Punjab Police Memorial Day 2026: ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ
ਕਿਹਾ, ਪੰਜਾਬ ਪੁਲਿਸ ਦੇਸ਼ ਦੀ ਅਖੰਡਤਾ ਦੀ ਰਾਖੀ ਲਈ ਵਚਨਬੱਧ, 1804 ਪੁਲਿਸ ਕਰਮਚਾਰੀਆਂ ਦੀ ਕੁਰਬਾਨੀ ਸਦਾ ਪ੍ਰੇਰਨਾ ਦਿੰਦੀ ਰਹੇਗੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਅੱਤਵਾਦੀਆਂ ਤੇ ਅਪਰਾਧੀਆਂ ਨਾਲ ਲੜਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਕਰਮਚਾਰੀਆਂ ਨੂੰ ਸਤਿਕਾਰ ਭੇਂਟ ਕਰਨ ਲਈ ਅੱਜ ਪੰਜਾਬ ਆਰਮਡ ਪੁਲਿਸ (ਪੀਏਪੀ) ਹੈੱਡਕੁਆਰਟਰ, ਜਲੰਧਰ ਵਿਖੇ 67ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਰਧਾਂਜਲੀ ਸਮਾਗਮ ਦੀ ਅਗਵਾਈ ਕੀਤੀ ਤੇ ਪੁਲਿਸ ਸ਼ਹੀਦੀ ਯਾਦਗਾਰ ’ਤੇ ਫੁੱਲਮਾਲਾਵਾਂ ਭੇਂਟ ਕੀਤੀਆਂ।
ਇਸ ਮੌਕੇ ਉਨਾਂ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਪ੍ਰਬੰਧ ਪ੍ਰਵੀਨ ਕੁਮਾਰ ਸਿਨਹਾ ਅਤੇ ਏਡੀਜੀਪੀ ਪੀਏਪੀ ਐੱਮ. ਐੱਫ. ਫਾਰੂਕੀ ਵੀ ਮੌਜੂਦ ਸਨ। ਪੰਜਾਬ ਪੁਲਿਸ, ਜਿਸ ਨੇ ਜੰਗ, ਸ਼ਾਂਤੀ ਤੇ ਸੰਘਰਸ਼ਾਂ ਦੌਰਾਨ ਬੇਮਿਸਾਲ ਬਹਾਦਰੀ ਨਾਲ ਦੇਸ਼ ਦੀ ਸੇਵਾ ਕੀਤੀ ਹੈ, ਨੂੰ ਬੇਮਿਸਾਲ ਤੇ ਮਹਾਨ ਬਲ ਦੱਸਦਿਆਂ ਡੀਜੀਪੀ ਨੇ ਕਿਹਾ ਕਿ ਸਤੰਬਰ 1981 ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਦੇ 1804 ਬਹਾਦਰ ਜਵਾਨਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।
ਇਨ੍ਹਾਂ ਵਿੱਚ ਇਸ ਸਾਲ ਸ਼ਹੀਦ ਹੋਏ ਦੋ ਬਹਾਦਰ ਵੀ ਸ਼ਾਮਲ ਹਨ। ਇਕੱਠ ਨੂੰ ਸੰਬੋਧਨ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨਾਂ ਬਹਾਦਰ ਸ਼ਹੀਦਾਂ ਦੀ ਬਦੌਲਤ ਹੀ ਅੱਜ ਅਸੀਂ ਸ਼ਾਂਤੀਪੂਰਨ ਮਾਹੌਲ ਵਿੱਚ ਸਾਹ ਲੈ ਰਹੇ ਹਾਂ। ਪੰਜਾਬ ਪੁਲਿਸ ਕੋਲ ਬਹਾਦਰੀ, ਨਿਰਸਵਾਰਥ ਸੇਵਾ ਤੇ ਅੱਤਵਾਦ ਨੂੰ ਜੜ੍ਹੋਂ ਖਤਮ ਕਰਨ ਦੇ ਦ੍ਰਿੜ ਸੰਕਲਪ ਦੀ ਇੱਕ ਸ਼ਾਨਦਾਰ ਵਿਰਾਸਤ ਹੈ। ਇਹ ਬਲ ਸਾਡੀਆਂ ਸਰਹੱਦਾਂ ਦੀ ਰਾਖੀ ਕਰਨ ਤੇ ਇਸ ਸਰਹੱਦੀ ਸੂਬੇ ’ਚ ਫਿਰਕੂ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰਾਂ ਵਚਨਬੱਧ ਹੈ। ਪੀਏਪੀ ਕੰਪਲੈਕਸ ’ਚ ਸਥਿਤ ਸ਼ਹੀਦ ਸਮਾਰਕ ਵਿਖੇ ਇੱਕ ਰਸਮੀ ਪਰੇਡ ਕਰਵਾਈ ਗਈ।
