Mohanjit Singh: ਮੋਹਨਜੀਤ ਮਾਮਲਾ ਹਾਈਕੋਰਟ ਪੁੱਜਿਆ, ਪੁਲਿਸ ਦੀ ਜਾਂਚ ’ਤੇ ਉਠਾਏ ਸਵਾਲ
ਸ਼ੇਰੋਂ ’ਚ ਮੁੱਖ ਮੰਤਰੀ ਦੇ ਪ੍ਰੋਗਰਾਮ ਦੌਰਾਨ ਕਾਲਾ ਝੰਡਾ ਦਿਖਾਉਣ ਮਗਰੋਂ ਹਿਰਾਸਤ ’ਚ ਲੈਣ ਦਾ ਮਾਮਲਾ
ਚੰਡੀਗੜ੍ਹ (ਅਸ਼ਵਨੀ ਚਾਵਲਾ)। Mohanjit Singh Sheron Case: ਸੰਗਰੂਰ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕਾਲਾ ਝੰਡਾ ਦਿਖਾਉਣ ਤੋਂ ਬਾਅਦ ਮੋਹਨਜੀਤ ਸਿੰਘ ਨੂੰ ਹਿਰਾਸਤ ਵਿੱਚ ਲੈਣ ਅਤੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਗਿਆ ਹੈ। ਮੋਹਨਜੀਤ ਸਿੰਘ ਦੇ ਪਿਤਾ ਗੁਰਮੇਲ ਸਿੰਘ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਘਟਨਾ ਨਾਲ ਸਬੰਧਤ ਕੁਝ ਪੁਲਿਸ ਅਧਿਕਾਰੀਆਂ ਦੀ ਭੂਮਿਕਾ ’ਤੇ ਹੀ ਸੁਆਲ ਖੜ੍ਹੇ ਹੋ ਰਹੇ ਹਨ। ਅਜਿਹੇ ਹਾਲਾਤ ਵਿੱਚ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ ਦੀ ਨਿਰਪੱਖਤਾ ’ਤੇ ਸ਼ੱਕ ਪੈਦਾ ਹੁੰਦਾ ਹੈ।
ਪਟੀਸ਼ਨਰ ਦਾ ਕਹਿਣਾ ਹੈ ਕਿ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਕਿਸੇ ਸੁਤੰਤਰ ਜਾਂਚ ਏਜੰਸੀ ਤੋਂ ਜਾਂਚ ਕਰਵਾਉਣਾ ਜ਼ਰੂਰੀ ਹੈ। ਹਾਈਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੋਂ ਹੁਣ ਤੱਕ ਹੋਈ ਜਾਂਚ ਦੀ ਸਟੇਟਸ ਰਿਪੋਰਟ ਮੰਗੀ ਹੈ। ਅਦਾਲਤ ਇਹ ਜਾਣਨਾ ਚਾਹੁੰਦੀ ਹੈ ਕਿ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਕਿਹੜੇ ਕਦਮ ਚੁੱਕੇ ਗਏ ਹਨ ਅਤੇ ਜਾਂਚ ਇਸ ਵੇਲੇ ਕਿਸ ਪੜਾਅ ’ਤੇ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਬਣਾਈ ਜਾ ਚੁੱਕੀ ਹੈ। ਸਰਕਾਰ ਵੱਲੋਂ ਜਾਂਚ ਦੀ ਮੌਜ਼ੂਦਾ ਸਥਿਤੀ ਬਾਰੇ ਵੀ ਅਦਾਲਤ ਨੂੰ ਜਾਣੂ ਕਰਵਾਇਆ ਗਿਆ। ਹਾਲਾਂਕਿ ਪਟੀਸ਼ਨਰ ਵੱਲੋਂ ਐੱਸਆਈਟੀ ਦੀ ਬਜਾਏ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। Mohanjit Singh Sheron Case
ਇਹ ਵੀ ਪੜ੍ਹੋ : Kotkapura News: ਕੋਟਕਪੂਰਾ ’ਚ ਲੁੱਟ ਦੀ ਯੋਜਨਾ ਬਣਾ ਰਹੇ ਗਿਰੋਹ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ
ਹੁਣ ਹਾਈਕੋਰਟ ਵੱਲੋਂ ਮੰਗੀ ਗਈ ਸਟੇਟਸ ਰਿਪੋਰਟ ਵਿੱਚ ਸਰਕਾਰ ਨੂੰ ਜਾਂਚ ਦੌਰਾਨ ਕੀਤੀ ਕਾਰਵਾਈ ਅਤੇ ਇਕੱਠੇ ਕੀਤੇ ਸਬੂਤਾਂ ਬਾਰੇ ਜਾਣਕਾਰੀ ਦੇਣੀ ਪਵੇਗੀ। ਇਹ ਘਟਨਾ 2 ਸਤੰਬਰ ਨੂੰ ਸ਼ੇਰੋਂ ਪਿੰਡ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ‘ਲੋਕ ਮਿਲਣੀ’ ਦੌਰਾਨ ਵਾਪਰੀ ਸੀ। ਮੋਹਨਜੀਤ ਸਿੰਘ ਨੇ ਇੱਕ ਘਰ ਦੀ ਛੱਤ ਤੋਂ ਕਾਲਾ ਝੰਡਾ ਦਿਖਾ ਕੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਖ਼ਿਲਾਫ਼ ਵਿਰੋਧ ਜਤਾਇਆ ਸੀ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਵੱਖ-ਵੱਖ ਰਿਪੋਰਟਾਂ ਮੁਤਾਬਕ ਰਿਹਾਈ ਤੋਂ ਬਾਅਦ ਉਸ ਨੇ ਪੁਲਿਸ ਹਿਰਾਸਤ ਦੌਰਾਨ ਕੁੱਟਮਾਰ ਅਤੇ ਤਸ਼ੱਦਦ ਦੇ ਦੋਸ਼ ਲਾਏ ਸਨ। ਪੁਲਿਸ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ ਅਤੇ ਉਸ ਦੀ ਹਿਰਾਸਤ ਨੂੰ ਸੁਰੱਖਿਆ ਅਤੇ ਪਹਿਲਾਂ ਦਰਜ ਮਾਮਲਿਆਂ ਨਾਲ ਜੋੜਿਆ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਨੇ ਸੁਨਾਮ ਦੇ ਡੀਐੱਸਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਸੀ, ਜਦਕਿ ਤਿੰਨ ਹੋਰ ਪੁਲਿਸ ਅਧਿਕਾਰੀਆਂ ਨੂੰ ਸੰਗਰੂਰ ਪੁਲਿਸ ਲਾਈਨ ਭੇਜਿਆ ਗਿਆ ਸੀ।