Laljit Singh Bhullar: ਲਾਲਜੀਤ ਭੁੱਲਰ ਨੇ ਚੋਣਾਂ ਨਾ ਲੜਨ ਦਾ ਕੀਤਾ ਐਲਾਨ, ਪੱਟੀ ਦੀ ਸਿਆਸਤ ’ਚ ਨਵਾਂ ਮੋੜ
ਜੇਲ੍ਹ ’ਚ ਬੰਦ ‘ਆਪ’ ਵਿਧਾਇਕ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਜਾਣਕਾਰੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਲਾਲਜੀਤ ਸਿੰਘ ਭੁੱਲਰ ਨੇ ਇਹ ਐਲਾਨ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਕੀਤਾ ਹੈ। ਉਨ੍ਹਾਂ ਦੇ ਇਸ ਫੈਸਲੇ ਨੂੰ ਪੱਟੀ ਹਲਕੇ ਦੀ ਬਦਲ ਰਹੀ ਸਿਆਸੀ ਤਸਵੀਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਲਾਲਜੀਤ ਭੁੱਲਰ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਪੱਟੀ ਹਲਕੇ ਤੋਂ ਲੋਕਲ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਨ ਦੀ ਅਪੀਲ ਕੀਤੇ ਜਾਣ ਬਾਰੇ ਉਨ੍ਹਾਂ ਨੂੰ ਪਤਾ ਲੱਗਾ ਹੈ ਪਰ ਉਨ੍ਹਾਂ ਨੇ ਆਉਂਦੀਆ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਪੱਟੀ ਦੇ ਲੋਕਾਂ ਵੱਲੋਂ ਮਿਲੇ ਪਿਆਰ, ਸਤਿਕਾਰ ਅਤੇ ਹਮਾਇਤ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੇ ਇਸ ਪਿਆਰ ਅਤੇ ਸਾਥ ਦੇ ਹਮੇਸ਼ਾ ਰਿਣੀ ਰਹਿਣਗੇ।
ਲਾਲਜੀਤ ਸਿੰਘ ਭੁੱਲਰ ਦੇ ਚੋਣਾਂ ਨਾ ਲੜਨ ਦੇ ਐਲਾਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਪੱਟੀ ਹਲਕੇ ਵਿੱਚ ਨਵਾਂ ਸਿਆਸੀ ਬੰਦੋਬਸਤ ਕਰ ਦਿੱਤਾ ਸੀ। ਪਾਰਟੀ ਵੱਲੋਂ ਪਹਿਲਵਾਨ ਜਸਕੰਵਰ ਸਿੰਘ ਗਿੱਲ ਉਰਫ ਜੱਸਾ ਨੂੰ ਪੱਟੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। 28 ਜੁਲਾਈ ਨੂੰ ਹੋਈ ਇਸ ਨਿਯੁਕਤੀ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਸੀ ਕਿ ਪਾਰਟੀ 2027 ਦੀਆਂ ਚੋਣਾਂ ਲਈ ਪੱਟੀ ਵਿੱਚ ਨਵੀਂ ਲੀਡਰਸ਼ਿਪ ਨੂੰ ਅੱਗੇ ਲਿਆਉਣ ਦੀ ਤਿਆਰੀ ਕਰ ਰਹੀ ਹੈ।
ਹੁਣ ਲਾਲਜੀਤ ਭੁੱਲਰ ਵੱਲੋਂ ਖੁਦ ਚੋਣ ਨਾ ਲੜਨ ਦਾ ਐਲਾਨ ਕੀਤੇ ਜਾਣ ਨਾਲ ਪੱਟੀ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਅਗਲੀ ਸਿਆਸੀ ਰਣਨੀਤੀ ਬਾਰੇ ਚਰਚਾ ਹੋਰ ਤੇਜ਼ ਹੋ ਗਈ ਹੈ। ਹਾਲਾਂਕਿ ਪਾਰਟੀ ਨੇ ਅਜੇ ਤੱਕ ਪੱਟੀ ਤੋਂ 2027 ਦੀਆਂ ਚੋਣਾਂ ਲਈ ਕਿਸੇ ਉਮੀਦਵਾਰ ਦਾ ਰਸਮੀ ਐਲਾਨ ਨਹੀਂ ਕੀਤਾ। ਜ਼ਿਕਰਯੋਗ ਹੈ ਕਿ ਲਾਲਜੀਤ ਸਿੰਘ ਭੁੱਲਰ ਇਸ ਸਮੇਂ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਵਿੱਚ ਤਾਇਨਾਤ ਜ਼ਿਲ੍ਹਾ ਮੈਨੇਜ਼ਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ। 21 ਮਾਰਚ 2026 ਨੂੰ ਰੰਧਾਵਾ ਦੀ ਕਥਿਤ ਤੌਰ ’ਤੇ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੌਤ ਹੋ ਗਈ ਸੀ।
ਮੌਤ ਤੋਂ ਪਹਿਲਾਂ ਗਗਨਜੀਤ ਸਿੰਘ ਰੰਧਾਵਾ ਵੱਲੋਂ ਇੱਕ ਵੀਡੀਓ ਸੁਨੇਹਾ ਰਿਕਾਰਡ ਕੀਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਨੇ ਵੇਅਰਹਾਊਸਾਂ ਦੀ ਉਸਾਰੀ ਨਾਲ ਸਬੰਧਤ ਟੈਂਡਰਾਂ ਦੀ ਅਲਾਟਮੈਂਟ ਸਬੰਧੀ ਲਾਲਜੀਤ ਸਿੰਘ ਭੁੱਲਰ ’ਤੇ ਦਬਾਅ ਪਾਉਣ ਅਤੇ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਸਨ। ਇਸ ਘਟਨਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਭੁੱਲਰ ਨੂੰ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਲਈ ਕਿਹਾ ਸੀ। ਭੁੱਲਰ ਨੇ ਉਸੇ ਦਿਨ ਆਪਣਾ ਅਸਤੀਫ਼ਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ : India Air Pollution: ਬਠਿੰਡਾ ਦੁਨੀਆ ਦਾ ਦੂਜਾ ਪ੍ਰਦੂਸ਼ਿਤ ਸ਼ਹਿਰ
Comments