਏ ਹਨ।

ਇਹ ਵੀ ਪੜ੍ਹੋ : Mohammed Siraj: ਸਿਰਾਜ ਦੀ ਚੋਣ ’ਤੇ ਗਰਮਾਈ ਸਿਆਸਤ

Comments

Post Your Comment

About The Author

Related Posts