Punjab
Punjab Weather Alert: ਪੰਜਾਬ ਤੇ ਚੰਡੀਗੜ੍ਹ ’ਚ ਤਿੰਨ ਦਿਨ ਮੀਂਹ, ਹਨੇਰੀ ਤੇ ਗੜੇਮਾਰੀ ਦੀ ਸੰਭਾਵਨਾ
6 ਜ਼ਿਲ੍ਹਿਆਂ ਲਈ ਅਲਰਟ ਜਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਏਜੰਸੀ)। ਪੰਜਾਬ ਤੇ ਚੰਡੀਗੜ੍ਹ ’ਚ ਅਗਲੇ ਤਿੰਨ ਦਿਨਾਂ ਦੌਰਾਨ ਮੌਸਮ ਦਾ ਮਿਜ਼ਾਜ ਬਦਲਿਆ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਕਈ ਥਾਵਾਂ ’ਤੇ ਗਰਜ-ਚਮਕ ਨਾਲ ਮੀਂਹ ਪੈਣ, ਬਿਜਲੀ ਡਿੱਗਣ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ 14 ਤੇ 15 ਅਕਤੂਬਰ ਨੂੰ ਵੀ ਤੇਜ਼ ਹਵਾਵਾਂ ਦੇ ਨਾਲ ਕੁਝ ਥਾਵਾਂ ’ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਔਸਤ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 4.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ।
ਹਾਲਾਂਕਿ, ਤਾਪਮਾਨ ਅਜੇ ਵੀ ਆਮ ਨਾਲੋਂ 2.4 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ’ਚ ਸਭ ਤੋਂ ਵੱਧ 32.2 ਡਿਗਰੀ ਸੈਲਸੀਅਸ ਤਾਪਮਾਨ ਭਾਖੜਾ ਡੈਮ ਵਿਖੇ ਦਰਜ ਕੀਤਾ ਗਿਆ। ਮੌਸਮ ਵਿਭਾਗ ਵੱਲੋਂ ਅੱਜ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਬਿਜਲੀ ਡਿੱਗਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ ਗਿਆ ਹੈ। ਉੱਧਰ, ਚੰਡੀਗੜ੍ਹ ਵਿੱਚ ਅਸਮਾਨ ’ਤੇ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣਗੇ। ਇਸ ਦੌਰਾਨ ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। Punjab Weather Alert
ਚੰਡੀਗੜ੍ਹ ’ਚ 13 ਅਕਤੂਬਰ ਨੂੰ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਅਨੁਸਾਰ ਪਾਕਿਸਤਾਨ ਵਿੱਚ ਚੱਕਰਵਾਤੀ ਹਵਾਵਾਂ ਦਾ ਖੇਤਰ ਬਣ ਰਿਹਾ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਤੇ ਉੱਤਰੀ ਹਰਿਆਣਾ ਦੇ ਆਸ-ਪਾਸ ਪੱਛਮੀ ਗੜਬੜੀ ਵੀ ਸਰਗਰਮ ਹੈ। ਇਨ੍ਹਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਪੰਜਾਬ ਤੇ ਚੰਡੀਗੜ੍ਹ ’ਚ ਬੱਦਲ ਛਾਏ ਰਹਿਣ, ਗਰਜ-ਚਮਕ ਨਾਲ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ 14 ਤੇ 15 ਅਕਤੂਬਰ ਨੂੰ ਵੀ ਪੰਜਾਬ ਤੇ ਚੰਡੀਗੜ੍ਹ ’ਚ ਹਨੇਰੀ, ਬਿਜਲੀ ਡਿੱਗਣ ਤੇ ਕੁਝ ਥਾਵਾਂ ’ਤੇ ਗੜੇਮਾਰੀ ਹੋਣ ਦੇ ਆਸਾਰ ਬਣੇ ਹੋਏ ਹਨ। Punjab Weather Alert
ਇਹ ਵੀ ਪੜ੍ਹੋ : Body Doantion: ਬਲਦੇਵ ਕੌਰ ਇੰਸਾਂ ਨੇ ਖੱਟਿਆ ਨੇਤਰਦਾਨੀ ਤੇ ਸਰੀਰਦਾਨੀ ਹੋਣ ਦਾ ਮਾਣ