Severe Heatwave Alert: ਪੰਜਾਬ ਤੇ ਚੰਡੀਗੜ੍ਹ ’ਚ ਸੀਵਿਅਰ ਹੀਟਵੇਵ ਦਾ ਅਲਰਟ ਜਾਰੀ, ਬਠਿੰਡਾ ’ਚ ਤਾਪਮਾਨ 46 ਡਿਗਰੀ ਤੋਂ ਪਾਰ

ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ

Ravinder Sharma Picture
Published On

ਚੰਡੀਗੜ੍ਹ। ਪੰਜਾਬ ਅਤੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਵੱਲੋਂ ਵੀਰਵਾਰ ਨੂੰ ਸੀਵਿਅਰ ਹੀਟਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ ਹੋ ਚੁੱਕਾ ਹੈ ਅਤੇ ਵੀਰਵਾਰ ਨੂੰ ਇਹ 42 ਤੋਂ 44 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਇਹ ਆਰੇਂਜ ਅਲਰਟ 26 ਮਈ ਤੱਕ ਜਾਰੀ ਰਹੇਗਾ।

ਹਾਲਾਂਕਿ 22 ਤੋਂ 28 ਮਈ ਦਰਮਿਆਨ ਮੌਸਮ ਵਿੱਚ ਕੁਝ ਬਦਲਾਅ ਦੇ ਸੰਕੇਤ ਵੀ ਮਿਲ ਰਹੇ ਹਨ। ਇਸ ਦੌਰਾਨ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ ਜ਼ਿਆਦਾਤਰ ਖੇਤਰਾਂ ਵਿੱਚ ਮੌਸਮ ਸੁੱਕਾ ਰਹੇਗਾ। ਮੰਗਲਵਾਰ ਦੇ ਮੁਕਾਬਲੇ ਬੁੱਧਵਾਰ ਨੂੰ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਤਾਪਮਾਨ ਆਮ ਨਾਲੋਂ 4.6 ਡਿਗਰੀ ਵੱਧ ਹੋ ਗਿਆ ਹੈ। ਬੁੱਧਵਾਰ ਨੂੰ ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 46.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਗਰਮੀ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਹੀਟ ਸਟ੍ਰੋਕ ਨਾਲ ਨਜਿੱਠਣ ਲਈ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਿਵੀਜ਼ਨਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਵਿਸ਼ੇਸ਼ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟ ਬਣਾਏ ਗਏ ਹਨ। ਮਰੀਜ਼ਾਂ ਲਈ ਆਈਸ ਪੈਕ, ਠੰਢੇ ਆਈਵੀ ਫਲੂਇਡ, ਪੱਖੇ, ਕੂਲਰ ਅਤੇ ਹੋਰ ਲੋੜੀਂਦੇ ਸਾਜ਼ੋ-ਸਾਮਾਨ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਓਆਰਐਸ, ਗਲੂਕੋਜ਼, ਐਮਰਜੈਂਸੀ ਦਵਾਈਆਂ ਅਤੇ ਹੋਰ ਮੈਡੀਕਲ ਸਪਲਾਈ ਦਾ ਪੂਰਾ ਸਟਾਕ ਵੀ ਰੱਖਿਆ ਗਿਆ ਹੈ। ਹੀਟਵੇਵ ਪ੍ਰਭਾਵਿਤ ਮਰੀਜ਼ਾਂ ਲਈ ਹਸਪਤਾਲਾਂ ਵਿੱਚ ਖ਼ਾਸ ਬੈੱਡ ਰਾਖਵੇਂ ਕੀਤੇ ਗਏ ਹਨ ਅਤੇ ਇਹ ਸੇਵਾਵਾਂ 24 ਘੰਟੇ ਉਪਲਬਧ ਰਹਿਣਗੀਆਂ।

ਮੌਸਮ ਵਿਭਾਗ ਅਨੁਸਾਰ 22 ਮਈ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਭਿਆਨਕ ਹੀਟਵੇਵ ਚੱਲਣ ਦੀ ਸੰਭਾਵਨਾ ਹੈ। 23 ਮਈ ਨੂੰ ਵੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਸੀਵਿਅਰ ਹੀਟਵੇਵ ਜਾਰੀ ਰਹਿ ਸਕਦੀ ਹੈ, ਜਦਕਿ 24 ਮਈ ਨੂੰ ਪੰਜਾਬ ਦੇ ਲਗਭਗ ਸਾਰੇ ਇਲਾਕਿਆਂ ਵਿੱਚ ਭਿਆਨਕ ਲੂ ਚੱਲਣ ਦੇ ਆਸਾਰ ਹਨ।

About The Author

Related Posts