Panchkula Police Encounter: ਪੰਚਕੂਲਾ ’ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਦੋ ਦੀ ਲੱਤ ’ਚ ਲੱਗੀ ਗੋਲੀ

ਮੋਹਾਲੀ ਦੇ ਨਾਮੀ ਬਿਲਡਰ ਦੇ ਦਫ਼ਤਰ ’ਤੇ ਫਾਇਰਿੰਗ ਕਰਨ ਦੀ ਤਿਆਰੀ ’ਚ ਸਨ ਮੁਲਜ਼ਮ, ਜਿਗਾਨਾ ਤੇ ਪੀਐਕਸ-30 ਪਸਤੌਲ ਬਰਾਮਦ

Khushdeep Singh Picture
Published On

ਪੰਚਕੂਲਾ (ਸੱਚ ਕਹੂੰ ਨਿਊਜ਼/ਏਜੰਸੀ)। ਪੰਚਕੂਲਾ ’ਚ ਤਾਊ ਦੇਵੀ ਲਾਲ ਸਟੇਡੀਅਮ ਦੇ ਪਿੱਛੇ ਸੋਮਵਾਰ ਰਾਤ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋ ਗਿਆ। ਇਸ ਦੌਰਾਨ ਦੋਵਾਂ ਪਾਸਿਆਂ ਤੋਂ 6 ਤੋਂ 7 ਰਾਊਂਡ ਫਾਇਰਿੰਗ ਹੋਈ। ਪੁਲਿਸ ਦੀ ਜਵਾਬੀ ਕਾਰਵਾਈ ’ਚ ਦੋ ਸ਼ਾਰਪ ਸ਼ੂਟਰਾਂ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ। ਜ਼ਖ਼ਮੀ ਮੁਲਜ਼ਮਾਂ ਨੂੰ ਇਲਾਜ ਲਈ ਪੰਚਕੂਲਾ ਦੇ ਸੈਕਟਰ-6 ਸਥਿਤ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ, ਪੰਜਾਬ ਦੇ ਰਹਿਣ ਵਾਲੇ ਅਰਸ਼ਦੀਪ (ਪਿੰਡ ਬੋਰਸੀ) ਤੇ ਜੁਗਰਾਜ (ਪਿੰਡ ਰੂਮਾਣਾਚਕ) ਵਜੋਂ ਹੋਈ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਸੀਪੀ ਕ੍ਰਾਈਮ ਅਮਰਿੰਦਰ ਸਿੰਘ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਸਰਕਾਰੀ ਹਸਪਤਾਲ ਪਹੁੰਚ ਕੇ ਮੁਲਜ਼ਮਾਂ ਸਬੰਧੀ ਜਾਣਕਾਰੀ ਇਕੱਠੀ ਕੀਤੀ। ਪੁਲਿਸ ਨੂੰ ਸੋਮਵਾਰ ਰਾਤ ਕਰੀਬ 11 ਵਜੇ ਗੁਪਤ ਸੂਚਨਾ ਮਿਲੀ ਸੀ ਕਿ ਦੋ ਸ਼ੱਕੀ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਨਾਜਾਇਜ਼ ਹਥਿਆਰਾਂ ਸਮੇਤ ਘੁੰਮ ਰਹੇ ਹਨ। ਇਸ ਤੋਂ ਬਾਅਦ ਪੁਲਿਸ ਨੇ ਤਾਊ ਦੇਵੀ ਲਾਲ ਸਟੇਡੀਅਮ ਦੇ ਕੋਨੇ ’ਤੇ ਨਾਕਾਬੰਦੀ ਕਰ ਦਿੱਤੀ। ਜਦੋਂ ਮੋਟਰਸਾਈਕਲ ਸਵਾਰ ਨੌਜਵਾਨ ਪਿੱਛੇ ਵਾਲੀ ਸੜਕ ਤੋਂ ਆਏ ਤੇ ਉਨ੍ਹਾਂ ਨੇ ਪੁਲਿਸ ਨੂੰ ਵੇਖਿਆ ਤਾਂ ਉਹ ਮੋਟਰਸਾਈਕਲ ਮੋੜ ਕੇ ਭੱਜਣ ਲੱਗੇ।

