Punjab Weather Update: ਪੰਜਾਬ ਦੇ 4 ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਜਲੰਧਰ ’ਚ ਸਵੇਰੇ ਹੋਈ ਬੂੰਦਾਬਾਂਦੀ
ਪੰਜਾਬ ਦੇ 4 ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਜਲੰਧਰ ’ਚ ਸਵੇਰੇ ਹੋਈ ਬੂੰਦਾਬਾਂਦੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਏਜੰਸੀ)। ਪੰਜਾਬ ਦੇ ਮੌਸਮ ’ਚ ਇੱਕ ਵਾਰ ਫਿਰ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਸੂਬੇ ਦੇ ਚਾਰ ਜ਼ਿਲ੍ਹਿਆਂ ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਜਲੰਧਰ ’ਚ ਸਵੇਰੇ ਹਲਕੀ ਬੂੰਦਾਬਾਂਦੀ ਹੋਣ ਨਾਲ ਮੌਸਮ ਠੰਢਾ ਹੋ ਗਿਆ। ਇਸ ਤੋਂ ਇਲਾਵਾ ਫਗਵਾੜਾ ’ਚ ਵੀ ਸਵੇਰ ਸਮੇਂ ਮੀਂਹ ਪਿਆ।
ਉੱਧਰ ਚੰਡੀਗੜ੍ਹ ’ਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਵਾਲਾ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪਾਕਿਸਤਾਨ ਦੇ ਉੱਪਰ ਇੱਕ ਨਵਾਂ ਪੱਛਮੀ ਵਿਗਾੜ ਸਰਗਰਮ ਹੋ ਗਿਆ ਹੈ, ਜਿਸ ਦੇ ਪ੍ਰਭਾਵ ਕਾਰਨ ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ’ਚ ਤਬਦੀਲੀ ਆ ਸਕਦੀ ਹੈ। ਇਸ ਕਾਰਨ ਕਈ ਇਲਾਕਿਆਂ ’ਚ ਬੱਦਲ ਛਾਏ ਰਹਿਣ ਤੇ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਪਹਿਲਾਂ ਸਰਗਰਮ ਪੱਛਮੀ ਵਿਗਾੜ ਉੱਤਰ-ਪੂਰਬ ਦਿਸ਼ਾ ਵੱਲ ਅੱਗੇ ਵਧ ਕੇ ਖੇਤਰ ਤੋਂ ਦੂਰ ਚਲਾ ਗਿਆ ਹੈ। ਪੰਜਾਬ ਵਿੱਚ ਰਾਤ ਦੇ ਤਾਪਮਾਨ ’ਚ 1.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਸ ਦੇ ਬਾਵਜੂਦ ਸੂਬੇ ਦਾ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ 4.9 ਡਿਗਰੀ ਵੱਧ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ ਪਠਾਨਕੋਟ ਵਿੱਚ 12.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ 16 ਨਵੰਬਰ ਤੋਂ ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ 15 ਨਵੰਬਰ ਤੋਂ ਕੁਝ ਥਾਵਾਂ ’ਤੇ ਰਾਤ ਤੇ ਸਵੇਰ ਸਮੇਂ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਅਗਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ’ਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ, ਪਰ ਇਸ ਤੋਂ ਬਾਅਦ ਤਾਪਮਾਨ ’ਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਗਿਰਾਵਟ ਆ ਸਕਦੀ ਹੈ। ਇਸ ਨਾਲ ਆਉਣ ਵਾਲੇ ਦਿਨਾਂ ’ਚ ਰਾਤਾਂ ਤੇ ਸਵੇਰ ਸਮੇਂ ਠੰਢ ਦਾ ਅਹਿਸਾਸ ਵਧੇਗਾ।
ਇਹ ਵੀ ਪੜ੍ਹੋ : Punjab Stubble Burning: ਪੰਜਾਬ ’ਚ ਪਰਾਲੀ ਸਾੜਨ ਦੇ 5835 ਮਾਮਲੇ ਦਰਜ਼, ਪਟਿਆਲਾ ’ਚ ਲੱਗਿਆ ਸਭ ਤੋਂ ਜਿਆਦਾ ਜੁਰਮਾਨਾ
Comments