Punjab
Punjab Weather Update: ਪੰਜਾਬ ਦੇ 13 ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਫਰੀਦਕੋਟ 7.1 ਡਿਗਰੀ ਤਾਪਮਾਨ ਨਾਲ ਰਿਹਾ ਸਭ ਤੋਂ ਠੰਢਾ, ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 9.4 ਡਿਗਰੀ ਦਰਜ
Punjab Weather Update: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਵਿੱਚ ਮੌਸਮ ਨੇ ਠੰਢਾ ਰੁਖ ਅਖਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਅੱਜ ਕੁਝ ਥਾਵਾਂ ’ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ ਅਤੇ 28 ਨਵੰਬਰ ਤੱਕ ਚਿਤਾਵਨੀ ਜਾਰੀ ਕੀਤੀ ਗਈ ਹੈ। ਹਾਲਾਂਕਿ, ਚੰਡੀਗੜ੍ਹ ਵਿੱਚ ਅੱਜ ਅਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਤੋਂ ਬਾਅਦ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਘੱਟ 7.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 1.4 ਡਿਗਰੀ ਘੱਟ ਰਹਿੰਦੇ ਹੋਏ 9.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਐੱਸਏਐੱਸ ਨਗਰ (ਮੋਹਾਲੀ), ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਵਿੱਚ ਕੁਝ ਥਾਵਾਂ ’ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: IMD Alert: ਸਫ਼ਰ 'ਤੇ ਨਿਕਲਣ ਤੋਂ ਪਹਿਲਾਂ ਜਾਣ ਲਓ ਮੌਸਮ ਦਾ ਹਾਲ, ਪੰਜਾਬ 'ਚ ਸੰਘਣੀ ਧੁੰਦ ਦਾ ਯੈਲੋ ਅਲਰਟ
ਉੱਤਰੀ ਦਿਸ਼ਾ ਤੋਂ ਪਹਾੜਾਂ ਵੱਲੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਪਹੁੰਚ ਗਿਆ ਹੈ। ਫਰੀਦਕੋਟ 7.1 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਢਾ ਰਿਹਾ, ਜਦਕਿ ਬਠਿੰਡਾ ਵਿੱਚ 7.6 ਡਿਗਰੀ, ਪਠਾਨਕੋਟ ਵਿੱਚ 8.3 ਡਿਗਰੀ, ਲੁਧਿਆਣਾ ਵਿੱਚ 8.4 ਡਿਗਰੀ, ਸ਼ਹੀਦ ਭਗਤ ਸਿੰਘ ਨਗਰ ਵਿੱਚ 8.4 ਡਿਗਰੀ, ਫਿਰੋਜ਼ਪੁਰ ਵਿੱਚ 9.4 ਡਿਗਰੀ, ਪਟਿਆਲਾ ਵਿੱਚ 9.4 ਡਿਗਰੀ ਅਤੇ ਹੁਸ਼ਿਆਰਪੁਰ ਵਿੱਚ 9.5 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਤਾਜ਼ਾ ਅਨੁਮਾਨ ਅਨੁਸਾਰ ਪੰਜਾਬ ਵਿੱਚ 3 ਦਸੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਇਸ ਦੌਰਾਨ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ। ਉੱਤਰੀ ਅਤੇ ਪੂਰਬੀ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 24 ਤੋਂ 26 ਡਿਗਰੀ ਸੈਲਸੀਅਸ ਰਹਿ ਸਕਦਾ ਹੈ, ਜਦਕਿ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਇਹ 26 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਦਿਨ ਦਾ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ, ਜਦਕਿ ਰਾਤ ਦਾ ਘੱਟੋ-ਘੱਟ ਤਾਪਮਾਨ ਆਮ ਦੇ ਨੇੜੇ ਰਹਿ ਸਕਦਾ ਹੈ। ਅਗਲੇ ਕੁਝ ਦਿਨਾਂ ਦੌਰਾਨ ਮੌਸਮ ਵਿੱਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ। 29 ਨਵੰਬਰ ਤੋਂ 3 ਦਸੰਬਰ ਤੱਕ ਮੌਸਮ ਵਿਭਾਗ ਵੱਲੋਂ ਪੰਜਾਬ ਲਈ ਕੋਈ ਨਵੀਂ ਮੌਸਮੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
Comments