Haryana 60th Anniversary Development: 60 ਸਾਲਾਂ ’ਚ ਹਰਿਆਣਾ ਨੇ ਤਰੱਕੀ ਦਾ ਲੰਮਾ ਸਫ਼ਰ ਤੈਅ ਕੀਤਾ, ਹੁਣ ਦੇਸ਼ ਦਾ ਪਹਿਲਾ ਵਿਕਸਤ ਸੂਬਾ ਬਣਾਉਣ ਦਾ ਟੀਚਾ : ਸੈਣੀ
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕੁਰੂਕਸ਼ੇਤਰ .ਚ ਹਰਿਆਣਾ ਦਿਵਸ ਮੌਕੇ ਹੀਰਕ ਜੈਅੰਤੀ ਸਮਾਰੋਹ ਵਿੱਚ ਕੀਤੀ ਸ਼ਿਰਕਤ
Haryana 60th Anniversary Development: ਕੁਰੂਕਸ਼ੇਤਰ, (ਸੱਚ ਕਹੂੰ ਨਿਊਜ਼/ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਨੇ ਆਪਣੇ ਗਠਨ ਦੇ 60 ਸਾਲਾਂ ਵਿੱਚ ਤਰੱਕੀ ਦਾ ਲੰਮਾ ਸਫ਼ਰ ਤੈਅ ਕੀਤਾ ਹੈ ਅਤੇ ਹੁਣ ਸੂਬਾ ਸਰਕਾਰ ਨੇ ਇਸ ਨੂੰ ਦੇਸ਼ ਦਾ ਪਹਿਲਾ ਵਿਕਸਤ ਸੂਬਾ ਬਣਾਉਣ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਤ ਭਾਰਤ-2047 ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਹਰਿਆਣਾ ਮੋਹਰੀ ਭੂਮਿਕਾ ਨਿਭਾਏਗਾ।
ਮੁੱਖ ਮੰਤਰੀ ਐਤਵਾਰ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਵਿਖੇ ਹਰਿਆਣਾ ਦਿਵਸ ਮੌਕੇ ਕਰਵਾਏ ਗਏ ਹੀਰਕ ਜੈਅੰਤੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਸਮਾਰੋਹ ਵਿੱਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ: Tarn Taran Weapons Seizure: ਤਰਨਤਾਰਨ ’ਚ ਨਸ਼ੇ ਅਤੇ ਹਥਿਆਰਾਂ ਦੀਆਂ ਦੋ ਵੱਡੀਆਂ ਖੇਪਾਂ ਬਰਾਮਦ
ਮੁੱਖ ਮੰਤਰੀ ਨੇ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਓਡੀਸ਼ਾ ਦੇ ਮਯੂਰਭੰਜ ਜ਼ਿਲ੍ਹੇ ਦੇ ਛੋਟੇ ਜਿਹੇ ਪਿੰਡ ਉਪਰਬੇੜਾ ਤੋਂ ਦੇਸ਼ ਦੇ ਸਰਵਉੱਚ ਸੰਵਿਧਾਨਕ ਅਹੁਦੇ ਤੱਕ ਪਹੁੰਚਣ ਦਾ ਉਨ੍ਹਾਂ ਦਾ ਸਫ਼ਰ ਭਾਰਤੀ ਲੋਕਤੰਤਰ ਅਤੇ ਸੰਵਿਧਾਨ ਦੀ ਤਾਕਤ ਦਾ ਪ੍ਰਤੀਕ ਹੈ। ਉਨ੍ਹਾਂ ਦੀ ਪ੍ਰੇਰਨਾਦਾਇਕ ਯਾਤਰਾ ਦੇਸ਼ ਦੀਆਂ ਧੀਆਂ, ਗਰੀਬ ਪਰਿਵਾਰਾਂ ਅਤੇ ਆਦਿਵਾਸੀ ਸਮਾਜ ਲਈ ਉਮੀਦ ਅਤੇ ਆਤਮ-ਵਿਸ਼ਵਾਸ ਦਾ ਸਰੋਤ ਹੈ।
ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਸਿਰਫ਼ ਇੱਕ ਸ਼ਹਿਰ ਨਹੀਂ, ਸਗੋਂ ਭਾਰਤ ਦੀ ਅਧਿਆਤਮਿਕ ਅਤੇ ਸੱਭਿਆਚਾਰਕ ਚੇਤਨਾ ਦਾ ਕੇਂਦਰ ਹੈ। ਇਸੇ ਪਾਵਨ ਧਰਤੀ ਤੋਂ ਭਗਵਾਨ ਸ੍ਰੀ ਕ੍ਰਿਸ਼ਨ ਨੇ ਅਰਜੁਨ ਨੂੰ ਗੀਤਾ ਰਾਹੀਂ ਫਰਜ਼, ਸਾਹਸ ਅਤੇ ਲੋਕ ਭਲਾਈ ਦਾ ਸੰਦੇਸ਼ ਦਿੱਤਾ ਸੀ।
ਸੈਣੀ ਨੇ ਕਿਹਾ ਕਿ 1 ਨਵੰਬਰ, 1966 ਨੂੰ ਹਰਿਆਣਾ ਦਾ ਗਠਨ ਹੋਇਆ ਸੀ। ਉਸ ਸਮੇਂ ਸੂਬੇ ਨੂੰ ਪਛੜੇ ਖੇਤਰ ਵਜੋਂ ਦੇਖਿਆ ਜਾਂਦਾ ਸੀ, ਪਰ ਅੱਜ ਇਹ ਦੇਸ਼ ਦੇ ਮੋਹਰੀ ਅਤੇ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਸੂਬਿਆਂ ਵਿੱਚ ਸ਼ਾਮਲ ਹੈ। ਇਹ ਤਰੱਕੀ ਕਿਸਾਨਾਂ, ਮਜ਼ਦੂਰਾਂ, ਉਦਯੋਗਪਤੀਆਂ, ਵਪਾਰੀਆਂ, ਖਿਡਾਰੀਆਂ ਅਤੇ ਮਾਵਾਂ-ਭੈਣਾਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਪਛਾਣ ਮਿਹਨਤੀ ਕਿਸਾਨਾਂ, ਬਹਾਦਰ ਜਵਾਨਾਂ, ਪ੍ਰਤਿਭਾਸ਼ਾਲੀ ਖਿਡਾਰੀਆਂ ਅਤੇ ਸਸ਼ਕਤ ਨਾਰੀ ਤੋਂ ਹੈ। ਸੂਬੇ ਦੀਆਂ ਧੀਆਂ ਖੇਤਾਂ ਤੋਂ ਖੇਡ ਮੈਦਾਨਾਂ ਤੱਕ, ਫੌਜ ਤੋਂ ਸਟਾਰਟਅੱਪ ਤੱਕ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਸਾਬਤ ਕਰ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੇ ਦੇਸ਼ ਦੇ ਅੰਨ ਭੰਡਾਰ ਭਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ, ਜਦਕਿ ਪਸ਼ੂ ਪਾਲਕਾਂ ਨੇ ਦੁੱਧ ਉਤਪਾਦਨ ਵਿੱਚ ਸੂਬੇ ਦੀ ਵਿਸ਼ੇਸ਼ ਪਛਾਣ ਬਣਾਈ ਹੈ। ਹਰਿਆਣਾ ਦੇ ਜਵਾਨ ਸਰਹੱਦਾਂ ਦੀ ਰਾਖੀ ਕਰਦਿਆਂ ਹਮੇਸ਼ਾ ਬਹਾਦਰੀ ਅਤੇ ਕੁਰਬਾਨੀ ਦੀ ਮਿਸਾਲ ਪੇਸ਼ ਕਰਦੇ ਰਹੇ ਹਨ।
ਖੇਡਾਂ ਦੇ ਖੇਤਰ ਵਿੱਚ ਹਰਿਆਣਾ ਦੀ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਦੇ ਖਿਡਾਰੀਆਂ ਨੇ ਰਾਸ਼ਟਰਮੰਡਲ ਖੇਡਾਂ ਵਿੱਚ 11 ਅਤੇ ਏਸ਼ਿਆਈ ਖੇਡਾਂ ਵਿੱਚ 32 ਤਗਮੇ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜੀਡੀਪੀ ਵਿੱਚ ਹਰਿਆਣਾ ਦਾ ਯੋਗਦਾਨ ਲਗਭਗ 3.6 ਫ਼ੀਸਦੀ ਹੈ ਅਤੇ ਵੱਡੇ ਸੂਬਿਆਂ ਵਿੱਚ ਇਸ ਦੀ ਪ੍ਰਤੀ ਵਿਅਕਤੀ ਆਮਦਨ ਸਭ ਤੋਂ ਵੱਧ ਹੈ।
Comments