IMD Alert: ਪੰਜਾਬ ਤੇ ਚੰਡੀਗੜ੍ਹ ’ਚ ਦੋ ਦਿਨ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ
15 ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੇ ਆਸਾਰ, ਕੁਝ ਥਾਵਾਂ ’ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਨੇ ਤੇਜ਼ ਹਵਾਵਾਂ
ਚੰਡੀਗੜ੍ਹ (ਹਿੰ.ਸ.)। ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਨੂੰ ਦੇਖਦਿਆਂ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਸ਼ੁੱਕਰਵਾਰ ਨੂੰ ਬਠਿੰਡਾ 37 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਵਿੱਚ ਸਭ ਤੋਂ ਗਰਮ ਰਿਹਾ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਗਰਜ-ਚਮਕ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
Read Also : ਗੁਲਾਬ ਸਿੱਧੂ 'ਤੇ ਗੋਲੀਬਾਰੀ ਦਾ ਮਾਮਲਾ: ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫ਼ਤਾਰ
ਤਰਨਤਾਰਨ ਵਿੱਚ ਵੀ ਕੁਝ ਥਾਵਾਂ ’ਤੇ ਮੀਂਹ ਪੈਣ ਦੇ ਆਸਾਰ ਹਨ। ਇਸ ਤੋਂ ਇਲਾਵਾ ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਇੱਕ-ਦੋ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਦੀ ਵਾਪਸੀ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਦੀ ਵਾਪਸੀ ਦੀ ਰੇਖਾ ਇਸ ਸਮੇਂ ਗੁਰਦਾਸਪੁਰ ਅਤੇ ਚੰਡੀਗੜ੍ਹ ਤੋਂ ਹੋ ਕੇ ਲੰਘ ਰਹੀ ਹੈ। ਇਸ ਦਾ ਮਤਲਬ ਹੈ ਕਿ ਮਾਨਸੂਨ ਹੌਲੀ-ਹੌਲੀ ਪਿੱਛੇ ਹਟ ਰਿਹਾ ਹੈ। ਇਸੇ ਦੌਰਾਨ ਪੱਛਮੀ ਵਿਗਾੜ ਵੀ ਸਰਗਰਮ ਹੈ, ਜਿਸ ਦਾ ਅਸਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ’ਤੇ ਪੈ ਸਕਦਾ ਹੈ।