Truck Fire: ਸਰੀਏ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ
ਫਾਇਰ ਬ੍ਰਿਗੇਡ ਨੇ ਮੁਸਤੈਦੀ ਨਾਲ ਪਾਇਆ ਅੱਗ ’ਤੇ ਕਾਬੂ
Truck Fire: (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਮਾਲੇਰਕੋਟਲਾ ਟਰੱਕ ਯੂਨੀਅਨ ਨੇੜੇ ਬੀਤੀ ਰਾਤ ਸਰੀਏ ਨਾਲ ਭਰੇ ਇੱਕ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਅੱਗ ’ਤੇ ਕਾਬੂ ਪਾ ਲਿਆ ਅਤੇ ਵੱਡੇ ਨੁਕਸਾਨ ਨੂੰ ਟਾਲ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰ ਅਫ਼ਸਰ ਦਿਲਸਾਦ ਅਲੀ ਖਾਨ ਨੇ ਦੱਸਿਆ ਕਿ 26 ਸਤੰਬਰ ਦੀ ਰਾਤ ਕਰੀਬ 11:24 ਵਜੇ ਨਵਦੀਪ ਸਿੰਘ ਵੱਲੋਂ ਫਾਇਰ ਦਫ਼ਤਰ ਨੂੰ ਟਰੱਕ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਘਟਨਾ ਸਥਾਨ ਲਈ ਰਵਾਨਾ ਹੋਈ ਅਤੇ ਲਗਭਗ 5 ਤੋਂ 7 ਮਿੰਟਾਂ ਵਿੱਚ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: Moga News: ਮੋਗਾ ’ਚ ਕਰੰਟ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ
ਉਨ੍ਹਾਂ ਦੱਸਿਆ ਕਿ ਅੱਗ ਦੀਆਂ ਲਪਟਾਂ ਤੇਜ਼ ਹੋਣ ਕਾਰਨ ਟਰੱਕ ਦਾ ਅਗਲਾ ਹਿੱਸਾ ਕਾਫ਼ੀ ਪ੍ਰਭਾਵਿਤ ਹੋਇਆ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਸੂਝ-ਬੂਝ ਅਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਅੱਗ ਨੂੰ ਹੋਰ ਅੱਗੇ ਫੈਲਣ ਤੋਂ ਰੋਕਿਆ। ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਨੇੜੇ ਖੜ੍ਹੇ ਹੋਰ ਵਾਹਨਾਂ ਅਤੇ ਆਸ-ਪਾਸ ਦੀਆਂ ਦੁਕਾਨਾਂ ਨੂੰ ਸੰਭਾਵਿਤ ਨੁਕਸਾਨ ਤੋਂ ਬਚਾਇਆ ਜਾ ਸਕਿਆ। ਫਾਇਰ ਅਫ਼ਸਰ ਨੇ ਦੱਸਿਆ ਕਿ ਰਾਹਤ ਦੀ ਗੱਲ ਇਹ ਰਹੀ ਕਿ ਘਟਨਾ ਵਿੱਚ ਕਿਸੇ ਵੀ ਵਿਅਕਤੀ ਦੇ ਜਖਮੀ ਜਾਂ ਜਾਨੀ ਨੁਕਸਾਨ ਹੋਣ ਦੀ ਕੋਈ ਸੂਚਨਾ ਨਹੀਂ ਹੈ। ਟਰੱਕ ਮਾਲਕ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਗ ਕਾਰਨ ਕਰੀਬ 4 ਲੱਖ ਰੁਪਏ ਦੇ ਮਾਲੀ ਨੁਕਸਾਨ ਦਾ ਅਨੁਮਾਨ ਹੈ। ਸਥਾਨਕ ਲੋਕਾਂ ਅਤੇ ਟਰੱਕ ਯੂਨੀਅਨ ਦੇ ਮੈਂਬਰਾਂ ਵੱਲੋਂ ਫਾਇਰ ਬ੍ਰਿਗੇਡ ਟੀਮ ਦੀ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਸ਼ਲਾਘਾ ਕੀਤੀ ਗਈ।