IMD Alert: ਸਫ਼ਰ 'ਤੇ ਨਿਕਲਣ ਤੋਂ ਪਹਿਲਾਂ ਜਾਣ ਲਓ ਮੌਸਮ ਦਾ ਹਾਲ, ਪੰਜਾਬ 'ਚ ਸੰਘਣੀ ਧੁੰਦ ਦਾ ਯੈਲੋ ਅਲਰਟ

ਪਠਾਨਕੋਟ ਵਿੱਚ ਸਭ ਤੋਂ ਘੱਟ 7.1 ਡਿਗਰੀ ਤਾਪਮਾਨ ਦਰਜ ਅਗਲੇ 5 ਦਿਨਾਂ ਵਿੱਚ ਰਾਤ ਦਾ ਪਾਰਾ 2 ਤੋਂ 3 ਡਿਗਰੀ ਤੱਕ ਹੋਰ ਡਿੱਗ ਸਕਦਾ ਹੈ

Ravinder Sharma Picture
Published On

ਚੰਡੀਗੜ੍ਹ (ਹਿੰ.ਸ.)। ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਲੱਗਾ ਹੈ ਅਤੇ ਸਵੇਰੇ ਤੇ ਰਾਤ ਦੇ ਸਮੇਂ ਠੰਢ ਦੇ ਨਾਲ ਧੁੰਦ ਦਾ ਅਸਰ ਵਧਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਵਿੱਚ ਅਗਲੇ 3 ਦਿਨਾਂ ਯਾਨੀ 27 ਨਵੰਬਰ ਤੱਕ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈ ਸਕਦੀ ਹੈ। ਇਸ ਨੂੰ ਦੇਖਦੇ ਹੋਏ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ ਅਤੇ ਰੂਪਨਗਰ ਵਿੱਚ ਅੱਜ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਵੇਰੇ ਅਤੇ ਦੇਰ ਰਾਤ ਹਲਕੀ ਤੋਂ ਦਰਮਿਆਨੀ ਧੁੰਦ ਵੀ ਦੇਖਣ ਨੂੰ ਮਿਲ ਸਕਦੀ ਹੈ।

ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਰਹਿਣ ਦਾ ਅਨੁਮਾਨ ਹੈ, ਹਾਲਾਂਕਿ 26 ਅਤੇ 27 ਨਵੰਬਰ ਨੂੰ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਵੀ ਸੰਘਣੀ ਧੁੰਦ ਪੈ ਸਕਦੀ ਹੈ। ਸੂਬੇ ਵਿੱਚ ਰਾਤ ਦੇ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਪੰਜਾਬ ਵਿੱਚ ਸਭ ਤੋਂ ਘੱਟ 7.1 ਡਿਗਰੀ ਤਾਪਮਾਨ ਪਠਾਨਕੋਟ ਵਿੱਚ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਉੱਤਰੀ ਹਵਾਵਾਂ ਦੇ ਪ੍ਰਭਾਵ ਕਾਰਨ ਰਾਤ ਦੀ ਠੰਢ ਹੋਰ ਵਧ ਸਕਦੀ ਹੈ। ਖ਼ਾਸ ਕਰਕੇ ਖੁੱਲ੍ਹੇ ਮੈਦਾਨੀ ਇਲਾਕਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਫਿਲਹਾਲ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਅਗਲੇ ਪੰਜ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਗਿਰਾਵਟ ਆ ਸਕਦੀ ਹੈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਹਾੜਾਂ ਵੱਲੋਂ ਠੰਢੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ, ਜਿਸ ਕਾਰਨ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆ ਰਹੀ ਹੈ ਅਤੇ ਤਾਪਮਾਨ 10 ਡਿਗਰੀ ਤੋਂ ਹੇਠਾਂ ਜਾਣ ਦੀ ਸੰਭਾਵਨਾ ਬਣ ਰਹੀ ਹੈ। ਹਾਲਾਂਕਿ ਇਸ ਵਾਰ ਅਲ ਨੀਨੋ ਦੇ ਪ੍ਰਭਾਵ ਨੂੰ ਵੀ ਮੌਸਮ ਦੇ ਬਦਲਾਅ ਨਾਲ ਜੋੜਿਆ ਜਾ ਰਿਹਾ ਹੈ, ਜਿਸ ਕਾਰਨ ਪੱਛਮੀ ਗੜਬੜੀਆਂ (ਵੈਸਟਰਨ ਡਿਸਟਰਬੈਂਸ) ਸਰਦੀਆਂ ਦੌਰਾਨ ਉਮੀਦ ਮੁਤਾਬਕ ਸਰਗਰਮ ਨਹੀਂ ਹੋ ਰਹੀਆਂ।

ਇਸੇ ਕਾਰਨ ਹੁਣ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਕੋਲਡ ਡੇ (ਸ਼ੀਤ ਦਿਵਸ) ਵਰਗੀ ਸਥਿਤੀ ਨਹੀਂ ਬਣੀ ਹੈ। ਹਾਲਾਂਕਿ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਮੌਸਮ ਵਿੱਚ ਬਦਲਾਅ ਦੇ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

Read Also : ਪੀੜ੍ਹੀ ਦਰ ਪੀੜ੍ਹੀ ਡੇਰਾ ਸੱਚਾ ਸੌਦਾ ਨਾਲ ਜੁੜ ਰਹੇ ਪਰਿਵਾਰ

Comments

Post Your Comment

About The Author

Related Posts