Punjab Women Scheme: ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਰਕਮ ਜਾਰੀ : ਮੰਤਰੀ ਬਲਜੀਤ ਕੌਰ
79 ਲੱਖ ਤੋਂ ਵੱਧ ਮਹਿਲਾਵਾਂ ਰਜਿਸਟਰ; ਜੁਲਾਈ ਤੋਂ ਸਤੰਬਰ ਤੱਕ 75.16 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਮਿਲੇ 2602.46 ਕਰੋੜ ਰੁਪਏ
Punjab Women Scheme: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਦੀ ਰਾਸ਼ੀ ਸਿੱਧੀ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਂਝੀ ਕੀਤੀ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਯੋਜਨਾ ਦੇ ਪਹਿਲੇ ਪੜਾਅ ਤਹਿਤ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਲਈ 75.16 ਲੱਖ ਤੋਂ ਵੱਧ ਮਹਿਲਾਵਾਂ ਨੂੰ 2602.46 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੀ ਗਈ। ਇਸ ਤੋਂ ਇਲਾਵਾ ਦੂਜੇ ਪੜਾਅ ਦੀ ਪਹਿਲੀ ਕਿਸ਼ਤ ਵਜੋਂ 32 ਲੱਖ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ਵਿੱਚ 1,118.93 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਮੰਤਰੀ ਨੇ ਕਿਹਾ ਕਿ ਯੋਜਨਾ ਅਧੀਨ ਹੁਣ ਤੱਕ 79 ਲੱਖ ਤੋਂ ਵੱਧ ਮਹਿਲਾਵਾਂ ਰਜਿਸਟਰ ਹੋ ਚੁੱਕੀਆਂ ਹਨ ਅਤੇ ਸਰਕਾਰ ਦਾ ਟੀਚਾ ਇੱਕ ਕਰੋੜ ਤੋਂ ਵੱਧ ਮਹਿਲਾਵਾਂ ਨੂੰ ਇਸ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਮੁਤਾਬਕ ਇਸ ਯੋਜਨਾ ਰਾਹੀਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇ ਨਾਲ-ਨਾਲ ਸਮਾਜਿਕ ਸੁਰੱਖਿਆ ਅਤੇ ਸਨਮਾਨ ਨਾਲ ਜੋੜਨ ਦਾ ਯਤਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Pilgrimage Tour Punjab: ਪਟਿਆਲਾ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਵਿਧਾਇਕ ਕੋਹਲੀ ਨੇ ਬੱਸ ਕੀਤੀ ਰਵਾਨਾ
ਡਾ. ਬਲਜੀਤ ਕੌਰ ਨੇ ਦੱਸਿਆ ਕਿ ਯੋਜਨਾ ਲਈ ਪੰਜਾਬ ਸਰਕਾਰ ਵੱਲੋਂ ਹਰ ਸਾਲ ਕਰੀਬ 12,000 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਰਕਾਰ ਅਨੁਸਾਰ ਇਹ ਦੇਸ਼ ਦੀ ਪਹਿਲੀ ਵਿਲੱਖਣ ਯੋਜਨਾ ਹੈ, ਜਿਸ ਰਾਹੀਂ ਪੰਜਾਬ ਦੀਆਂ ਲਗਭਗ 97 ਫ਼ੀਸਦੀ ਮਹਿਲਾਵਾਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਗਿਆ ਹੈ। 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਇਸ ਸਕੀਮ ਅਧੀਨ ਲਾਭ ਲੈ ਸਕਦੀਆਂ ਹਨ। ਯੋਜਨਾ ਤਹਿਤ ਆਮ ਵਰਗ ਦੀਆਂ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਇਹ ਰਕਮ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸੂਬੇ ਦੀ ਹਰ ਯੋਗ ਮਹਿਲਾ ਨੂੰ ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਯੋਜਨਾ ਰਾਹੀਂ ਮਹਿਲਾਵਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਦੇ ਨਾਲ ਉਨ੍ਹਾਂ ਦੀ ਸਮਾਜਿਕ ਭਾਗੀਦਾਰੀ ਅਤੇ ਸਨਮਾਨ ਨੂੰ ਵੀ ਵਧਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ।