Punjab Police Recruitment News: ਪੰਜਾਬ ਪੁਲਿਸ ’ਚ ਜਲਦ 10 ਹਜ਼ਾਰ ਨਵੇਂ ਪੁਲਿਸ ਮੁਲਾਜ਼ਮ ਭਰਤੀ ਕੀਤੇ ਜਾਣਗੇ : ਮੁੱਖ ਮੰਤਰੀ ਭਗਵੰਤ ਮਾਨ
ਅਗਲੇ ਵਿੱਤੀ ਵਰ੍ਹੇ ਦੌਰਾਨ ਪੁਲਿਸ ਦੀਆਂ 10,000 ਹੋਰ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰਨ ਦੀ ਤਜਵੀਜ਼
Punjab Police Recruitment News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਪੁਲਿਸ ਦੀ ਨਫ਼ਰੀ ਵਧਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਗਲੇ ਵਿੱਤੀ ਵਰ੍ਹੇ ਦੌਰਾਨ ਪੁਲਿਸ ਦੀਆਂ 10,000 ਹੋਰ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰਨ ਦੀ ਤਜਵੀਜ਼ ਹੈ। ਇਸ ਤੋਂ ਇਲਾਵਾ 450 ਏਐਸਆਈਜ਼ ਦੀ ਸਿੱਧੀ ਭਰਤੀ ਕੀਤੀ ਜਾ ਰਹੀ ਹੈ ਅਤੇ ਕਰੀਬ 3,400 ਨਵੇਂ ਪੁਲਿਸ ਮੁਲਾਜ਼ਮ ਇਸ ਸਮੇਂ ਸਿਖਲਾਈ ਲੈ ਰਹੇ ਹਨ। 450 ਏਐਸਆਈਜ਼ ਦੀ ਸਿੱਧੀ ਭਰਤੀ ਨੂੰ ਸਰਕਾਰ ਨੇ ਸਤੰਬਰ ਵਿੱਚ ਮਨਜ਼ੂਰੀ ਦਿੱਤੀ ਸੀ।
ਫਿਲੌਰ ਸਥਿਤ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਵਿੱਚ ਕਰਵਾਈ ਗਈ ‘ਐਸਐਚਓਜ਼ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਲੋਕਾਂ ਦੀ ਭਾਗੀਦਾਰੀ ਨਾਲ ਅੱਗੇ ਵੱਧ ਰਹੀ ਹੈ। ਉਨ੍ਹਾਂ ਥਾਣਾ ਮੁਖੀਆਂ ਨੂੰ ਪਿੰਡਾਂ ਅਤੇ ਕਸਬਿਆਂ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰਨ ਅਤੇ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਮਿਲਣ ’ਤੇ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ।
ਇਹ ਵੀ ਪੜ੍ਹੋ: CBI Bank Fraud Case: ਬੈਂਕ ਧੋਖਾਧੜੀ ਮਾਮਲੇ ’ਚ ਸੀਬੀਆਈ ਨੇ ਮੁੰਬਈ ’ਚ ਕਈ ਥਾਵਾਂ 'ਤੇ ਕੀਤੀ ਛਾਪੇਮਾਰੀ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੁਲਿਸ ਨੂੰ ਆਧੁਨਿਕ ਸਹੂਲਤਾਂ ਅਤੇ ਤਕਨਾਲੋਜੀ ਨਾਲ ਲੈਸ ਕਰ ਰਹੀ ਹੈ। ਇਸ ਵਿੱਚ ਸੀਸੀਟੀਵੀ ਕੈਮਰੇ, ਐਂਟੀ-ਡਰੋਨ ਸਿਸਟਮ, ਆਧੁਨਿਕ ਵਾਹਨ ਅਤੇ ਏਆਈ ਆਧਾਰਿਤ ਨਿਗਰਾਨੀ ਪ੍ਰਣਾਲੀਆਂ ਸ਼ਾਮਲ ਹਨ। ਉਨ੍ਹਾਂ ਮੁਤਾਬਕ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਡਰੋਨਾਂ ਰਾਹੀਂ ਹੋ ਰਹੀ ਕਥਿਤ ਸਰਹੱਦ ਪਾਰ ਨਸ਼ਾ ਤਸਕਰੀ ਨਾਲ ਵੀ ਨਜਿੱਠਣਾ ਪੈ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਤਸਕਰਾਂ ਦੀ ਗ੍ਰਿਫ਼ਤਾਰੀ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵਿਦਿਅਕ ਅਦਾਰਿਆਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਅਤੇ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਇਲਾਜ ਤੇ ਮੁੜ-ਵਸੇਬੇ ਨਾਲ ਜੋੜਨ ’ਤੇ ਵੀ ਜ਼ੋਰ ਦਿੱਤਾ।
ਮੁੱਖ ਮੰਤਰੀ ਵੱਲੋਂ ਦਿੱਤੇ ਅੰਕੜਿਆਂ ਅਨੁਸਾਰ, ਪਿਛਲੇ ਸਾਢੇ ਚਾਰ ਸਾਲਾਂ ਵਿੱਚ ਐਨਡੀਪੀਐਸ ਐਕਟ ਤਹਿਤ 95,644 ਤੋਂ ਵੱਧ ਐਫਆਈਆਰ ਦਰਜ ਕੀਤੀਆਂ ਗਈਆਂ ਅਤੇ ਲਗਭਗ 1.28 ਲੱਖ ਗ੍ਰਿਫ਼ਤਾਰੀਆਂ ਹੋਈਆਂ। ਇਸ ਦੌਰਾਨ 7,265 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਨ ਅਤੇ ਨਸ਼ਾ ਤਸਕਰਾਂ ਦੀ ਕਰੀਬ 375 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਦਾ ਦਾਅਵਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪਿੰਡ ਸੁਰੱਖਿਆ ਕਮੇਟੀਆਂ ਵੱਲੋਂ ਮਿਲੀਆਂ 24,083 ਸੂਚਨਾਵਾਂ ਦੇ ਆਧਾਰ ’ਤੇ 4,843 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 6,515 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਦੀ ਭਲਾਈ ਨੂੰ ਵੀ ਸਰਕਾਰ ਦੀ ਤਰਜੀਹ ਦੱਸਦਿਆਂ ਛੁੱਟੀਆਂ ਅਤੇ ਪੈਨਸ਼ਨ ਨਾਲ ਸਬੰਧਤ ਬਕਾਇਆ ਮਾਮਲਿਆਂ ਦੇ ਨਿਪਟਾਰੇ ਸਮੇਤ ਹੋਰ ਕਦਮਾਂ ਦਾ ਜ਼ਿਕਰ ਕੀਤਾ। ਸਮਾਗਮ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀਜੀਪੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।