Punjab Monsoon Update: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਸਰਗਰਮ, ਅਗਲੇ 5 ਦਿਨਾਂ ਤੱਕ ਮੀਂਹ ਦਾ ਦੌਰ ਜਾਰੀ
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਦਰਜ ਕੀਤੀ
ਚੰਡੀਗੜ੍ਹ (ਹਿੰ.ਸ.)। ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅੱਜ ਸੂਬੇ ਅਤੇ ਚੰਡੀਗੜ੍ਹ ਲਈ ਮੀਂਹ, ਗਰਜ-ਚਮਕ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਦਰਜ ਕੀਤੀ ਗਈ। ਲਗਾਤਾਰ ਮੀਂਹ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਨਾਲੋਂ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਨੇ 1 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਦਸਤਕ ਦਿੱਤੀ ਸੀ।
Read Alsp : ਮਾਂ ਨੇ ਤਿੰਨ ਬੱਚਿਆਂ ਦੀ ਹੱਤਿਆ ਕਰਨ ਮਗਰੋਂ ਕੀਤੀ ਖੁਦਕੁਸ਼ੀ
ਇਸ ਵਾਰ ਮਾਨਸੂਨ ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ 9 ਦਿਨ ਅਤੇ ਚੰਡੀਗੜ੍ਹ ਵਿੱਚ 7 ਦਿਨ ਦੇਰੀ ਨਾਲ ਪਹੁੰਚਿਆ ਹੈ। ਵਿਭਾਗ ਦਾ ਕਹਿਣਾ ਹੈ ਕਿ ਅਗਲੇ ਪੰਜ ਦਿਨਾਂ ਤੱਕ ਮੀਂਹ ਦਾ ਸਿਲਸਿਲਾ ਜਾਰੀ ਰਹਿਣ ਦੀ ਸੰਭਾਵਨਾ ਹੈ। ਮੀਂਹ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ ਖਾਸੀ ਕਮੀ ਦਰਜ ਕੀਤੀ ਗਈ ਹੈ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਕਰੀਬ 2.5 ਡਿਗਰੀ ਸੈਲਸੀਅਸ ਘੱਟ ਰਿਹਾ। ਰੂਪਨਗਰ (ਰੋਪੜ) ਵਿੱਚ ਸਭ ਤੋਂ ਵੱਧ 35.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਦਕਿ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 20.8 ਡਿਗਰੀ ਸੈਲਸੀਅਸ ਰਿਹਾ, ਜੋ ਸੂਬੇ ਵਿੱਚ ਸਭ ਤੋਂ ਘੱਟ ਸੀ। ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਲਗਭਗ 3.4 ਡਿਗਰੀ ਸੈਲਸੀਅਸ ਹੇਠਾਂ ਰਿਹਾ, ਜਿਸ ਕਾਰਨ ਰਾਤ ਦੇ ਸਮੇਂ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।
5 ਤੋਂ 8 ਜੁਲਾਈ ਤੱਕ ਆਰੇਂਜ ਅਲਰਟ
ਮੌਸਮ ਵਿਭਾਗ ਮੁਤਾਬਕ 3 ਅਤੇ 4 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 5 ਤੋਂ 8 ਜੁਲਾਈ ਤੱਕ ਕਈ ਜ਼ਿਲ੍ਹਿਆਂ ਲਈ ਭਾਰੀ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕਈ ਥਾਵਾਂ 'ਤੇ ਮੂਸਲਾਧਾਰ ਬਾਰਿਸ਼, ਤੇਜ਼ ਹਨ੍ਹੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਤੇ ਪ੍ਰਸ਼ਾਸਨ ਨੇ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਤੇਜ਼ ਮੀਂਹ ਅਤੇ ਆੰਧੀ ਸਮੇਂ ਦਰੱਖਤਾਂ, ਬਿਜਲੀ ਦੇ ਖੰਭਿਆਂ ਅਤੇ ਕਮਜ਼ੋਰ ਇਮਾਰਤਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਾਣੀ ਭਰਨ ਵਾਲੇ ਅਤੇ ਨੀਵੇਂ ਇਲਾਕਿਆਂ ਵਿੱਚ ਬਿਨਾਂ ਲੋੜ ਦੇ ਆਉਣ-ਜਾਣ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਹੋਣੀ ਤੋਂ ਬਚਿਆ ਜਾ ਸਕੇ।