ਜਿੱਥੇ ਕਮਾਂਡੈਂਟ ਵੱਲੋਂ ਪਿਛਲੇ ਸਾਲ ਦੌਰਾਨ ਸ਼ਹੀਦ ਹੋਏ ਸਾਰੇ ਜਵਾਨਾਂ ਦੇ ਨਾਂਅ ਪੜੇ੍ਹ ਗਏ। ਸਮਾਗਮ ਦੀ ਸਮਾਪਤੀ ਦੋ ਮਿੰਟ ਦਾ ਮੌਨ ਰੱਖ ਕੇ ਤੇ ਸ਼ਹੀਦਾਂ ਦੇ ਸਨਮਾਨ ’ਚ ਉੱਚ ਅਧਿਕਾਰੀਆਂ ਵੱਲੋਂ ਫੁੱਲ-ਮਾਲਾਵਾਂ ਭੇਂਟ ਕਰਕੇ ਕੀਤੀ ਗਈ। ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਫੈਸਲਾਕੁੰਨ ਕਾਰਵਾਈ ਕੀਤੀ ਹੈ। ਉਨ੍ਹਾਂ ਦੱਸਿਆ ਕਿ 16 ਮਾਰਚ, 2022 ਤੋਂ ਲੈ ਕੇ ਹੁਣ ਤੱਕ ਐੱਨ. ਡੀ. ਪੀ. ਐੱਸ. ਐਕਟ ਤਹਿਤ 95 ਹਜ਼ਾਰ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ, ਜਿਸ ਦੇ ਨਤੀਜੇ ਵਜੋਂ 1,27,000 ਤੋਂ ਵੱਧ ਗ੍ਰਿਫ਼ਤਾਰੀਆਂ ਹੋਈਆਂ ਹਨ ਤੇ 7260 ਕਿੱਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ।
ਪੁਲਿਸ ਯਾਦਗਾਰੀ ਦਿਵਸ ਦਾ ਇਤਿਹਾਸ
ਪੁਲਿਸ ਯਾਦਗਾਰੀ ਦਿਵਸ ਮਨਾਉਣ ਦੀ ਪਰੰਪਰਾ 21 ਅਕਤੂਬਰ 1959 ਤੋਂ ਸ਼ੁਰੂ ਹੋਈ ਸੀ, ਜਦੋਂ ਲੱਦਾਖ ਦੇ ਹੌਟ ਸਪ੍ਰਿੰਗਜ਼ ਵਿਖੇ ਸਬ-ਇੰਸਪੈਕਟਰ ਕਰਮ ਸਿੰਘ ਦੀ ਅਗਵਾਈ ’ਚ ਸੀ.ਆਰ.ਪੀ.ਐੱਫ. ਦੀ ਇੱਕ ਗਸ਼ਤ ਪਾਰਟੀ ’ਤੇ ਚੀਨੀ ਫ਼ੌਜਾਂ ਨੇ ਘਾਤ ਲਗਾ ਕੇ ਹਮਲਾ ਕਰ ਦਿੱਤਾ ਸੀ, ਜਿਸ ਵਿੱਚ ਦਸ ਬਹਾਦਰ ਜਵਾਨ ਸ਼ਹੀਦ ਹੋ ਗਏ ਸਨ। 16 ਹਜ਼ਾਰ ਫ਼ੁੱਟ ਦੀ ਉਚਾਈ ’ਤੇ ਅਤੇ ਠੰਢੇ ਮੌਸਮ ’ਚ ਉਨ੍ਹਾਂ ਨੇ ਬੇਮਿਸਾਲ ਕੁਰਬਾਨੀ ਦਿੱਤੀ। ਉਦੋਂ ਤੋਂ ਲੈ ਕੇ ਹਰ ਸਾਲ 21 ਅਕਤੂਬਰ ਨੂੰ ਦੇਸ਼ ਭਰ ਦੀਆਂ ਸਾਰੀਆਂ ਪੁਲਿਸ ਯੂਨਿਟਾਂ ’ਚ ਡਿਊਟੀ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਇਹ ਦਿਵਸ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ : Parvinder Jhota Case: ਪਰਵਿੰਦਰ ਸਿੰਘ ਝੋਟਾ ਕਤਲ ਕੇਸ ’ਚ ਵੱਡੀ ਕਾਰਵਾਈ, DSP ਤੇ ਡਰੱਗ ਇੰਸਪੈਕਟਰ ਮੁਅੱਤਲ, CBI ਨੇ ਸ਼ੁਰੂ ਕੀਤੀ ਜਾਂਚ