ਇਸ ਦੌਰਾਨ ਉਨ੍ਹਾਂ ਦਾ ਮੋਟਰਸਾਈਕਲ ਤਿਲਕ ਗਿਆ। ਪੁਲਿਸ ਟੀਮ ਜਦੋਂ ਉਨ੍ਹਾਂ ਨੂੰ ਕਾਬੂ ਕਰਨ ਲਈ ਅੱਗੇ ਵਧੀ ਤਾਂ ਮੁਲਜ਼ਮਾਂ ਨੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਫਾਇਰਿੰਗ ਕੀਤੀ, ਜਿਸ ਦੌਰਾਨ ਦੋਵਾਂ ਦੀ ਖੱਬੀ ਲੱਤ ’ਚ ਇੱਕ-ਇੱਕ ਗੋਲੀ ਲੱਗੀ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਹਸਪਤਾਲ ਪਹੁੰਚਾਇਆ। ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਦੋਵਾਂ ਮੁਲਜ਼ਮਾਂ ਨੇ ਪੰਚਕੂਲਾ ਤੋਂ ਹੀ ਹਥਿਆਰਾਂ ਦੀ ਡਿਲੀਵਰੀ ਲਈ ਸੀ। ਉਹ ਮੋਹਾਲੀ ਦੇ ਇੱਕ ਨਾਮੀ ਬਿਲਡਰ ਦੇ ਦਫ਼ਤਰ ’ਤੇ ਫਾਇਰਿੰਗ ਕਰਨ ਜਾ ਰਹੇ ਸਨ। Panchkula Police Encounter

ਜਾਣਕਾਰੀ ਅਨੁਸਾਰ, ਬਿਲਡਰ ਨੂੰ ਫਿਰੌਤੀ ਲਈ ਧਮਕੀ ਭਰੀ ਕਾਲ ਆਈ ਸੀ ਤੇ ਪੈਸੇ ਦੇਣ ਤੋਂ ਇਨਕਾਰ ਕਰਨ ’ਤੇ ਉਸ ਵਿੱਚ ਡਰ ਪੈਦਾ ਕਰਨ ਲਈ ਦਫ਼ਤਰ ’ਤੇ ਗੋਲੀਆਂ ਚਲਾਉਣ ਦੀ ਯੋਜਨਾ ਬਣਾਈ ਗਈ ਸੀ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ ਜਿਗਾਨਾ ਪਸਤੌਲ ਤੇ ਇੱਕ ਪੀਐਕਸ-30 ਪਸਤੌਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਰਿਕਾਰਡ ਮੁਤਾਬਕ, ਅਰਸ਼ਦੀਪ ਖਿਲਾਫ਼ ਪਹਿਲਾਂ ਵੀ ਅਸਲਾ ਐਕਟ ਤਹਿਤ ਮਾਮਲਾ ਦਰਜ ਹੈ। ਹੁਣ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਮੁਲਜ਼ਮਾਂ ਨੂੰ ਪੰਚਕੂਲਾ ’ਚ ਹਥਿਆਰ ਕਿਸ ਨੇ ਮੁਹੱਈਆ ਕਰਵਾਏ ਸਨ ਤੇ ਉਹ ਕਿਸ ਗੈਂਗਸਟਰ ਨੈੱਟਵਰਕ ਨਾਲ ਜੁੜੇ ਹੋਏ ਹਨ। ਇਸ ਮਾਮਲੇ ਵਿੱਚ ਅਗਲੀ ਜਾਂਚ ਜਾਰੀ ਹੈ। Panchkula Police Encounter

ਇਹ ਵੀ ਪੜ੍ਹੋ : Panama Earthquake: ਪਨਾਮਾ ’ਚ ਫਿਰ ਹਿੱਲੀ ਧਰਤੀ, 6.4 ਤੀਬਰਤਾ ਦੇ ਭੂਚਾਲ ਨਾਲ ਦਹਿਸ਼ਤ

About The Author

Related Posts