Punjab Government Compensation: ਆਵਾਰਾ ਕੁੱਤਿਆਂ ਦੇ ਹਮਲੇ 'ਚ ਜਾਨ ਗੁਆਉਣ ਵਾਲੇ 8 ਸਾਲਾ ਬੱਚੇ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਸਹਾਇਤਾ
ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈਟੀਓ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਕੇ ਸੌਂਪਿਆ ਸਹਾਇਤਾ ਰਾਸ਼ੀ ਦਾ ਚੈੱਕ
Punjab Government Compensation: ਅੰਮ੍ਰਿਤਸਰ,(ਸੱਚ ਕਹੂੰ ਨਿਊਜ਼/ਹਿੰ.ਸ.)। ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਜਲਾਲ ਵਿੱਚ ਆਵਾਰਾ ਕੁੱਤਿਆਂ ਦੇ ਹਮਲੇ ਕਾਰਨ ਜਾਨ ਗੁਆਉਣ ਵਾਲੇ 8 ਸਾਲਾ ਬੱਚੇ ਰਣਜੀਤ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ ਹੈ। ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈਟੀਓ ਅੱਜ ਪੀੜਤ ਪਰਿਵਾਰ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭੇਜੀ ਗਈ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਪਰਿਵਾਰ ਨੂੰ ਸੌਂਪਿਆ। ਜ਼ਿਕਰਯੋਗ ਹੈ ਕਿ ਪਿੰਡ ਜਲਾਲ ਵਿੱਚ ਆਵਾਰਾ ਕੁੱਤਿਆਂ ਦੇ ਹਮਲੇ ਦੌਰਾਨ 8 ਸਾਲਾ ਮਾਸੂਮ ਰਣਜੀਤ ਸਿੰਘ ਦੀ ਮੌਤ ਹੋ ਗਈ ਸੀ। ਇਸ ਦਰਦਨਾਕ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ: Khanna Malerkotla Fire: ਖੰਨਾ-ਮਾਲੇਰਕੋਟਲਾ ਵਿਚਕਾਰ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ, 4 ਟਰਾਲੀਆਂ ਵੀ ਸੜ ਕੇ ਸੁਆਹ
ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮਾਸੂਮ ਬੱਚੇ ਦੀ ਬੇਵਕਤੀ ਮੌਤ ਬੇਹੱਦ ਦੁਖਦਾਈ ਹੈ। ਇਸ ਘਾਟੇ ਦੀ ਪੂਰਤੀ ਕਿਸੇ ਵੀ ਤਰ੍ਹਾਂ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ। ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੱਚੇ ਦੀ ਮੌਤ ਕਾਰਨ ਪਰਿਵਾਰ ਨੂੰ ਜੋ ਦੁੱਖ ਪਹੁੰਚਿਆ ਹੈ, ਉਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ। ਇਸ ਮੌਕੇ ਉਨ੍ਹਾਂ ਪਰਮਾਤਮਾ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਦੁਖੀ ਪਰਿਵਾਰ ਨੂੰ ਇਸ ਔਖੇ ਸਮੇਂ ਵਿੱਚ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ।
Comments