Punjab
Kotkapura News: ਕੋਟਕਪੂਰਾ ’ਚ ਲੁੱਟ ਦੀ ਯੋਜਨਾ ਬਣਾ ਰਹੇ ਗਿਰੋਹ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ
ਤੇਜ਼ਧਾਰ ਹਥਿਆਰਾਂ ਸਮੇਤ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਚਾਰ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਦਰਜ ਹਨ 6 ਮਾਮਲੇ
(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਫਰੀਦਕੋਟ ਦੇ ਹਲਕਾ ਕੋਟਕਪੂਰਾ ਦੇ ਥਾਣਾ ਸਿਟੀ ਕੋਟਕਪੂਰਾ ਪੁਲਿਸ ਨੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਕਾਪਾ, ਇੱਕ ਕ੍ਰਿਪਾਨ, ਦੋ ਖੰਡੇ ਅਤੇ ਇੱਕ ਗਰਾਰੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੋਟਕਪੂਰਾ ਵਾਸੀ ਸੈਮੂਅਲ ਮਸੀਹ ਉਰਫ਼ ਬਿੱਲਾ, ਗੁਰਤੇਜ ਸਿੰਘ ਉਰਫ਼ ਅਰਸ਼, ਗੋਰਾ ਸਿੰਘ ਉਰਫ਼ ਗੋਲਡੀ, ਸੁਖਦੇਵ ਸਿੰਘ ਉਰਫ਼ ਗਿਆਨੀ ਅਤੇ ਹਰਮਿੰਦਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Faridkot Crime News: ਰੇਲਵੇ ਸਟੇਸ਼ਨਾਂ ’ਤੇ ਫਰੀਦਕੋਟ ਪੁਲਿਸ ਦਾ ਵਿਸ਼ੇਸ਼ ਚੈਕਿੰਗ ਆਪ੍ਰੇਸ਼ਨ
ਪੁਲਿਸ ਮੁਤਾਬਕ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਟੀ ਕੋਟਕਪੂਰਾ ਦੇ ਏਐੱਸਆਈ ਗੁਰਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਤਿਕੋਣੀ ਚੌਕ ਨੇੜੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਮੋਗਾ ਰੋਡ ’ਤੇ ਸਥਿਤ ਦਾਣਾ ਮੰਡੀ ਦੇ ਇੱਕ ਸੁੰਨਸਾਨ ਸਥਾਨ ’ਤੇ ਕੁਝ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਹਨ। ਸੂਚਨਾ ਮਿਲਣ ’ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਦਾਣਾ ਮੰਡੀ ਵਿੱਚ ਦੱਸੇ ਗਏ ਸਥਾਨ ’ਤੇ ਛਾਪੇਮਾਰੀ ਕੀਤੀ ਅਤੇ ਪੰਜਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਪੁਲਿਸ ਨੇ ਉਨ੍ਹਾਂ ਕੋਲੋਂ ਉਕਤ ਤੇਜ਼ਧਾਰ ਹਥਿਆਰ ਬਰਾਮਦ ਕੀਤੇ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਚਾਰ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਦਰਜ ਹਨ 6 ਮਾਮਲੇ
ਇਸ ਸਬੰਧੀ ਡੀਐੱਸਪੀ ਕੋਟਕਪੂਰਾ ਸੰਜੀਵ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ ਵਿੱਚੋਂ ਚਾਰ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਮਾਮਲਿਆਂ ਤਹਿਤ ਕੁੱਲ 6 ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪਿਛਲੇ ਸਮੇਂ ਵਿੱਚ ਕੀਤੀਆਂ ਗਈਆਂ ਸੰਭਾਵਿਤ ਵਾਰਦਾਤਾਂ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।