Punjab Weather Update: ਪੰਜਾਬ ਦੇ 16 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ, ਠੰਢ ਵਧਣ ਦੀ ਸੰਭਾਵਨਾ
ਘੱਟੋ-ਘੱਟ ਤਾਪਮਾਨ ’ਚ 1.8 ਡਿਗਰੀ ਦਾ ਵਾਧਾ, ਆਮ ਨਾਲੋਂ 5.9 ਡਿਗਰੀ ਵੱਧ ਦਰਜ, ਬਠਿੰਡਾ ਰਿਹਾ ਸਭ ਤੋਂ ਠੰਢਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਏਜੰਸੀ)। ਪੰਜਾਬ ਤੇ ਚੰਡੀਗੜ੍ਹ ’ਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ ਸ਼ਨਿੱਚਵਾਰ ਨੂੰ ਪੰਜਾਬ ਦੇ 16 ਜ਼ਿਲ੍ਹਿਆਂ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਚੰਡੀਗੜ੍ਹ ਤੇ ਪੰਚਕੂਲਾ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਵਾਲਾ ਰਹਿ ਸਕਦਾ ਹੈ।
ਮੌਸਮ ’ਚ ਇਸ ਬਦਲਾਅ ਕਾਰਨ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਤੇ ਠੰਢ ਦਾ ਅਸਰ ਵਧਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਘੱਟੋ-ਘੱਟ ਤਾਪਮਾਨ ’ਚ 1.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 5.9 ਡਿਗਰੀ ਵੱਧ ਰਿਹਾ। ਸੂਬੇ ’ਚ ਸਭ ਤੋਂ ਘੱਟੋ-ਘੱਟ ਤਾਪਮਾਨ 14.5 ਡਿਗਰੀ ਸੈਲਸੀਅਸ ਬਠਿੰਡਾ ’ਚ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਦੌਰਾਨ ਪਠਾਨਕੋਟ ਵਿੱਚ 0.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
ਪਹਾੜੀ ਇਲਾਕਿਆਂ ’ਚ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਮੌਜ਼ੂਦਾ ਪੱਛਮੀ ਗੜਬੜੀ ਮੱਧ ਵਾਯੂਮੰਡਲ ’ਚ ਸਮੁੰਦਰ ਤਲ ਤੋਂ ਲਗਭਗ 5.8 ਕਿਲੋਮੀਟਰ ਦੀ ਉਚਾਈ ’ਤੇ ਟਰੱਫ ਦੇ ਰੂਪ ’ਚ ਸਰਗਰਮ ਹੈ। ਇਸ ਤੋਂ ਇਲਾਵਾ 15 ਨਵੰਬਰ ਤੋਂ ਇੱਕ ਹੋਰ ਨਵੀਂ ਪੱਛਮੀ ਗੜਬੜੀ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ। ਹਾਲਾਂਕਿ, ਪੰਜਾਬ ਵਿੱਚ 15 ਨਵੰਬਰ ਤੋਂ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ।
ਮੌਸਮ ਵਿਭਾਗ ਦੇ ਟ੍ਰਾਈਸਿਟੀ ਦੇ ਪੂਰਵ ਅਨੁਮਾਨ ਅਨੁਸਾਰ 14 ਨਵੰਬਰ ਨੂੰ ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 30 ਡਿਗਰੀ ਤੇ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 15 ਨਵੰਬਰ ਨੂੰ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਇਸ ਤੋਂ ਬਾਅਦ ਘੱਟੋ-ਘੱਟ ਤਾਪਮਾਨ ’ਚ ਹੋਰ ਗਿਰਾਵਟ ਆਉਣ ਦਾ ਅਨੁਮਾਨ ਹੈ। 16 ਤੋਂ 18 ਨਵੰਬਰ ਦੌਰਾਨ ਘੱਟੋ-ਘੱਟ ਤਾਪਮਾਨ 10 ਤੋਂ 11 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਕਾਰਨ ਸਵੇਰ ਤੇ ਰਾਤ ਦੇ ਸਮੇਂ ਠੰਢ ਦਾ ਅਸਰ ਹੋਰ ਵਧੇਗਾ।
ਇਹ ਵੀ ਪੜ੍ਹੋ : Khargone Earthquake: ਮੱਧ ਪ੍ਰਦੇਸ਼ ਦੇ ਖਰਗੋਨ ’ਚ 25 ਦਿਨਾਂ ਵਿੱਚ ਦੂਜਾ ਭੂਚਾਲ, 4.5 ਰਹੀ ਤੀਬਰਤਾ
Comments