Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਠੰਢ ਦੇ ਨਾਲ ਵਧੇਗਾ ਧੁੰਦ ਦਾ ਅਸਰ, ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ

22 ਨਵੰਬਰ ਤੱਕ ਸਵੇਰੇ ਅਤੇ ਰਾਤ ਸਮੇਂ ਕਈ ਥਾਵਾਂ ’ਤੇ ਪੈ ਸਕਦੀ ਹੈ ਸੰਘਣੀ ਧੁੰਦ

Satinder Mathur  Picture
Published On

ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਦੇ ਨਾਲ ਹੁਣ ਧੁੰਦ ਦਾ ਅਸਰ ਵੀ ਵਧਣ ਲੱਗਾ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲਗਾਤਾਰ ਚਾਰ ਦਿਨਾਂ ਲਈ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ 22 ਨਵੰਬਰ ਤੱਕ ਸਵੇਰੇ ਅਤੇ ਰਾਤ ਦੇ ਸਮੇਂ ਸੂਬੇ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਅਤੇ ਦ੍ਰਿਸ਼ਟੀ ਘਟਣ ਦੀ ਸੰਭਾਵਨਾ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ 8 ਡਿਗਰੀ ਘੱਟੋ-ਘੱਟ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਠੰਢਾ ਸਥਾਨ ਰਿਹਾ, ਜਦਕਿ ਬਰਨਾਲਾ ਵਿੱਚ ਸਭ ਤੋਂ ਵੱਧ ਘੱਟੋ-ਘੱਟ ਤਾਪਮਾਨ 13.6 ਡਿਗਰੀ ਦਰਜ ਕੀਤਾ ਗਿਆ।

 ਇਹ ਵੀ ਪੜ੍ਹੋ:AAP Ticket 2027: ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੂੰ ਮੁੜ ਟਿਕਟ ਮਿਲਣ ’ਤੇ ਫਾਜ਼ਿਲਕਾ ਹਲਕੇ ’ਚ ਖੁਸ਼ੀ ਦੀ ਲਹਿਰ

ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਅਗਲੇ ਪੰਜ ਦਿਨਾਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਕਮਜ਼ੋਰ ਹੋਣ ਕਾਰਨ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ। ਇਸ ਦੇ ਨਾਲ ਹੀ ਅਗਲੇ ਕੁਝ ਦਿਨਾਂ ਤੱਕ ਘੱਟੋ-ਘੱਟ ਤਾਪਮਾਨ ਵਿੱਚ ਵੀ ਕੋਈ ਵੱਡੀ ਤਬਦੀਲੀ ਆਉਣ ਦੀ ਉਮੀਦ ਨਹੀਂ ਹੈ।

ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਮੌਸਮ ਕੇਂਦਰਾਂ ਵਿੱਚ ਘੱਟੋ-ਘੱਟ ਤਾਪਮਾਨ 8 ਤੋਂ 13.6 ਡਿਗਰੀ ਸੈਲਸੀਅਸ ਵਿਚਕਾਰ ਦਰਜ ਕੀਤਾ ਗਿਆ। ਫਰੀਦਕੋਟ ਵਿੱਚ 8 ਡਿਗਰੀ, ਲੁਧਿਆਣਾ ਵਿੱਚ 8.2 ਡਿਗਰੀ ਅਤੇ ਪਟਿਆਲਾ ਵਿੱਚ 9.3 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ, ਜੋ ਆਮ ਨਾਲੋਂ ਘੱਟ ਹੈ।

ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 10.6 ਡਿਗਰੀ ਦਰਜ ਹੋਇਆ, ਜੋ ਆਮ ਨਾਲੋਂ 2.2 ਡਿਗਰੀ ਵੱਧ ਹੈ। ਚੰਡੀਗੜ੍ਹ ਵਿੱਚ 11.2 ਡਿਗਰੀ ਅਤੇ ਮੋਹਾਲੀ ਵਿੱਚ 13.4 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ। ਪਠਾਨਕੋਟ ਵਿੱਚ 11.2 ਡਿਗਰੀ ਅਤੇ ਗੁਰਦਾਸਪੁਰ ਵਿੱਚ 10.9 ਡਿਗਰੀ ਘੱਟੋ-ਘੱਟ ਤਾਪਮਾਨ ਦਰਜ ਹੋਇਆ। ਪਿਛਲੇ 24 ਘੰਟਿਆਂ ਦੌਰਾਨ ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ 1.7 ਡਿਗਰੀ ਅਤੇ ਲੁਧਿਆਣਾ ਦੇ ਪੀਏਯੂ ਮੌਸਮ ਕੇਂਦਰ ਵਿੱਚ 1.2 ਡਿਗਰੀ ਘਟਿਆ ਹੈ। ਇਸ ਦੇ ਉਲਟ ਬਠਿੰਡਾ ਵਿੱਚ ਤਾਪਮਾਨ 0.6 ਡਿਗਰੀ ਵਧਿਆ ਹੈ। ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ 19 ਤੋਂ 22 ਨਵੰਬਰ ਤੱਕ ਸਵੇਰੇ ਅਤੇ ਰਾਤ ਸਮੇਂ ਧੁੰਦ ਕਾਰਨ ਦ੍ਰਿਸ਼ਟੀ ਘੱਟ ਹੋ ਸਕਦੀ ਹੈ, ਇਸ ਲਈ ਵਾਹਨ ਚਾਲਕਾਂ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ।

Comments

Post Your Comment

About The Author

Related Posts