Punjab
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਨਾਲ ਹੁੰਮਸ ਭਰੀ ਗਰਮੀ ਤੋਂ ਰਾਹਤ, ਯੈਲੋ ਅਲਰਟ ਜਾਰੀ
ਪੰਜਾਬ ’ਚ 5 ਸਤੰਬਰ ਤੱਕ ਯੈਲੋ ਅਲਰਟ
ਚੰਡੀਗੜ੍ਹ (ਸੱਚ ਕਹੂੁੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ਦੇ ਕਈ ਇਲਾਕਿਆਂ ’ਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਤੋਂ 5 ਸਤੰਬਰ ਤੱਕ ਸੂਬੇ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ’ਚ ਅਸਮਾਨ ’ਤੇ ਹਲਕੇ ਬੱਦਲ ਛਾਏ ਰਹਿਣਗੇ ਤੇ ਇੱਕ-ਦੋ ਵਾਰ ਮੀਂਹ ਜਾਂ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਸ਼ਹਿਰ ਲਈ ਸਿੱਧੇ ਤੌਰ ’ਤੇ ਭਾਰੀ ਮੀਂਹ ਦਾ ਕੋਈ ਸੰਕੇਤ ਨਹੀਂ ਦਿੱਤਾ ਗਿਆ। ਸੂਬੇ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ ਤੇ ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 36.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮਾਨਸੂਨ ਸੀਜ਼ਨ ਦੌਰਾਨ ਪੰਜਾਬ ’ਚ ਆਮ ਨਾਲੋਂ 37 ਫੀਸਦੀ ਘੱਟ ਮੀਂਹ ਰਿਕਾਰਡ ਕੀਤਾ ਗਿਆ ਹੈ। Punjab Weather
ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ’ਚ ਵੀ ਕੁਝ ਥਾਵਾਂ ’ਤੇ ਮੀਂਹ ਦੀ ਸੰਭਾਵਨਾ ਹੈ। ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ’ਚ ਵੀ ਕੁਝ ਥਾਵਾਂ ’ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੰਗਲਵਾਰ ਰਾਤ ਚੰਡੀਗੜ੍ਹ ’ਚ ਕਰੀਬ 1 ਐੱਮਐੱਮ ਮੀਂਹ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪੰਚਕੂਲਾ ਤੇ ਮੋਹਾਲੀ ’ਚ ਵੀ ਰਾਤ ਨੂੰ ਮੀਂਹ ਪਿਆ। Punjab Weather
ਇਹ ਵੀ ਪੜ੍ਹੋ : Baba Farid University News: ਵਿਧਾਇਕ ਸੇਖੋਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਵ-ਨਿਯੁਕਤ ਵੀ.ਸੀ. ਡਾ. ਬਾਂਸਲ ਨੂੰ ਦਿੱਤੀ ਵਧਾਈ
ਦਿਨ ਦੇ ਸਮੇਂ ਲੁਧਿਆਣਾ, ਪਟਿਆਲਾ ਤੇ ਚਮਕੌਰ ਸਾਹਿਬ ’ਚ ਵੀ ਮੀਂਹ ਰਿਕਾਰਡ ਕੀਤਾ ਗਿਆ। ਅੱਜ ਸਵੇਰ ਤੋਂ ਹੀ ਚੰਡੀਗੜ੍ਹ ਸਮੇਤ ਕਈ ਇਲਾਕਿਆਂ ’ਚ ਬੱਦਲ ਛਾਏ ਹੋਏ ਹਨ ਤੇ ਮੌਸਮ ਸੁਹਾਵਣਾ ਤੇ ਠੰਢਾ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਦੀ ਟਰਫ ਬਠਿੰਡਾ ਦੇ ਉੱਪਰੋਂ ਲੰਘ ਰਹੀ ਹੈ, ਜਿਸ ਕਾਰਨ ਪੰਜਾਬ ਦੇ ਮੌਸਮ ’ਤੇ ਇਸ ਦਾ ਪ੍ਰਭਾਵ ਬਣਿਆ ਹੋਇਆ ਹੈ। ਇਸ ਸਿਸਟਮ ਦੇ ਚਲਦਿਆਂ ਖਾਸ ਕਰਕੇ ਬਠਿੰਡਾ ਤੇ ਆਸ-ਪਾਸ ਦੇ ਇਲਾਕਿਆਂ ’ਚ ਮੀਂਹ ਦੀਆਂ ਗਤੀਵਿਧੀਆਂ ਵਧ ਸਕਦੀਆਂ ਹਨ। ਇਸ ਤੋਂ ਇਲਾਵਾ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਤੋਂ ਲੈ ਕੇ ਬੰਗਾਲ ਤੱਕ ਬਣੀ ਦੂਜੀ ਟਰਫ ਵੀ ਮਾਨਸੂਨ ਨੂੰ ਸਰਗਰਮ ਰੱਖਣ ’ਚ ਮਦਦ ਕਰ ਰਹੀ ਹੈ। ਇਸ ਦੇ ਪ੍ਰਭਾਵ ਕਾਰਨ ਚੰਡੀਗੜ੍ਹ ’ਚ ਵੀ ਬੱਦਲ ਛਾਏ ਰਹਿਣ ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਬਣੀ ਰਹੇਗੀ।