Haryana Government News: ਅਰੁਣ ਕੁਮਾਰ ਗੁਪਤਾ ਨੇ ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ ਵਜੋਂ ਚੁੱਕੀ ਸਹੁੰ

ਅਰੁਣ ਕੁਮਾਰ ਗੁਪਤਾ 1992 ਬੈਚ ਦੇ ਹਰਿਆਣਾ ਕੇਡਰ ਦੇ ਆਈਏਐਸ ਅਧਿਕਾਰੀ ਰਹੇ

Satinder Mathur  Picture
Published On

Haryana Government News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ (ਐਚਈਆਰਸੀ) ਨੂੰ ਨਵਾਂ ਚੇਅਰਮੈਨ ਮਿਲ ਗਿਆ ਹੈ। ਸਾਬਕਾ ਆਈਏਐਸ ਅਧਿਕਾਰੀ ਅਰੁਣ ਕੁਮਾਰ ਗੁਪਤਾ ਨੇ ਮੰਗਲਵਾਰ ਨੂੰ ਹਰਿਆਣਾ ਨਿਵਾਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦੇ ਅਤੇ ਭੇਦ ਗੁਪਤਤਾ ਦੀ ਸਹੁੰ ਚੁੱਕੀ। ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਸਹੁੰ ਚੁੱਕਣ ਤੋਂ ਬਾਅਦ ਅਰੁਣ ਕੁਮਾਰ ਗੁਪਤਾ ਨੇ ਕਿਹਾ ਕਿ ਉਹ ਕਮਿਸ਼ਨ ਦੇ ਚੇਅਰਮੈਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਨਿਭਾਉਣਗੇ।

ਇਹ ਵੀ ਪੜ੍ਹੋ: Heavy Rainfall Alert India: ਦੱਖਣੀ ਭਾਰਤ ਦੇ ਕਈ ਇਲਾਕਿਆਂ ’ਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਰੁਣ ਕੁਮਾਰ ਗੁਪਤਾ 1992 ਬੈਚ ਦੇ ਹਰਿਆਣਾ ਕੇਡਰ ਦੇ ਆਈਏਐਸ ਅਧਿਕਾਰੀ ਰਹੇ ਹਨ। ਉਹ ਬੀਤੇ ਮਹੀਨੇ ਹੀ ਸੇਵਾਮੁਕਤ ਹੋਏ ਹਨ। ਆਪਣੇ ਪ੍ਰਸ਼ਾਸਨਿਕ ਕਰੀਅਰ ਦੌਰਾਨ ਉਹ ਹਰਿਆਣਾ ਦੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਤੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਰਗੇ ਅਹਿਮ ਅਹੁਦਿਆਂ 'ਤੇ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਲ ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਸਕੱਤਰ ਅਤੇ ਸੂਬੇ ਦੇ ਊਰਜਾ ਨਿਗਮਾਂ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਕੰਮ ਕਰਨ ਦਾ ਤਜਰਬਾ ਵੀ ਹੈ। ਇਸ ਕਾਰਨ ਉਨ੍ਹਾਂ ਨੂੰ ਬਿਜਲੀ ਅਤੇ ਊਰਜਾ ਖੇਤਰ ਦੀ ਕਾਰਜਪ੍ਰਣਾਲੀ ਦੀ ਡੂੰਘੀ ਸਮਝ ਹੈ।

ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਸੂਬੇ ਦੇ ਬਿਜਲੀ ਖੇਤਰ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਯਕੀਨੀ ਬਣਾਉਣ ਦੇ ਨਾਲ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਉਂਦਾ ਹੈ। ਕਮਿਸ਼ਨ ਵੱਲੋਂ ਬਿਜਲੀ ਦੀਆਂ ਦਰਾਂ ਤੈਅ ਕਰਨ, ਬਿਜਲੀ ਸਪਲਾਈ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ, ਖਪਤਕਾਰਾਂ ਦੇ ਅਧਿਕਾਰਾਂ ਦੀ ਸੁਰੱਖਿਆ ਅਤੇ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤਾ ਜਾਂਦਾ ਹੈ। ਨਵੇਂ ਚੇਅਰਮੈਨ ਦੀ ਨਿਯੁਕਤੀ ਨਾਲ ਕਮਿਸ਼ਨ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਸੂਬੇ ਵਿੱਚ ਭਰੋਸੇਯੋਗ ਤੇ ਗੁਣਵੱਤਾਪੂਰਨ ਬਿਜਲੀ ਸੇਵਾਵਾਂ ਨੂੰ ਉਤਸ਼ਾਹਿਤ ਕਰਨ ਦੀ ਉਮੀਦ ਹੈ।

ਸਹੁੰ ਚੁੱਕ ਸਮਾਗਮ ਦੌਰਾਨ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਏ.ਕੇ. ਸਿੰਘ, ਡਾ. ਅਮਿਤ ਕੁਮਾਰ ਅਗਰਵਾਲ, ਊਰਜਾ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਆਸ਼ਿਮਾ ਬਰਾੜ, ਸੀ.ਜੀ. ਰਜਨੀਕਾਂਤਨ, ਐਚਵੀਪੀਐਨਐਲ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੂਚਨਾ, ਲੋਕ ਸੰਪਰਕ ਤੇ ਭਾਸ਼ਾ ਵਿਭਾਗ ਦੇ ਨਿਰਦੇਸ਼ਕ ਡਾ. ਆਦਿੱਤਿਆ ਦਹੀਆ ਸਮੇਤ ਊਰਜਾ ਵਿਭਾਗ ਦੇ ਵਿਸ਼ੇਸ਼ ਸਕੱਤਰ ਵਿਕਰਮ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Comments

Post Your Comment

About The Author

Related Posts