Baba Farid University: ਬਾਬਾ ਫਰੀਦ ਯੂਨੀਵਰਸਿਟੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਤੇ ਉਤਸ਼ਾਹ ਨਾਲ ਮਨਾਇਆ
ਬਾਬਾ ਫਰੀਦ ਯੂਨੀਵਰਸਿਟੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਤੇ ਉਤਸ਼ਾਹ ਨਾਲ ਮਨਾਇਆ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ, ਉਤਸ਼ਾਹ ਤੇ ਗੌਰਵ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਗਿਰੀਸ਼ ਸਾਹਨੀ ਨੇ ਯੂਨੀਵਰਸਿਟੀ ਪਰਿਸਰ ’ਚ ਕੌਮੀ ਝੰਡਾ ਲਹਿਰਾਇਆ, ਜਿਸ ਉਪਰੰਤ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ ਵੱਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਗਿਰੀਸ਼ ਸਾਹਨੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਆਜ਼ਾਦੀ ਸੈਨਾਨੀਆਂ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਅਣਗਿਣਤ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਹੋਈ ਹੈ ਤੇ ਇਸ ਦੀ ਮਹੱਤਤਾ ਨੂੰ ਸਮਝਦਿਆਂ ਹਰੇਕ ਨਾਗਰਿਕ ਨੂੰ ਦੇਸ਼ ਦੀ ਤਰੱਕੀ ਤੇ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਗਿਆਨ ਦੀ ਯੂਨੀਵਰਸਿਟੀ ਹੋਣ ਦੇ ਨਾਤੇ ਬਾਬਾ ਫਰੀਦ ਯੂਨੀਵਰਸਿਟੀ ਦੀ ਮੁੱਖ ਜ਼ਿੰਮੇਵਾਰੀ ਸਮਰੱਥ, ਸੰਵੇਦਨਸ਼ੀਲ ਤੇ ਮਰੀਜ਼-ਕੇਂਦਰਿਤ ਸਿਹਤ ਪੇਸ਼ੇਵਰ ਤਿਆਰ ਕਰਨਾ ਹੈ, ਜੋ ਦੇਸ਼ ਦੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ’ਚ ਅਹਿਮ ਯੋਗਦਾਨ ਪਾ ਸਕਣ।
ਡਾ. ਸਾਹਨੀ ਨੇ ਜਲਵਾਯੂ ਪਰਿਵਰਤਨ ਨੂੰ ਮਨੁੱਖਤਾ ਸਾਹਮਣੇ ਖੜ੍ਹੀ ਗੰਭੀਰ ਚੁਣੌਤੀ ਕਰਾਰ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਿਰਫ਼ ਸਰਕਾਰ ਜਾਂ ਕਿਸੇ ਇੱਕ ਸੰਸਥਾ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ, ਵੱਧ ਤੋਂ ਵੱਧ ਰੁੱਖ ਲਗਾਉਣ ਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰ ਵਿਹਾਰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦਾ ਅਸਲ ਅਰਥ ਸਿਰਫ਼ ਬਾਹਰੀ ਬੰਧਨਾਂ ਤੋਂ ਮੁਕਤੀ ਨਹੀਂ, ਸਗੋਂ ਆਪਣੇ ਅੰਦਰ ਜਾਗਰੂਕਤਾ, ਜ਼ਿੰਮੇਵਾਰੀ ਅਤੇ ਦੇਸ਼ ਪ੍ਰਤੀ ਫਰਜ਼ ਦੀ ਭਾਵਨਾ ਪੈਦਾ ਕਰਨਾ ਵੀ ਹੈ। ਜੇਕਰ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਏ ਤਾਂ ਇਹੀ ਦੇਸ਼ ਦੀ ਅਸਲ ਤਰੱਕੀ ਦਾ ਆਧਾਰ ਬਣੇਗਾ। Baba Farid University News
ਇਹ ਵੀ ਪੜ੍ਹੋ : Faridkot NREGA Workers: ਇੱਕ ਸਤੰਬਰ ਦੀ ਦਿੱਲੀ ਰੈਲੀ ਲਈ ਫਰੀਦਕੋਟ ਤੋਂ ਸੈਂਕੜੇ ਨਰੇਗਾ ਵਰਕਰ ਹੋਣਗੇ ਸ਼ਾਮਲ : ਕਾਮਰੇਡ ਗੋਰਾ ਸਿੰਘ ਪਿਪਲੀ
ਸਮਾਗਮ ਦੌਰਾਨ ਯੂਨੀਵਰਸਿਟੀ ਤੇ ਇਸ ਨਾਲ ਸਬੰਧਤ ਸੰਸਥਾਵਾਂ ਲਈ ਵਿਸ਼ੇਸ਼ ਸੇਵਾਵਾਂ ਨਿਭਾਉਣ ਵਾਲੇ ਫੈਕਲਟੀ ਤੇ ਸਟਾਫ ਮੈਂਬਰਾਂ ਨੂੰ ਪ੍ਰਸ਼ੰਸਾ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੀ ਮਿਹਨਤ, ਸਮਰਪਣ ਤੇ ਯੂਨੀਵਰਸਿਟੀ ਦੀ ਤਰੱਕੀ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਸਮਾਗਮ ਵਿੱਚ ਡਾ. ਦੀਪਕ ਜੇ. ਭੱਟੀ, ਡੀਨ ਕਾਲਜਜ਼, ਡਾ. ਰਾਜੀਵ ਸ਼ਰਮਾ, ਕੰਟਰੋਲਰ ਆਫ਼ ਐਗਜ਼ਾਮੀਨੇਸ਼ਨਜ਼, ਡਾ. ਰੋਹਿਤ ਚੋਪੜਾ, ਐਡੀਸ਼ਨਲ ਰਜਿਸਟਰਾਰ, ਡਾ. ਸੀਮਾ ਗਰੋਵਰ ਭੱਟੀ, ਪ੍ਰਿੰਸੀਪਲ, ਡਾ. ਅਮਰਬੀਰ ਸਿੰਘ ਬੋਪਾਰਾਏ, ਮੈਡੀਕਲ ਸੁਪਰਡੈਂਟ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਤੋਂ ਇਲਾਵਾ ਯੂਨੀਵਰਸਿਟੀ ਦੇ ਫੈਕਲਟੀ ਮੈਂਬਰ, ਅਧਿਕਾਰੀ, ਸਟਾਫ ਅਤੇ ਸਬੰਧਤ ਕਾਲਜਾਂ ਦੇ ਵਿਦਿਆਰਥੀ ਹਾਜ਼ਰ ਸਨ। ਸਮਾਗਮ ਦਾ ਸਮਾਪਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਸਾਂਝੀ ਵਚਨਬੱਧਤਾ ਦੇ ਸੰਦੇਸ਼ ਨਾਲ ਹੋਇਆ।