Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਬਦਲਿਆ ਮੌਸਮ, ਤਾਪਮਾਨ 1.2 ਡਿਗਰੀ ਡਿੱਗਿਆ
ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ, 10 ਤੇ 11 ਅਕਤੂਬਰ ਨੂੰ ਤੇਜ਼ ਹਵਾਵਾਂ ਚੱਲਣ ਦੇ ਆਸਾਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਕਰਵਟ ਲੈ ਲਈ ਹੈ। ਸੂਬੇ ਦੇ ਕੁਝ ਹਿੱਸਿਆਂ ’ਚ ਗੜੇਮਾਰੀ ਤੇ ਪਹਾੜੀ ਇਲਾਕਿਆਂ ਵਿੱਚ ਹੋਈ ਬਾਰਿਸ਼ ਦੇ ਅਸਰ ਕਾਰਨ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਸੈਲਸੀਅਸ ਘਟ ਕੇ ਆਮ ਨਾਲੋਂ 2.3 ਡਿਗਰੀ ਹੇਠਾਂ ਪਹੁੰਚ ਗਿਆ ਹੈ। ਮੌਸਮ ’ਚ ਆਏ ਇਸ ਬਦਲਾਅ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ, ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ 34.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 31.2 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਸ਼ੁੱਕਰਵਾਰ ਨੂੰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਜ਼ਿਲ੍ਹਿਆਂ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਚੰਡੀਗੜ੍ਹ ’ਚ ਵੀ ਮੌਸਮ ਇਸੇ ਤਰ੍ਹਾਂ ਰਹਿਣ ਦੀ ਸੰਭਾਵਨਾ ਹੈ। Punjab Weather Update
ਇਹ ਵੀ ਪੜ੍ਹੋ : Amitabh Bachchan: ਨਾਨਾ ਪਾਟੇਕਰ ਨੂੰ ਯਾਦ ਕਰਕੇ ਭਾਵੁਕ ਹੋਏ ਅਮਿਤਾਭ ਬੱਚਨ
ਇਸ ਦੌਰਾਨ ਅਸਮਾਨ ’ਚ ਬੱਦਲ ਛਾਏ ਰਹਿ ਸਕਦੇ ਹਨ ਤੇ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ, ਮਾਨਸੂਨ ਦੀ ਵਾਪਸੀ ਤੋਂ ਬਾਅਦ ਵੀ ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਦਾ ਮਿਜ਼ਾਜ ਬਦਲਦਾ ਰਹਿ ਸਕਦਾ ਹੈ। 14 ਅਕਤੂਬਰ ਤੱਕ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 15 ਤੋਂ 21 ਅਕਤੂਬਰ ਦੇ ਸਮੇਂ ਦੌਰਾਨ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਉੱਤਰ-ਪੱਛਮੀ ਭਾਰਤ ਦੇ ਮੌਸਮ ’ਚ ਮੁੜ ਤਬਦੀਲੀ ਆਉਣ ਦੇ ਆਸਾਰ ਹਨ। ਮੌਸਮ ਵਿਭਾਗ ਨੇ 10 ਤੇ 11 ਅਕਤੂਬਰ ਨੂੰ ਗਰਜ-ਚਮਕ ਤੇ ਬਿਜਲੀ ਡਿੱਗਣ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਤੇ ਖੁੱਲ੍ਹੀਆਂ ਥਾਵਾਂ, ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਅਚਾਨਕ ਮੌਸਮ ਬਦਲਣ ਦੀ ਸਥਿਤੀ ’ਚ ਲੋਕਾਂ ਨੂੰ ਮੌਸਮ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। Punjab Weather Update